ਜ਼ਿਲ੍ਹੇ ਵਿੱਚ 125 ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ 'ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆ ਦੀ ਕੀਤੀ ਜਾਵੇਗੀ ਭਰਤੀ-ਡੀ. ਸੀ

ਨਵਾਂਸ਼ਹਿਰ, 24 ਅਗਸਤ : ਰਾਜ ਵਿੱਚ ਪਟਵਾਰੀਆਂ ਦੀ ਘਾਟ ਨੂੰ ਮੁੱਖ ਰੱਖਦੇ ਹੋਏ ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ 'ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਨੂੰ ਠੇਕੇ 'ਤੇ ਭਰਤੀ ਕਰਨ ਦਾ ਫੈਸਲਾ ਲਿਆ ਗਿਆ ਹੈ। ਵਿੱਤ ਵਿਭਾਗ ਤੋਂ ਮਿਲੀ ਪ੍ਰਵਾਨਗੀ ਅਨੁਸਾਰ, ਇਹ ਭਰਤੀ ਮਿਤੀ 31.07:2022 ਜਾਂ ਇਹਨਾਂ ਅਸਾਮੀਆਂ 'ਤੇ ਰੈਗੂਲਰ ਭਰਤੀ ਹੋਣ, ਜੋ ਵੀ ਪਹਿਲਾਂ ਵਾਪਰੇ, ਤੱਕ ਹੋਵੇਗੀ। ਠੇਕੇ ਦੇ ਆਧਾਰ 'ਤੇ ਭਰੀਆਂ ਜਾਣ ਵਾਲੀਆਂ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਦੀ ਗਿਣਤੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ 125 ਹੈ। ਇਹ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਪੱਧਰ 'ਤੇ ਉਨ੍ਹਾਂ ਦੀ ਅਗਵਾਈ ਹੇਠ ਕਮੇਟੀ ਦਾ ਦਿਨ ਕੀਤਾ ਗਿਆ ਹੈ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ), ਐਸ.ਡੀ.ਐਮ ਅਤੇ ਜਿਲ੍ਹਾ ਮਾਲ ਅਫਸਰ ਮੈਂਬਰ ਹਨ। ਉਨ੍ਹਾਂ ਦੱਸਿਆ ਕਿ ਯੋਗ ਬਿਨੈਕਾਰਾਂ ਤੋਂ ਅਰਜ਼ੀਆਂ ਪ੍ਰਾਪਤ ਕਰਕੇ ਜਿ਼ਲ੍ਹਾ ਪੱਧਰ `ਤੇ ਠੇਕੇ ਦੇ ਆਧਾਰ 'ਤੇ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਵਿਰੁੱਧ ਰਿਟਾਇਰਡ ਪਟਵਾਰੀਆਂ ਤੇ ਕਾਨੂੰਗੋਆਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਠੇਕੇ ਦੇ ਆਧਾਰ 'ਤੇ ਭਰਤੀ ਹੋਣ ਵਾਲੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆਂ ਨੂੰ 25 ਹਜ਼ਾਰ ਰੁਪਏ ਪ੍ਰਤੀ ਮਹੀਨਾ ਫਿਕਸ ਤਨਖਾਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਿਟਾਇਰਡ ਪਟਵਾਰੀਆਂ ਤੇ ਕਾਨੂੰਗੋਆਂ ਦੀ ਉਮਰ 64 ਸਾਲ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ ਅਤੇ ਬਿਨੈਕਰਤਾ  ਵਿਰੁੱਧ ਕੋਈ ਅਪਰਾਧਿਕ ਕੇਸ ਜਾਂ ਵਿਭਾਗ ਪੜਤਾਲ ਨਾ ਚੱਲੀ ਹੋਵੇ ਅਤੇ ਉਸਦੇ ਸੇਵਾ ਰਿਕਾਰਡ ਸਾਫ ਸੁਥਰਾ ਹੋਣਾ ਚਾਹੀਦਾ ਹੈ।