ਸਰਕਾਰੀ ਮੈਡੀਕਲ ਕਾਲਜਾਂ ਵਿਚ ਸੁਪਰ ਸਪੈਸ਼ਲਿਟੀ ਡਾਕਟਰਾਂ ਦੀਆਂ ਤਰੱਕੀ ਕੋਟੇ ਦੀਆਂ 80 ਖਾਲੀ ਅਸਾਮੀਆਂ ਸਿੱਧੇ ਕੋਟੇ ਰਾਹੀਂ ਭਰੀਆਂ ਜਾਣਗੀਆਂ-ਸੋਨੀ

ਅੰਮ੍ਰਿਤਸਰ, 22 ਅਗਸਤ :---ਕੋਵਿਡ ਮਹਾਂਮਾਰੀ ਖਿਲਾਫ ਸੂਬਾ ਸਰਕਾਰ ਵੱਲੋਂ ਲੜੀ ਜਾ ਰਹੀ ਜੰਗ ਨੂੰ ਹੋਰ ਤਕੜਾ ਕਰਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਤੇ ਪਟਿਆਲਾ ਵਿਖੇ ਸੁਪਰ ਸਪੈਸ਼ਲਿਟੀ ਡਾਕਟਰਾਂ ਦੀਆਂ ਤਰੱਕੀ ਕੋਟੇ ਦੀਆਂ 80 ਖਾਲੀ ਅਸਾਮੀਆਂ ਨੂੰ ਸਿੱਧੀ ਭਰਤੀ ਦੇ ਕੋਟੇ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਹ ਪ੍ਰਗਟਾਵਾ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਨੇ ਵਾਰਡ ਨੰਬਰ 50 ਦੇ ਗੁਦਾਮ ਮੁਹੱਲੇ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਭਗਵਾਨ ਵਾਲਮੀਕ ਧਰਮਸ਼ਾਲਾ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ। ਇਸ ਮੌਕੇ ਉਨਾਂ ਨਾਲ ਕੌਂਸਲਰ ਸ੍ਰੀ ਵਿਕਾਸ ਸੋਨੀ, ਕੌਂਸਲਰ ਰਾਜਬੀਰ ਕੌਰ, ਸ੍ਰੀ ਵਿਮਲ ਪ੍ਰਧਾਨ, ਸ੍ਰੀ ਤੋਸ਼ਾ ਪਹਿਲਵਾਨ, ਸ੍ਰੀ ਰਿੰਕੂੰ ਪਹਿਲਵਾਨ, ਮਨਜੀਤ ਸਿੰਘ ਬੌਬੀ ਤੇ ਹੋਰ ਪਤਵੰਤੇ ਵੀ ਹਾਜਰ ਸਨ। ਸ੍ਰੀ ਸੋਨੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਜਿਸ ਤਹਿਤ ਇਨ੍ਹਾਂ ਕਾਲਜਾਂ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਪਈਆਂ ਅਜਿਹੀਆਂ 80 ਅਸਾਮੀਆਂ ਨੂੰ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਉਨਾਂ ਦੱਸਿਆ ਕਿ ਇਹ ਫੈਸਲਾ ਕੋਵਿਡ-19 ਮਹਾਂਮਾਰੀ ਦੀ ਤੀਜੀ ਲਹਿਰ ਦੀ ਸੰਭਾਵਨਾ ਨਾਲ ਪ੍ਰਭਾਵਸ਼ਾਲੀ ਤਰੀਕੇ ਨਾਲ ਨਜਿੱਠਣ ਤੋਂ ਇਲਾਵਾ ਲੋਕਾਂ ਨੂੰ ਹੋਰ ਸੁਪਰ ਸਪੈਸ਼ਲਿਟੀ ਸਿਹਤ ਸੇਵਾਵਾਂ ਦੇਣ ਵਿੱਚ ਕਾਰਗਾਰ ਸਾਬਤ ਹੋਵੇਗਾ।