ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਤਿਆਰੀਆਂ ਸ਼ੁਰੂ

-ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਹਾੜੇ ਦੀਆਂ ਤਿਆਰੀਆਂ ਲਈ ਵੱਖ-ਵੱਖ ਵਿਭਾਗਾਂ ਨੂੰ ਕੀਤੀਆਂ ਹਦਾਇਤਾਂ ਜਾਰੀ
ਪਟਿਆਲਾ, 27 ਜੁਲਾਈ :
ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਜਾ ਸਿਆਲ ਗਰੇਵਾਲ ਨੇ 15 ਅਗਸਤ ਨੂੰ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਨੂੰ ਪੂਰੇ ਉਤਸ਼ਾਹ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆ ਹਦਾਇਤ ਕੀਤੀ ਕਿ ਪਟਿਆਲਾ ਦੇ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਹੋਣ ਵਾਲੇ ਸਮਾਗਮ ਲਈ ਸਮੁੱਚੇ ਪ੍ਰਬੰਧ ਸੁਚਾਰੂ ਅਤੇ ਖੂਬਸੂਰਤ ਢੰਗ ਨਾਲ ਸਮੇਂ ਸਿਰ ਨੇਪਰੇ ਚੜ੍ਹਾ ਲਏ ਜਾਣ।
ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਮੌਕੇ ਪੁਲਿਸ, ਆਈ.ਆਰ.ਬੀ., ਐਨ.ਸੀ.ਸੀ., ਸਕਾਊਟਸ ਤੇ ਗਾਇਡਜ ਦੀ ਪਰੇਡ ਸਮੇਤ ਵੱਖ-ਵੱਖ ਵਿਭਾਗਾਂ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਅਤੇ ਮੁਟਿਆਰਾ ਵੱਲੋਂ ਗਿੱਧਾ ਤੇ ਨੌਜਵਾਨਾਂ ਵੱਲੋਂ ਭੰਗੜਾ ਵੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਲਈ ਰਿਹਰਸਲਾਂ ਮਹਾਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਸ਼ੁਰੂ ਕੀਤੀ ਜਾਣ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ 'ਚ ਸ਼ਾਮਲ ਹੋਣ ਸਮੇਂ ਸਰਕਾਰ ਵੱਲੋਂ ਕੋਵਿਡ ਸਬੰਧੀ ਜਾਰੀ ਹਦਾਇਤਾ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਮੀਟਿੰਗ ਦੌਰਾਨ ਅਸਿਸਟੈਂਟ ਕਮਿਸ਼ਨਰ (ਯੂ.ਟੀ) ਚੰਦਰ ਜੋਤੀ, ਐਸ.ਡੀ.ਐਮ. ਪਟਿਆਲਾ ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਜਸਲੀਨ ਕੌਰ, ਐਸ.ਪੀ. ਹਰਕਮਲ ਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।