ਪੰਜਾਬ ਵੱਲੋਂ ਸਰਬੋਤਮ ਮੁਕਾਮ ਹਾਸਲ ਕਰਨਾ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ-ਚੇਅਰਮੈਨ ਪੱਲੀ ਝਿੱਕੀ
ਨਵਾਂਸ਼ਹਿਰ, 16 ਜੁਲਾਈ : - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਅੱਜ ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਵਰਚੂਅਲ ਢੰਗ ਰਾਹੀਂ ਅੱਜ ਸੂਬੇ ਦੇ 2527 ਨਵ-ਨਿਯੁਕਤ ਮਾਸਟਰ ਕਾਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡਣ ਦੀ ਰਸਮੀ ਤੌਰ 'ਤੇ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਨਾਂ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੁਹਾਲੀ ਰਾਹੀਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਐਡਵਾਂਸਡ ਸਿਖਲਾਈ ਦਾ ਵੀ ਆਗਾਜ਼ ਕੀਤਾ। ਇਸ ਵਰਚੂਅਲ ਸਮਾਗਮ ਨੂੰ ਸੂਬੇ ਭਰ ਵਿਚ ਕਰੀਬ 3 ਹਜ਼ਾਰ ਥਾਵਾਂ ਨਾਲ ਲਾਈਵ ਜੋੜਿਆ ਗਿਆ, ਜਿਥੇ ਅਧਿਆਪਕਾਂ ਅਤੇ ਸਬੰਧਤ ਇਲਾਕਿਆਂ ਦੇ ਮੋਹਤਬਰਾਂ ਵੱਲੋਂ ਇਸ ਸਮਾਗਮ ਵਿਚ ਆਨਲਾਈਨ ਸ਼ਿਰਕਤ ਕੀਤੀ ਗਈ। ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਨੇ ਇਸ ਮੌਕੇ ਨਵ-ਨਿਯੁਕਤ ਅਧਿਆਪਕਾਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਉਨਾ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਉਨਾਂ ਕਿਹਾ ਕਿ ਸਾਡੇ ਬੱਚੇ ਸਰਬੋਤਮ ਵਿੱਦਿਆ ਦੇ ਹੱਕਦਾਰ ਹਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਉਨਾਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਪੰਜਾਬ ਦੀ ਸਕੂਲ ਸਿੱਖਿਆ ਪ੍ਰਣਾਲੀ ਵੱਲੋਂ ਭਾਰਤ ਵਿਚ ਸਰਬੋਤਮ ਮੁਕਾਮ ਹਾਸਲ ਕਰਨਾ ਅਧਿਆਪਕਾਂ ਦੀ ਦਿਨ-ਰਾਤ ਕੀਤੀ ਮਿਹਨਤ ਦਾ ਨਤੀਜਾ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਇਸ ਮੌਕੇ ਕਿਹਾ ਕਿ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੁਹਾਲੀ ਵੱਲੋਂ ਤਿਆਰ ਨਿਵੇਕਲੇ ਸਿਖਲਾਈ ਮਾਡਿਊਲ ਰਾਹੀਂ ਹੁਣ ਸਰਕਾਰੀ ਸਕੂਲਾਂ ਦੇ ਅਧਿਆਪਕ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਯੋਗ ਹੋਣਗੇ, ਜਿਸ ਨਾਲ ਵਿਦਿਆਰਥੀਆਂ ਨੂੰ ਵੱਡਾ ਲਾਭ ਹੋਵੇਗਾ। ਇਸ ਮੌਕੇ ਨਵ-ਨਿਯੁਕਤ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਆਪਣੀ ਡਿਊਟੀ ਪੂਰੀ ਮਿਹਨਤ ਤੇ ਲਗਨ ਨਾਲ ਨਿਭਾਉਣਗੇ। ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ 40 ਸਕੂਲਾਂ ਵਿਚ ਇਸ ਸਬੰਧੀ ਵਰਚੂਅਲ ਸਮਾਗਮ ਕਰਵਾਏ ਗਏ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਏ ਜ਼ਿਲਾ ਪੱਧਰੀ ਸਮਾਗਮ ਵਿਚ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ ਅਨਿਲ ਗੁਪਤਾ, ਜ਼ਿਲਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਅਮਰੀਕ ਸਿੰਘ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਡਾ. ਸੁਰਿੰਦਰ ਪਾਲ ਅਗਨੀਹੋਤਰੀ, ਹੈੱਡਮਾਸਟਰ ਨਵੀਨ ਗੁਲਾਟੀ, ਵਿਨੈ ਕੁਮਾਰ, ਗੁਰਦਿਆਲ ਮਾਨ ਤੇ ਹੋਰਨਾਂ ਅਧਿਕਾਰੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲੇ ਦੇ 6 ਨਵ-ਨਿਯੁਕਤ ਮਾਸਟਰ ਕਾਡਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ।
ਕੈਪਸ਼ਨ :- ਨਵ-ਨਿਯੁਕਤ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ। ਨਾਲ ਹਨ ਸਹਾਇਕ ਕਮਿਸ਼ਨਰ ਅਨਿਲ ਗੁਪਤਾ, ਜ਼ਿਲਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ ਤੇ ਹੋਰ।