ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ : ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ

ਸਿਵਲ ਸਰਜਨ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ
ਨਵਾਂਸ਼ਹਿਰ, 3 ਅਗਸਤ 2021 (ਵਿਸ਼ੇਸ਼ ਪ੍ਰਤੀਨਿਧੀ) ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਅੱਜ ਜ਼ਿਲ੍ਹਾ ਹਸਪਤਾਲ਼, ਨਵਾਂਸ਼ਹਿਰ ਦਾ ਅਚਨਚੇਤ ਦੌਰਾ ਕੀਤਾ ਅਤੇ ਹਸਪਤਾਲ ਦੇ ਜੱਚਾ-ਬੱਚਾ ਵਾਰਡ, ਐਮਰਜੈਂਸੀ ਵਾਰਡ, ਓਟ ਸੈਂਟਰ ਅਤੇ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਵਿਖੇ ਆਮ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਗਰਭਵਤੀ ਔਰਤਾਂ ਅਤੇ ਨਵੀਆਂ ਮਾਵਾਂ ਸਮੇਤ ਹੋਰਨਾਂ ਮਰੀਜ਼ਾਂ ਦਾ ਹਾਲਚਾਲ ਵੀ ਪੁੱਛਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਰਕਾਰੀ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲਈ। ਉਨ੍ਹਾਂ ਨੇ ਹਸਪਤਾਲ ਦੇ ਸਾਰੇ ਕਮਰਿਆਂ ਅਤੇ ਬਾਥਰੂਮਾਂ ਸਮੇਤ ਹੋਰ ਮੈਡੀਕਲ ਸਾਜੋ-ਸਮਾਨ ਦੀ ਚੈਕਿੰਗ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਸੀਨੀਅਰ ਮੈਡੀਕਲ ਅਫਸਰ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਹਸਪਤਾਲ ਵਿਚ 24 ਘੰਟੇ ਐਮਰਜੈਂਸੀ ਸੇਵਾਵਾਂ, ਦਵਾਈਆਂ ਦੀ ਉਪਲੱਬਧਤਾ ਅਤੇ ਸਾਫ-ਸਫਾਈ ਦੇ ਪ੍ਰਬੰਧਾਂ ਦਾ ਖਾਸ ਤੌਰ ਉੱਤੇ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਕੋਈ ਵੀ ਮਰੀਜ਼ ਖੱਜਲ-ਖੁਆਰ ਨਹੀਂ ਹੋਣਾ ਚਾਹੀਦਾ। ਲੋਕਾਂ ਨੂੰ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹਸਪਤਾਲ ਵਿਚ ਜਣੇਪਾ ਕਰਵਾਉਣ ਲਈ ਗਰਭਵਤੀ ਔਰਤਾਂ ਨੂੰ ਪ੍ਰੇਰਿਤ ਕਰਨ ਦੇ ਨਾਲ-ਨਾਲ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਉਨ੍ਹਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ ਕੁਲਦੀਪ ਰਾਏ, ਸੀਨੀਅਰ ਮੈਡੀਕਲ ਅਫਸਰ ਡਾ ਮਨਦੀਪ ਕਮਲ, ਨਰਸਿੰਗ ਸਿਸਟਰ ਰਾਜ ਰਾਣੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।