ਉਪ ਮੰਡਲ ਮੈਜਿਸਟ੍ਰੇਟ, ਨਵਾਂਸ਼ਹਿਰ ਸ. ਜਗਦੀਸ਼ ਸਿੰਘ ਜੌਹਲ ਨੇ ਕੋਵਿਡ ਰੋਕੂ ਵੈਕਸੀਨ ਦੀ ਦੂਜੀ ਡੋਜ ਲਗਵਾਈ

ਕੋਵਿਡ ਰੋਕੂ ਟੀਕਾਕਰਨ ਨਾਲ ਕੋਰੋਨਾ ਮਹਾਂਮਾਰੀ 'ਤੇ ਜਿੱਤ ਯਕੀਨੀ : ਐੱਸ.ਡੀ.ਐੱਮ. ਜਗਦੀਸ਼ ਸਿੰਘ ਜੌਹਲ
ਨਵਾਂਸ਼ਹਿਰ, 30 ਜੁਲਾਈ 2021 : ਕੋਵਿਡ ਰੋਕੂ ਵੈਕਸੀਨ ਲਗਵਾਉਣ ਲਈ ਆਮ ਲੋਕਾਂ ਨੂੰ ਪ੍ਰੇਰਿਤ ਕਰਨ ਵਾਸਤੇ ਉਪ ਮੰਡਲ ਮੈਜਿਸਟ੍ਰੇਟ, ਨਵਾਂਸ਼ਹਿਰ ਸ. ਜਗਦੀਸ਼ ਸਿੰਘ ਜੌਹਲ ਨੇ ਅੱਜ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਊਸ਼ਾ ਕਿਰਨ ਅਤੇ ਬਲਾਕ ਨੋਡਲ ਅਫ਼ਸਰ ਡਾ. ਰਣਜੀਤ ਹਰੀਸ਼ ਦੀ ਨਿਗਰਾਨੀ ਹੇਠ ਕੋਵਿਡ ਰੋਕੂ ਵੈਕਸੀਨ ਦੀ ਦੂਜੀ ਡੋਜ ਲਗਵਾਈ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ, ਨਵਾਂਸ਼ਹਿਰ ਸ. ਜਗਦੀਸ਼ ਸਿੰਘ ਜੌਹਲ ਨੇ ਦੱਸਿਆ ਕਿ ਮਾਣਯੋਗ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਜੀ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਨੇ ਸਿਹਤ ਵਿਭਾਗ ਨਾਲ ਮਿਲ ਕੇ ਕੋਰੋਨਾ ਮਹਾਂਮਾਰੀ ਨੂੰ ਹਰਾ ਕੇ "ਮਿਸ਼ਨ ਫਤਿਹ" ਦੀ ਪ੍ਰਾਪਤੀ ਲਈ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ। ਐੱਸ.ਡੀ.ਐੱਮ. ਨਵਾਂਸ਼ਹਿਰ ਸ. ਜਗਦੀਸ਼ ਸਿੰਘ ਜੌਹਲ ਨੇ ਕਿਹਾ, "ਮੈਂ ਦੂਜਾ ਟੀਕਾ ਲਗਵਾਉਣ ਤੋਂ ਬਾਅਦ ਤੰਦਰੁਸਤ ਮਹਿਸੂਸ ਕਰ ਰਿਹਾ ਹਾਂ। ਆਓ ਆਪਾਂ ਸਾਰੇ ਇਹ ਯਕੀਨੀ ਬਣਾਈਏ ਕਿ ਹਰੇਕ ਯੋਗ ਵਿਅਕਤੀ ਇਹ ਟੀਕਾ ਲਗਵਾਏ''।  ਉਨ੍ਹਾਂ ਨੇ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਸਿਹਤਮੰਦ ਤੇ ਸੁਰੱਖਿਅਤ ਭਵਿੱਖ ਸਿਰਜਣ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ ਅਤੇ ਇਨ੍ਹਾਂ ਕੋਸ਼ਿਸ਼ਾਂ ਵਿੱਚ ਆਮ ਲੋਕਾਂ ਨੂੰ ਵੀ ਆਪਣਾ ਪੂਰਾ ਸਹਿਯੋਗ ਦੇਣਾ ਚਾਹੀਦਾ ਹੈ। ਅਸੀਂ ਕੋਵਿਡ ਰੋਕੂ ਟੀਕੇ ਤੇ ਸਾਵਧਾਨੀਆਂ ਦੀ ਸੁਹਿਰਦਤਾ ਨਾਲ ਪਾਲਣਾ ਕਰਕੇ ਕੋਰੋਨਾ ਮਹਾਂਮਾਰੀ ਉੱਤੇ ਜਿੱਤ ਯਕੀਨਨ ਪ੍ਰਾਪਤ ਕਰਕੇ ਰਹਾਂਗੇ। ਸ. ਜੌਹਲ ਨੇ ਅੱਗੇ ਕਿਹਾ ਕਿ ਹੁਣ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਵੈਕਸੀਨ ਲਗਵਾਉਣ ਲਈ ਯੋਗ ਹੈ। ਉਨ੍ਹਾਂ ਸਾਰਿਆਂ ਯੋਗ ਵਿਅਕਤੀਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਅਪੀਲ ਕੀਤੀ ਤਾਂ ਜੋ ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਟੀਕਾ ਲਗਵਾਉਣ ਨਾਲ ਸਰੀਰ 'ਤੇ ਕੋਈ ਮਾੜਾ ਅਸਰ ਨਹੀਂ ਪੈਂਦਾ, ਇਸ ਲਈ ਟੀਕਾਕਰਨ ਲਈ ਸਭ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰੋਂ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕੱਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰੱਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਲੋਕਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਲੱਛਣ ਦਿਸਣ 'ਤੇ ਤੁਰੰਤ ਟੈਸਟ ਕਰਵਾਉਣ ਅਤੇ ਨਾਲ ਹੀ ਕੋਵਿਡ ਰੋਕੂ ਟੀਕਾਕਰਨ ਵੀ ਜ਼ਰੂਰ ਕਰਵਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਏ.ਐੱਨ.ਐੱਮ. ਕਮਲਜੀਤ ਕੌਰ, ਹਰਜਿੰਦਰ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।