*ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਬੈਂਕਾਂ ਦੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ
ਨਵਾਂਸ਼ਹਿਰ, 19 ਅਗਸਤ : ਜ਼ਿਲਾ ਬੈਂਕ ਸਲਾਹਕਾਰ ਕਮੇਟੀ ਦੀ ਮੀਟਿੰਗ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ। ਡਾ. ਅਗਰਵਾਲ ਨੇ ਇਸ ਦੌਰਾਨ ਜ਼ਿਲੇ ਦੀਆਂ ਸਾਰੀਆਂ ਬੈਂਕਾਂ ਨੂੰ ਹਦਾਇਤ ਕੀਤੀ ਕਿ ਉਹ ਮਿੱਥੇ ਟੀਚਿਆਂ ਨੂੰ ਪੂਰਾ ਕਰਨ ਲਈ ਪੂਰੀ ਜਿੰਮੇਵਾਰੀ ਨਾਲ ਕੰਮ ਕਰਨ। ਉਨਾਂ ਬੈਂਕਾਂ ਨੂੰ ਕਿਹਾ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਸਕੀਮਾਂ ਬਾਰੇ ਜਾਗਰੂਕ ਕਰਕੇ ਵੱਧ ਤੋਂ ਵੱਧ ਲੋਕਾਂ ਨੂੰ ਇਨਾਂ ਨਾਲ ਜੋੜਨ ਲਈ ਹੰਭਲਾ ਮਾਰਨ। ਉਨਾਂ ਕਿਹਾ ਕਿ ਬੈਂਕਾਂ ਨੂੰ ਲੋੜਵੰਦਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਸਹਾਇਕ ਬਣ ਕੇ ਉਨਾਂ ਦਾ ਜੀਵਨ ਪੱਧਰ ਉੱਚਾ ਕਰਨ ਵਿਚ ਮਦਦ ਕਰਨੀ ਚਾਹੀਦੀ ਹੈ। ਉਨਾਂ ਬੈਂਕਾਂ ਨੂੰ ਕਿਹਾ ਕਿ ਉਹ ਸਵੈ-ਸਹਾਈ ਗਰੁੱਪਾਂ ਦੀ ਸਹਾਇਤਾ ਕਰਕੇ ਉਨਾਂ ਨੂੰ ਪ੍ਰਫੁੱਲਿਤ ਕਰਨ ਵਿਚ ਆਪਣਾ ਯੋਗਦਾਨ ਦੇਣ। ਉਨਾਂ ਹਦਾਇਤ ਕੀਤੀ ਕਿ ਸਵੈ-ਰੁਜ਼ਗਾਰ ਸਕੀਮਾਂ ਅਧੀਨ ਬੈਂਕਾਂ ਵਿਚ ਆਏ ਕੇਸਾਂ ਨੂੰ ਜਲਦ ਤੋਂ ਜਲਦ ਨਿਪਟਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਬੇਰੁਜ਼ਗਾਰ ਨੌਜਵਾਨ ਬੈਂਕਾਂ ਤੋਂ ਛੇਤੀ ਕਰਜ਼ੇ ਪ੍ਰਾਪਤ ਕਰਕੇ ਆਪਣੇ ਕਾਰੋਬਾਰ ਸ਼ੁਰੂ ਕਰ ਸਕਣ।
ਇਸ ਮੌਕੇ ਉਨਾਂ ਜ਼ਿਲੇ ਦੀਆਂ ਬੈਂਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ ਉਨਾਂ ਨੂੰ ਮਿੱਥੇ ਟੀਚੇ ਪੂਰੇ ਕਰਨ ਦੀ ਹਦਾਇਤ ਕੀਤੀ। ਉਨਾਂ ਇਸ ਦੌਰਾਨ ਜ਼ਿਲਾ ਕਰਜ਼ ਪਲਾਨ, ਮਿਸ਼ਨ ਫ਼ਤਿਹ ਜਾਗਰੂਕਤਾ ਮੁਹਿੰਮ, ਪ੍ਰਧਾਨ ਮੰਤਰੀ ਜਨ ਧਨ ਯੋਜਨਾ, ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ, ਅਟੱਲ ਪੈਨਸ਼ਨ ਯੋਜਨਾ, ਪ੍ਰਧਾਨ ਮੰਤਰੀ ਮੁਦਰਾ ਯੋਜਨਾ ਆਦਿ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਪੀ. ਐਨ. ਬੀ ਦੇ ਡਿਪਟੀ ਸਰਕਲ ਹੈੱਡ ਏ. ਕੇ ਸ਼ਰਮਾ, ਐਲ. ਡੀ. ਐਮ ਰਜਨੀਸ਼ ਕੁਮਾਰ ਸ਼ਰਮਾ, ਆਰ. ਬੀ. ਆਈ ਦੇ ਐਲ. ਡੀ. ਓ ਅਨੂਪ ਕੁਮਾਰ ਸ਼ਰਮਾ, ਡੀ. ਡੀ. ਐਮ ਨਾਬਾਰਡ ਵੀ. ਕੇ ਸਿੰਘ ਅਤੇ ਰਜਨੀਸ਼ ਕਾਂਤ ਤੋਂ ਇਲਾਵਾ ਜ਼ਿਲੇ ਦੀਆਂ ਸਮੂਹ ਬੈਂਕਾਂ ਦੇ ਡੀ. ਸੀ. ਓਜ਼ ਹਾਜ਼ਰ ਸਨ।