ਨਵਾਂਸ਼ਹਿਰ, 8 ਸਤੰਬਰ : ਪੰਜਾਬ ਸਰਕਾਰ ਦੇ 'ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ' ਤਹਿਤ ਜ਼ਿਲਾ ਪੱਧਰ 'ਤੇ ਲਗਾਏ ਜਾ ਰਹੇ ਮੈਗਾ ਰੁਜ਼ਗਾਰ ਮੇਲਿਆਂ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਦੀ ਅਗਵਾਈ ਹੇਠ ਮਿਤੀ 9 ਅਤੇ 10 ਸਤੰਬਰ ਨੂੰ ਆਈ. ਟੀ. ਆਈ (ਲੜਕੇ) ਨਵਾਂਸ਼ਹਿਰ ਵਿਖੇ ਦੋ ਰੋਜ਼ਾ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਲਗਾਏ ਜਾ ਰਹੇ ਇਸ ਰੋਜ਼ਗਾਰ ਮੇਲੇ ਵਿਚ ਵੱਖ-ਵੱਖ ਨਿਯੋਜਕਾਂ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਦੀ ਇੰਟਰਵਿਊ ਲਈ ਜਾਵੇਗੀ। ਉਨਾਂ ਕਿਹਾ ਕਿ ਇਸ ਸਬੰਧੀ ਪ੍ਰਾਰਥੀ ਆਪਣੇ ਨਾਲ ਜ਼ਰੂਰੀ ਦਸਤਾਵੇਜ਼ ਜਿਵੇਂ, ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਫੋਟੋ ਅਤੇ ਬਾਇਓ ਡਾਟਾ ਆਦਿ ਲੈ ਕੇ ਆਉਣ। ਬਿਊਰੋ ਦੇ ਕਰੀਅਰ ਕਾਊਂਸਲਰ ਹਰਮਨਦੀਪ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿਚ ਸਵੈ-ਰੋਜ਼ਗਾਰ ਸਬੰਧੀ ਸਕੀਮਾਂ ਦੀ ਜਾਣਕਾਰੀ ਵੀ ਵਿਸਥਾਰ ਪੂਰਵਕ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਜਿਹੜੇ ਪ੍ਰਾਰਥੀ ਆਪਣਾ ਖ਼ੁਦ ਦਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ, ਉਨਾਂ ਪ੍ਰਾਰਥੀਆਂ ਦਾ ਤਾਲਮੇਲ ਸਵੈ-ਰੋਜ਼ਗਾਰ ਨਾਲ ਸਬੰਧਤ ਵਿਭਾਗਾਂ ਨਾਲ ਇਸ ਰੋਜ਼ਗਾਰ ਮੇਲੇ ਵਿਚ ਕਰਵਾਇਆ ਜਾਵੇਗਾ। ਉਨਾਂ ਕਿਹਾ ਕਿ ਇੰਟਰਵਿਊ ਵਿਚ ਮਾਸਕ ਪਾਉਣਾ ਅਤੇ ਕੋਵਿਡ-19 ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ। ਉਨਾਂ ਜ਼ਿਲੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਸ ਰੋਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਫੋਟੋ : -ਸੰਜੀਵ ਕਮਾਰ, ਜ਼ਿਲਾ ਰੋਜ਼ਗਾਰ ਅਫ਼ਸਰ।