ਕੋਰੋਨਾ ਮਹਾਂਮਾਰੀ ਖਿਲਾਫ਼ ਸ਼ਹੀਦ ਭਗਤ ਸਿੰਘ ਨਗਰ ਦੀ ਸਫਲ ਕਹਾਣੀ ਨੂੰ ਹਰ ਕੋਈ ਰੱਖੇਗਾ ਯਾਦ-ਡਾ. ਸ਼ੇਨਾ ਅਗਰਵਾਲ
ਨਵਾਂਸ਼ਹਿਰ, 31 ਜੁਲਾਈ :- ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਵਿਚ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਪੰਜਾਬ ਸਰਕਾਰ ਦੇ 'ਮਿਸ਼ਨ ਫ਼ਤਿਹ' ਤਹਿਤ ਹੋਏ ਇਸ ਸਨਮਾਨ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਖਿਲਾਫ਼ ਸ਼ਹੀਦ ਭਗਤ ਸਿੰਘ ਨਗਰ ਦੀ ਸਫਲ ਕਹਾਣੀ ਨੂੰ ਹਰ ਕੋਈ ਯਾਦ ਰੱਖੇਗਾ। ਉਨਾਂ ਕਿਹਾ ਕਿ ਕੋਰੋਨਾ ਖਿਲਾਫ਼ ਜੰਗ ਵਿਚ ਜ਼ਿਲਾ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨਾਂ ਕੋਰੋਨਾ ਦੇ ਸ਼ੁਰੂਆਤੀ ਸਮੇਂ ਨੂੰ ਯਾਦ ਕਰਦਿਆਂ ਕਿਹਾ ਕਿ ਜ਼ਿਲੇ ਦੇ ਪਿੰਡ ਪਠਲਾਵਾ ਵਿਚ ਸੂਬੇ ਦਾ ਪਹਿਲਾ ਕੋਵਿਡ ਕੇਸ ਸਾਹਮਣੇ ਆਇਆ ਸੀ ਅਤੇ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਸਭਨਾਂ ਦੇ ਸਹਿਯੋਗ ਨਾਲ ਜਿਸ ਤਰਾਂ ਨਾਲ ਕੋਰੋਨਾ ਮਹਾਂਮਾਰੀ ਨੂੰ ਕੰਟਰੋਲ ਕੀਤਾ ਗਿਆ ਹੈ, ਉਹ ਬੇਹੱਦ ਸ਼ਲਾਘਾਯੋਗ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਨੇ ਇਸ ਔਖੀ ਘੜੀ ਵਿਚੋਂ ਸੂਬੇ ਨੂੰ ਬਾਹਰ ਕੱਢਣ ਵਿਚ ਅਹਿਮ ਭੂਮਿਕਾ ਨਿਭਾਈ ਹੈ। ਉਨਾਂ ਕਿਹਾ ਕਿ ਆਪਣੇ ਮਿਹਨਤੀ ਤੇ ਪ੍ਰਤੀਬੱਧ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਬਦੌਲਤ ਜ਼ਿਲਾ ਇਸ ਵੇਲੇ ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੇ ਟਾਕਰੇ ਲਈ ਪੂਰੀ ਤਰਾਂ ਤਿਆਰ ਹੈ।
ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਇਸ ਮੌਕੇ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਠੱਲਣ ਵਿਚ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੇ ਮਹੱਤਵਪੂਰਨ ਯੋਗਦਾਨ ਦਿੱਤਾ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ, ਸਿਹਤ ਅਤੇ ਪੁਲਿਸ ਵਿਭਾਗ ਵੱਲੋਂ ਬਿਹਤਰੀਨ ਆਪਸੀ ਤਾਲਮੇਲ ਨਾਲ ਕੋਵਿਡ-19 ਮਰੀਜ਼ਾਂ ਦੇ ਇਲਜ, ਟ੍ਰੇਸਿੰਗ, ਟੈਸਟਿੰਗ, ਹੋਮ ਆਈਸੋਲੇਸ਼ਨ, ਵੈਕਸੀਨੇਸ਼ਨ ਅਤੇ ਜਾਗਰੂਕਤਾ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਗਈ, ਜਿਸ ਨਾਲ ਕੋਰੋਨਾ ਵਾਇਰਸ ਦੀ ਚੇਨ ਤੋੜਨ ਵਿਚ ਸਫ਼ਲਤਾ ਹਾਸਲ ਹੋਈ ਹੈ। ਇਸ ਮੌਕੇ ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਅਤੇ ਸਹਾਇਕ ਕਮਿਸ਼ਨਰ ਅਨਿਲ ਗੁਪਤਾ ਤੋਂ ਇਲਾਵਾ ਸਨਮਾਨਿਤ ਹੋਣ ਵਾਲੇ ਸਮੂਹ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।