ਡੇਂਗੂ ਦੀ ਪੁਸ਼ਟੀ ਲਈ ਇਲਾਈਜਾ ਟੈਸਟ ਜ਼ਰੂਰੀ : ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ

ਸਾਰੇ ਪ੍ਰਾਈਵੇਟ ਹਸਪਤਾਲਾਂ ਲਈ ਡੇਂਗੂ ਕੇਸਾਂ ਦੀ ਰਿਪੋਰਟ ਸਿਹਤ ਵਿਭਾਗ ਨੂੰ ਦੇਣੀ ਲਾਜ਼ਮੀ
ਨਵਾਂਸ਼ਹਿਰ, 9 ਅਕਤੂਬਰ 2021:- ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕਰ ਦਿੱਤੀ ਹੈ। ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਅੱਜ ਇੱਥੇ ਇੰਡੀਆ ਮੈਡੀਕਲ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਡੇਂਗੂ ਦੇ ਵਧ ਰਹੇ ਕੇਸਾਂ ਨੂੰ ਠੱਲ੍ਹ ਪਾਉਣ ਲਈ ਇਹ ਅਤੀ ਜ਼ਰੂਰੀ ਹੈ ਕਿ ਬੁਖਾਰ ਤੋਂ ਪੀੜਤ ਹਰ ਮਰੀਜ਼ ਹਸਪਤਾਲਾਂ ਵਿਚ ਜਾ ਕੇ ਆਪਣੇ ਖੂਨ ਦੇ ਨਮੂਨੇ ਦਾ ਟੈਸਟ ਮੁਫਤ ਕਰਵਾਏ ਤਾਂ ਜੋ ਹਰ ਸ਼ੱਕੀ ਮਾਮਲੇ ਦੀ ਪੁਸ਼ਟੀ ਕਰਕੇ ਸਮੇਂ 'ਤੇ ਇਲਾਜ ਸ਼ੁਰੂ ਕੀਤਾ ਜਾ ਸਕੇ। ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਟੈਸਟ ਅਤੇ ਇਲਾਜ ਦੀ ਸੁਵਿਧਾ ਮੁਫਤ ਵਿੱਚ ਉਪਲੱਬਧ ਹੈ। ਉਨ੍ਹਾਂ ਨੇ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤ ਕਰਦਿਆਂ ਇਹ ਵੀ ਸਪੱਸ਼ਟ ਕੀਤਾ ਕਿ ਡੇਂਗੂ ਸਬੰਧੀ ਪ੍ਰਾਈਵੇਟ ਤੌਰ 'ਤੇ ਜੋ ਕਾਰਡ ਟੈਸਟ ਕੀਤਾ ਜਾਂਦਾ ਹੈ, ਉਹ ਡੇਂਗੂ ਦੀ ਪੁਸ਼ਟੀ ਲਈ ਸਹੀ ਨਹੀਂ ਹੈ। ਡੇਂਗੂ ਦੀ ਪੁਸ਼ਟੀ ਲਈ ਸਰਕਾਰੀ ਹਸਪਤਾਲਾਂ ਵਿੱਚ ਕੀਤਾ ਜਾਂਦਾ ਇਲਾਈਜਾ ਟੈਸਟ ਹੀ ਪ੍ਰਮਾਣਿਤ ਹੈ। ਇਸ ਲਈ ਡੇਂਗੂ ਦੇ ਹਰ ਮਰੀਜ਼ ਦੀ ਪੁਸ਼ਟੀ ਇਲਾਈਜਾ ਟੈਸਟ ਕਰਨੀ ਯਕੀਨੀ ਬਣਾਈ ਜਾਵੇ। ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਨੂੰ ਮਹਾਮਾਰੀ ਰੋਗ ਐਕਟ, 1897 ਤਹਿਤ ਨੋਟੀਫਾਈ ਕੀਤਾ ਗਿਆ ਹੈ, ਜਿਸ ਅਨੁਸਾਰ ਸਾਰੇ ਪ੍ਰਾਈਵੇਟ ਮੈਡੀਕਲ ਪ੍ਰੈਕਟੀਸ਼ਨਰਾਂ ਨੂੰ ਡੇਂਗੂ ਅਤੇ ਮਲੇਰੀਆ ਦੇ ਕੇਸਾਂ ਦੀ ਰਿਪੋਰਟ ਸਿਹਤ ਵਿਭਾਗ ਨੂੰ ਦੇਣੀ ਜ਼ਰੂਰੀ ਹੈ। ਨੋਟੀਫਿਕੇਸ਼ਨ ਦੀ ਉਲੰਘਣਾ ਕਰਨ ਉੱਤੇ ਕਿਸੇ ਵੀ ਹਸਪਤਾਲ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਉਨਾਂ ਦੱਸਿਆ ਕਿ ਡੇਂਗੂ ਦੀ ਜਾਂਚ ਲਈ ਲੋੜੀਂਦੀਆਂ ਕਿੱਟਾਂ ਸਰਕਾਰੀ ਹਸਪਤਾਲਾਂ ਵਿੱਚ ਉਪਲੱਬਧ ਹਨ। ਸਿਵਲ ਸਰਜਨ ਡਾ ਗੁਰਿਦਰਬੀਰ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਢੁੱਕਵੇਂ ਕਦਮ ਉਠਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਦਫਤਰਾਂ ਸਮੇਤ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿਚ ਡੇਂਗੂ ਰੋਕੂ ਸਰਵੇ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੀਆਂ ਟੀਮ ਵੱਲੋਂ ਘਰਾਂ ਵਿਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਮੱਛਰ ਪੈਦਾ ਹੋਣ ਵਾਲੀਆਂ ਥਾਵਾਂ ਜਿਵੇਂ ਖਾਲੀ ਭਾਂਡੇ, ਗਮਲੇ, ਟਾਇਰ, ਕੂਲਰ ਆਦਿ ਵਿੱਚ ਪਾਣੀ ਜਮ੍ਹਾਂ ਹੋਣ ਤੋਂ ਰੋਕਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਕ ਹਫ਼ਤੇ 'ਚ ਇਕ ਆਂਡੇ ਤੋਂ ਪੂਰਾ ਜਵਾਨ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਕ ਚੱਮਚ ਪਾਣੀ 'ਚ ਵੀ ਇਹ ਮੱਛਰ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜ਼ਿਆਦਾਤਰ ਸਵੇਰ ਤੇ ਸ਼ਾਮ ਨੂੰ ਕੱਟਦਾ ਹੈ। ਉਨ੍ਹਾਂ ਮੀਡੀਆ ਜ਼ਰੀਏ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਸਾਨੂੰ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ ਵਿਚ ਅਤੇ ਆਲੇ-ਦੁਆਲੇ ਤੇ ਗਮਲਿਆਂ ਵਿਚ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਹਫਤੇ ਵਿਚ ਇਕ ਵਾਰ ਕੂਲਰਾਂ, ਫਰਿਜ਼ ਦੀ ਟਰੇਅ ਦੀ ਸਫਾਈ ਜ਼ਰੂਰ ਕਰਨੀ ਚਾਹੀਦੀ ਹੈ ਅਤੇ ਇਨ੍ਹਾਂ ਨੂੰ ਪੂਰੀ ਤਰ੍ਹਾਂ ਨਾਲ ਸੁੱਕਾ ਲੈਣਾ ਚਾਹੀਦਾ ਹੈ। ਡਾ. ਕੌਰ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਗਲ਼ੀਆਂ, ਨਾਲੀਆਂ ਤੇ ਛੱਪੜਾਂ ਵਿੱਚ ਕਾਲੇ ਤੇਲ ਦਾ ਛਿੜਕਾਅ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ। ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ।