ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਸਬੰਧੀ ਕੋਈ ਢਿੱਲ-ਮੱਠ ਨਾ ਵਰਤਣ ਦੇ ਦਿੱਤੇ ਆਦੇਸ਼
ਨਵਾਂਸ਼ਹਿਰ, 14 ਅਗਸਤ :- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਵੱਲੋਂ ਅੱਜ ਜ਼ਿਲੇ ਦੇ ਵੱਖ-ਵੱਖ ਪੁਲਿਸ ਨਾਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨਾਂ ਨਾਕਿਆਂ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਵਿਚ ਕੋਈ ਢਿੱਲ-ਮੱਠ ਨਾ ਵਰਤਣ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਹਦਾਇਤ ਕੀਤੀ ਕਿ ਕਿਸੇ ਵੀ ਪਾਸਿਓਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਹੱਦ ਅੰਦਰ ਦਾਖ਼ਲ ਹੋਣ ਵਾਲੇ ਹਰੇਕ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਵਿਚ ਕਿਸੇ ਵੀ ਤਰਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਦੌਰਾਨ ਉਨਾਂ ਦੱਸਿਆ ਕਿ ਜ਼ਿਲਾ ਪੁਲਿਸ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜੇ ਸਬੰਧੀ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਜ਼ਿਲੇ ਦੇ ਸਮੂਹ ਪੁਲਿਸ ਅਧਿਕਾਰੀਆਂ, ਮੁੱਖ ਥਾਣਾ ਅਫ਼ਸਰਾਂ ਅਤੇ ਵੱਖ-ਵੱਖ ਪੁਆਇੰਟਾਂ ਦੇ ਇੰਚਾਰਜਾਂ ਦੀਆਂ ਡਿਊਟੀਆਂ ਲਗਾ ਕੇ ਉਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਜ਼ਿਲੇ ਦੇ ਸਮੂਹ ਰਾਸ਼ਟਰੀ ਤੇ ਰਾਜ ਮਾਰਗਾਂ ਤੋਂ ਇਲਾਵਾ ਸੜਕਾਂ 'ਤੇ 24 ਘੰਟੇ ਸਪੈਸ਼ਲ ਨਾਕਾਬੰਦੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਵਾਲੀਆਂ ਥਾਵਾਂ 'ਤੇ ਵਿਸ਼ੇਸ਼ ਸੁਰੱਖਿਆ ਫੋਰਸਾਂ ਤਾਇਨਾਤ ਕੀਤੀਆਂ ਗਈਆਂ ਹਨ ਉਥੇ ਬੈਰੀਕੇਡਿੰਗ ਅਤੇ ਪਾਰਕਿੰਗ ਦੇ ਢੁਕਵੇਂ ਇੰਤਜ਼ਾਮਾਂ ਤੋਂ ਇਲਾਵਾ ਸੁਚਾਰੂ ਆਵਾਜਾਈ ਲਈ ਬਦਲਵੇਂ ਪ੍ਰਬੰਧ ਕੀਤੇ ਗਏ ਹਨ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਆ ਸਬੰਧੀ ਪੁਲਿਸ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕਰਨ।