ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਦੌਰਾਨ ਵੱਖ-ਵੱਖ ਦਿਸ਼ਾ-ਨਿਰਦੇਸ਼ ਕੀਤੇ ਜਾਰੀ
ਨਵਾਂਸ਼ਹਿਰ, 14 ਜੁਲਾਈ : - ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਉਨਾਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਵੱਖ-ਵੱਖ ਵਿਸ਼ਿਆਂ ਸਬੰਧੀ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਜਿਹੜੇ ਬੱਚੇ ਆਪਣੇ ਮਾਪਿਆਂ ਤੋਂ ਮਹਿਰੂਮ ਹੋ ਗਏ ਹਨ, ਉਨਾਂ ਦਾ ਵਧੀਆ ਢੰਗ ਨਾਲ ਪਾਲਣ-ਪੋਸ਼ਣ ਅਤੇ ਪੜਾਈ ਯਕੀਨੀ ਬਣਾਈ ਜਾਵੇਗੀ। ਉਨਾਂ ਕਿਹਾ ਕਿ ਅਜਿਹੇ ਬੱਚਿਆਂ ਨੂੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਮਾਲੀ ਮਦਦ ਮੁਹੱਈਆ ਕਰਵਾਈ ਜਾਵੇਗੀ। ਉਨਾਂ ਆਦੇਸ਼ ਦਿੱਤੇ ਕਿ ਅਜਿਹੇ ਬੱਚਿਆਂ ਦੀ ਪਹਿਚਾਣ ਕਰਕੇ ਉਨਾਂ ਦਾ ਡਾਟਾ ਤਿਆਰ ਕੀਤਾ ਜਾਵੇ, ਤਾਂ ਜੋ ਉਨਾਂ ਨੂੰ ਬਣਦੇ ਲਾਭ ਦਿੱਤੇ ਜਾ ਸਕਣ। ਉਨਾਂ ਕਿਹਾ ਕਿ ਅਜਿਹੇ ਬੱਚਿਆਂ ਨੂੰ ਗੈਰ-ਕਾਨੂੰਨੀ ਤੌਰ 'ਤੇ ਗੋਦ ਲੈਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਿਹੜੇ ਸਕੂਲ ਵਿਚ ਪਹਿਲਾਂ ਤੋਂ ਬੱਚਾ ਪੜ ਰਿਹਾ ਹੈ, ਉਸ ਦੀ ਉਸੇ ਸਕੂਲ ਵਿਚ ਪੜਾਈ ਜਾਰੀ ਰਹੇ। ਉਨਾਂ ਕਿਹਾ ਕਿ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਇਸ ਸਬੰਧੀ ਵੱਡੀ ਪੱਧਰ 'ਤੇ ਪ੍ਰਚਾਰ ਮੁਹਿੰਮ ਜਾਵੇਗੀ, ਤਾਂ ਜੋ ਅਜਿਹਾ ਕੋਈ ਵੀ ਬੱਚਾ ਲਾਭ ਤੋਂ ਵਾਂਝਾ ਨਾ ਰਹੇ। ਉਨਾਂ ਕਿਹਾ ਕਿ ਅਜਿਹੇ ਕਿਸੇ ਵੀ ਬੱਚੇ ਸਬੰਧੀ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਜਾਂ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਉਨਾਂ ਸਰਕਾਰੀ ਗਊਸ਼ਾਲਾ ਦੀ ਬਿਹਤਰੀ ਲਈ ਵੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਉਨਾਂ ਸਖੀ ਵੱਨ ਸਟਾਪ ਸੈਂਟਰ ਸਬੰਧੀ ਮੁਸ਼ਕਲਾਂ ਦੇ ਫੌਰਨ ਹੱਲ ਲਈ ਹਦਾਇਤਾਂ ਜਾਰੀ ਕੀਤੀਆਂ। ਇਸੇ ਤਰਾਂ ਉਨਾਂ ਜ਼ਿਲਾ ਕਚਹਿਰੀਆਂ ਵਿਚ ਫਾਗਿੰਗ ਕਰਵਾਉਣ ਦੇ ਵੀ ਆਦੇਸ਼ ਦਿੱਤੇ। ਉਨਾਂ ਪੁਲਿਸ ਵਿਭਾਗ ਨੂੰ ਮਹਿਲਾਵਾਂ ਨਾਲ ਸਬੰਧਤ ਜ਼ੁਰਮਾਂ ਦੇ ਕੇਸਾਂ ਸਬੰਧੀ ਪਹਿਲ ਦੇ ਆਧਾਰ 'ਤੇ ਕਾਰਵਾਈ ਕਰਨ ਦੀ ਹਦਾਇਤ ਕੀਤੀ ਅਤੇ ਟ੍ਰੈਫਿਕ ਨਾਲ ਸਬੰਧਤ ਚਲਾਨਾਂ ਦੇ ਕੇਸ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕੋਲ ਭੇਜਣ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹਰੇਕ ਲੋੜਵੰਦ ਵਿਅਕਤੀ ਜਾਂ ਔਰਤ ਨੂੰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਮੁਫ਼ਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਸੇ ਤਰਾਂ ਵਿਚੋਲਗੀ ਸੈਂਟਰ ਵਿਚ ਪਾਰਟੀਆਂ ਦਾ ਸਮਝੌਤਾ ਕਰਵਾਇਆ ਜਾਂਦਾ ਹੈ।
ਉਨਾਂ ਦੱਸਿਆ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ 11 ਸਤੰਬਰ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ, ਜਿਸ ਵਿਚ ਅਦਾਲਤੀ ਅਤੇ ਪ੍ਰੀ-ਲਿਟੀਗੇਟਿਵ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨਾਂ ਕਿਹਾ ਕਿ ਇਸ ਲੋਕ ਅਦਾਲਤ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ।
ਇਸ ਮੌਕੇ ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਨੇ ਅਥਾਰਟੀ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਰਣਧੀਰ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਜ), ਸੀ. ਜੇ. ਐਮ ਜਗਬੀਰ ਸਿੰਘ ਮਹਿੰਦੀਰੱਤਾ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ. ਪੀ (ਜਾਂਚ) ਵਜੀਰ ਸਿੰਘ ਖਹਿਰਾ, ਜ਼ਿਲਾ ਅਟਾਰਨੀ ਸਤਨਾਮ ਸਿੰਘ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਪਾਲ ਸਿੰਘ ਕਾਹਲੋਂ ਹਾਜ਼ਰ ਸਨ।
ਕੈਪਸ਼ਨ :- ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ। ਨਾਲ ਹਨ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਰਣਧੀਰ ਵਰਮਾ, ਸੀ. ਜੇ. ਐਮ ਹਰਪ੍ਰੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਤੇ ਹੋਰ।