ਨਵਾਂਸ਼ਹਿਰ, 18 ਅਗਸਤ : ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ 'ਤੇ ਬਿਨਾਂ ਮਾਸਕ ਘੁੰਮਣ ਵਾਲੇ 260 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 9 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਘਾਤਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ। ਉਨਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਦੇ ਇੰਚਾਰਜ ਹੁਸਨ ਲਾਲ ਅਤੇ ਥਾਣਿਆਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।