ਬੰਗਾ 3 ਸਤੰਬਰ: ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਸ੍ਰੀ ਅਨੰਦਰਪੁਰ ਸਾਹਿਬ ਲੋਕ ਸਭਾ ਹਲਕੇ ਦੇ ਵਿਕਾਸ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਫਲ ਲੱਗਿਆ ਹੈ।ਪੰਜਾਬ ਸਰਕਾਰ ਵੱਲੋਂ ਕਰੀਬ 38 ਕਿਲੋਮੀਟਰ ਲੰਬੀ ਬੰਗਾ-ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਰੋਡ ਨੂੰ ਅਪਗਰੇਡ ਕਰਨ ਵਾਸਤੇ ਲਗਭਗ 40 ਕਰੋੜ ਰੁਪਏ ਦੇ ਫੰਡਾਂ ਦੀ ਮਨਜ਼ੂਰੀ ਦਿੱਤੀ ਗਈ ਹੈ। ਇੱਥੋਂ ਜਾਰੀ ਇਕ ਬਿਆਨ `ਚ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਨਾ ਸਿਰਫ਼ ਇਸ ਇਲਾਕੇ ਨਾਲ ਸਬੰਧਤ ਲੋਕਾਂ, ਬਲਕਿ ਇੱਥੋਂ ਸਫਰ ਕਰਨ ਵਾਲੇ ਹਜ਼ਾਰਾਂ ਦੀ ਗਿਣਤੀ ਵਿੱਚ ਯਾਤਰੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਹੋਇਆਂ ਇਹ ਇਕ ਵੱਡਾ ਉਪਰਾਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸੜਕ ਸ਼੍ਰੀ ਹਰਿਮੰਦਰ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਆਪਸ ਵਿਚ ਜੋੜਦੀ ਹੈ। ਇਸੇ ਤਰ੍ਹਾਂ, ਮਾਤਾ ਨੈਣਾ ਦੇਵੀ , ਹਿਮਾਚਲ ਪ੍ਰਦੇਸ਼ ਮੱਥਾ ਟੇਕਣ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਵੀ ਇਹ ਸੜਕ ਕਾਫੀ ਅਹਿਮ ਹੈ। ਜਿਸਨੂੰ ਲੈ ਕੇ ਉਨ੍ਹਾਂ ਨੇ ਲੋਕ ਸਭਾ ਵਿੱਚ ਵੀ ਜ਼ੋਰਦਾਰ ਅਵਾਜ਼ ਬੁਲੰਦ ਕਰਦਿਆਂ, ਇਸ ਸੜਕ ਦਾ ਮੁੱਦਾ ਚੁੱਕਿਆ ਸੀ ਤੇ ਆਖਿਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਇਸ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵੱਲੋਂ ਸੜਕ ਨੂੰ ਅਪਗਰੇਡ ਕਰਨ ਵਾਸਤੇ ਕਰੀਬ 40 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਸ ਸੰਬੰਧੀ ਕੰਮ ਵੀ ਜਲਦੀ ਸ਼ੁਰੂ ਹੋ ਜਾਵੇਗਾ।