ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਦੀ ਵਿੱਤ ਮੰਤਰੀ ਨਾਲ ਮੁਲਾਕਾਤ

ਨਵਾਂਸ਼ਹਿਰ, 26 ਅਗਸਤ : (ਵਿਸ਼ੇਸ਼ ਬਿਊਰੋ) ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ਸਦਕਾ ਅੱਜ ਪੰਜਾਬ-ਯੂ. ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਦੀ ਆਪਣੀਆਂ ਮੰਗਾਂ ਸਬੰਧੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਮੁਲਾਕਾਤ ਹੋਈ। ਬਹੁਤ ਹੀ ਸਾਜ਼ਗਾਰ ਮਾਹੌਲ ਵਿਚ ਹੋਈ ਇਸ ਮੀਟਿੰਗ ਦੌਰਾਨ ਵਿਧਾਇਕ ਅੰਗਦ ਸਿੰਘ ਨੇ ਵਿੱਤ ਮੰਤਰੀ ਨੂੰ ਅਪੀਲ ਕੀਤੀ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ 'ਤੇ ਸੰਜੀਦਗੀ ਨਾਲ ਗੌਰ ਕਰਕੇ ਇਨਾਂ ਨੂੰ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇ। ਇਸ ਮੌਕੇ ਆਗੂਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਵਿੱਤ ਮੰਤਰੀ ਨਾਲ ਵਿਸਥਾਰ ਵਿਚ ਚਰਚਾ ਕੀਤੀ ਗਈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਆਗੂਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਇਨਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਯਤਨ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਿੱਤਾਂ ਦੀ ਰਾਖੀ ਅਤੇ ਉਨਾਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ। ਫਰੰਟ ਦੇ ਆਗੂਆਂ ਵੱਲੋਂ ਇਸ ਪਹਿਲਕਦਮੀ ਲਈ ਵਿਧਾਇਕ ਅੰਗਦ ਸਿੰਘ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਫਰੰਟ ਦੇ ਜ਼ਿਲਾ ਕਨਵੀਨਰ ਰਾਮ ਲੁਭਾਇਆ ਤੇ ਅਜੀਤ ਸਿੰਘ ਬਰਨਾਲਾ, ਸਰਕਾਰੀ ਟੀਚਰ ਯੂਨੀਅਨ ਦੇ ਜਨਰਲ ਸਕੱਤਰ ਕੁਲਦੀਪ ਸਿੰਘ ਦੌੜਕਾ, ਫੀਲਡ ਐਂਡ ਵਰਕ ਯੂਨੀਅਨ ਦੇ ਸੁਰਿੰਦਰ ਪਾਲ ਅਤੇ ਹੋਰ ਆਗੂ ਹਾਜ਼ਰ ਸਨ।  
ਕੈਪਸ਼ਨ :- ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮੁਲਾਕਾਤ ਕਰਦੇ ਹੋਏ ਪੰਜਾਬ-ਯੂ. ਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂ, ਨਾਲ ਦਿਖਾਈ ਦੇ ਰਹੇ ਹਨ ਵਿਧਾਇਕ ਅੰਗਦ ਸਿੰਘ ।