ਨਵਾਂਸ਼ਹਿਰ, 25 ਸਤੰਬਰ 2021:- ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ 26, 27 ਅਤੇ 28 ਸਤੰਬਰ ਨੂੰ ਮਾਈਗ੍ਰੇਟਰੀ ਵੱਸੋਂ ਵਾਲੇ ਇਲਾਕਿਆਂ ਵਿਚ 0 ਤੋਂ 5 ਸਾਲ ਤੱਕ ਦੇ ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾਈਆਂ ਜਾਣਗੀਆਂ। ਇਸ ਸਬੰਧੀ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ 26, 27 ਅਤੇ 28 ਸਤੰਬਰ 2021 ਨੂੰ 0 ਤੋਂ 5 ਸਾਲ ਤੱਕ ਦੇ ਤਕਰੀਬਨ 5464 ਪ੍ਰਵਾਸੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ, ਜਿਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ 53 ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਲੱਮ ਤੇ ਮਾਈਗ੍ਰੇਟਰੀ ਵੱਸੋਂ ਵਾਲੇ ਇਲਾਕਿਆਂ ਵਿਚ ਪੋਲੀਓ ਬੂੰਦਾਂ ਪਿਲ਼ਾਉਣ ਲਈ 102 ਵੈਕਸੀਨੇਟਰ ਲਗਾ ਦਿੱਤੇ ਗਏ ਹਨ, ਜਿਨ੍ਹਾਂ ਦੀ ਨਿਗਰਾਨੀ 13 ਸੁਪਰਵਾਈਜਰ ਕਰਨਗੇ। ਉਨ੍ਹਾਂ ਦੱਸਿਆ ਕਿ ਤਿੰਨ ਦਿਨਾ ਮਾਈਗ੍ਰੇਟਰੀ ਪਲਸ ਪੋਲਿਓ ਮੁਹਿੰਮ ਤਹਿਤ ਝੁੱਗੀਆਂ-ਝੌਂਪੜੀਆਂ, ਉਦਯੋਗਿਕ ਖੇਤਰਾਂ, ਇੱਟਾਂ ਦੇ ਭੱਠਿਆਂ, ਗੁੱਜਰਾਂ ਦੇ ਡੇਰਿਆਂ, ਨਿਰਮਾਣ ਅਧੀਨ ਇਮਾਰਤਾਂ ਤੇ ਦਾਣਾ ਮੰਡੀਆਂ ਆਦਿ ਸਲੱਮ ਖੇਤਰਾਂ ਵਿਚ 0 ਤੋਂ 5 ਸਾਲ ਤੱਕ ਦੇ 5464 ਪ੍ਰਵਾਸੀ ਬੱਚਿਆ ਨੂੰ ਘਰ-ਘਰ ਜਾ ਕੇ ਪੋਲਿਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਡਾ. ਕੌਰ ਨੇ ਦੱਸਿਆ ਕਿ ਭਾਵੇਂ ਪਿਛਲੇ ਦਸ ਸਾਲਾਂ ਦੌਰਾਨ ਭਾਰਤ ਵਿੱਚ ਪੋਲੀਓ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਪਰ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲਿਓ ਦੇ ਵਾਇਰਸ ਦਾ ਪ੍ਰਸਾਰ ਅਜੇ ਵੀ ਜਾਰੀ ਹੈ।ਇਹ ਭਾਰਤ ਵਿੱਚ ਵੀ ਪ੍ਰਵੇਸ਼ ਕਰ ਸਕਦਾ ਹੈ। ਇਸ ਦੇ ਮੱਦੇਨਜ਼ਰ ਇਹ ਵਾਇਰਸ ਉਨ੍ਹਾਂ ਬੱਚਿਆਂ ਲਈ ਖ਼ਤਰਾ ਪੈਦਾ ਕਰ ਸਕਦਾ ਹੈ, ਜਿਨ੍ਹਾਂ ਨੇ ਪੋਲੀਓ ਰੋਕੂ ਬੂੰਦਾਂ ਨਹੀਂ ਪੀਤੀਆਂ ਹਨ। ਇਸ ਲਈ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਬੇਹੱਦ ਜ਼ਰੂਰੀ ਹਨ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵੱਲੋਂ 0 ਤੋਂ 5 ਸਾਲ ਤੱਕ ਦੇ ਮਾਈਗ੍ਰੇਟਰੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ 26, 27 ਅਤੇ 28 ਸਤੰਬਰ ਨੂੰ ਚਲਾਈ ਜਾ ਰਹੀ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਕੋਈ ਵੀ ਮਾਈਗ੍ਰੇਟਰੀ ਬੱਚਾ ਪੋਲੀਓ ਰੋਕੂ ਬੂੰਦਾਂ ਪੀਣ ਤੋਂ ਵਾਂਝਾ ਨਾ ਰਹਿ ਜਾਵੇ।