ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ-ਰਵਨੀਤ ਕੌਰ

*ਸੁਚਾਰੂ ਤੇ ਨਿਰਵਿਘਨ ਖ਼ਰੀਦ ਲਈ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼ 
ਨਵਾਂਸ਼ਹਿਰ, 18 ਅਕਤੂਬਰ :ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਰਵਨੀਤ ਕੌਰ ਨੇ ਅੱਜ ਜ਼ਿਲੇ ਵਿਚ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਉਨਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ ਅਤੇ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਖ਼ਰੀਦ ਕੇਂਦਰਾਂ ਵਿਚ ਹਰ ਤਰਾਂ ਦੀਆਂ ਸਹੂਲਤਾਂ ਮੁਹੱਈਆ ਰਹਿਣਗੀਆਂ। ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਹੋਰਨਾਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨਾਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ ਹੁਣ ਤੱਕ ਮੰਡੀਆਂ ਵਿਚ ਹੋਈ ਝੋਨੇ ਦੀ ਆਮਦ, ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦੀ ਬਾਰੀਕੀ ਨਾਲ ਸਮੀਖਿਆ ਕਰਦਿਆਂ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨਾਂ ਮੰਡੀਆਂ ਵਿਚ ਬਾਰਦਾਨੇ, ਪੱਖਿਆਂ, ਮੈਪਿੰਗ ਅਤੇ ਹੋਰਨਾਂ ਪ੍ਰਬੰਧਾਂ ਦੀ ਉਪਲਬੱਤਾ ਸਬੰਧੀ ਵੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖ਼ਰੀਦ ਕੇਂਦਰਾਂ ਵਿਚ ਲਗਾਤਾਰ ਨਿਗਰਾਨੀ ਰੱਖਣ, ਤਾਂ ਜੋ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ। ਉਨਾਂ ਹਦਾਇਤ ਕੀਤੀ ਕਿ ਖ਼ਰਾਬ ਮੌਸਮ ਦੀ ਸੂਰਤ ਵਿਚ ਢੇਰੀਆਂ ਨੂੰ ਕਵਰ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਨਾ ਸਾੜ ਕੇ ਇਨਾਂ ਦੇ ਯੋਗ ਪ੍ਰਬੰਧਨ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਇਸ ਸਬੰਧੀ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ। 
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵਿਸ਼ੇਸ਼ ਮੁੱਖ ਸਕੱਤਰ ਨੂੰ ਦੱਸਿਆ ਕਿ ਜ਼ਿਲੇ ਦੇ ਸਾਰੇ 31 ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿਚ 3.76 ਲੱਖ ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਹੁਣ ਤੱਕ ਮੰਡੀਆਂ ਵਿਚ ਪਹੁੰਚੀ ਸਾਰੀ 126649 ਮੀਟਿ੍ਰਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਹੁਣ ਤੱਕ ਕਿਸਾਨਾਂ ਨੂੰ 202.69 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਅਤੇ ਲਿਫਟਿੰਗ ਦਾ ਕੰਮ ਵੀ ਨਾਲੋ-ਨਾਲ ਜਾਰੀ ਹੈ। ਉਨਾਂ ਵਿਸ਼ਵਾਸ ਦਿਵਾਇਆ ਕਿ ਸਮੁੱਚੇ ਸੀਜ਼ਨ ਦੌਰਾਨ ਕਿਸੇ ਨੂੰ ਵੀ ਮੰਡੀਆਂ ਵਿਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਡੀ. ਐਮ ਬਲਾਚੌਰ ਦੀਪਕ ਰੁਹੇਲਾ, ਡੀ. ਐਸ. ਪੀ ਲਖਵੀਰ ਸਿੰਘ, ਡੀ. ਐਫ. ਐਸ. ਸੀ ਮੈਡਮ ਮਧੂ, ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ, ਜ਼ਿਲਾ ਮੰਡੀ ਅਫ਼ਸਰ ਸਵਰਨ ਸਿੰਘ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।