ਨਵਾਂਸ਼ਹਿਰ, 28 ਅਕਤੂਬਰ : (ਵਿਸ਼ੇਸ਼ ਪ੍ਰਤੀਨਿਧੀ)- ਪੁਲਿਸ ਸ਼ਹੀਦੀ ਦਿਵਸ ਹਫ਼ਤੇ ਸਬੰਧੀ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਤਹਿਤ ਜ਼ਿਲਾ ਪੁਲਿਸ ਮੁਖੀ ਕੰਵਰਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੀ ਪੁਲਿਸ ਵੱਲੋਂ ਡੀ. ਐਸ. ਪੀ ਦਫ਼ਤਰ ਨਵਾਂਸ਼ਹਿਰ ਵਿਖੇ ਹਥਿਆਰਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਪੀ ਹੈੱਡਕੁਆਰਟਰ ਮਨਵਿੰਦਰ ਬੀਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਡੀ. ਐਸ. ਪੀ ਨਵਾਂਸ਼ਹਿਰ ਦਵਿੰਦਰ ਸਿੰਘ, ਡੀ. ਐਸ. ਪੀ ਹੈੱਡਕੁਆਰਟਰ ਨਵਨੀਤ ਕੌਰ ਗਿੱਲ ਅਤੇ ਐਸ. ਐਚ. ਓ ਸਿਟੀ ਨਰੇਸ਼ ਕੁਮਾਰੀ ਵੱਲੋਂ ਪ੍ਰਦਰਸ਼ਨੀ ਨੂੰ ਵੇਖਣ ਆਏ ਲੋਕਾਂ ਨੂੰ ਪੁਲਿਸ ਵੱਲੋਂ ਵਰਤੇ ਜਾਣ ਵਾਲੇ ਹਥਿਆਰਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪੰਜਾਬ ਨੂੰ ਕਾਲੇ ਦਿਨਾਂ ਤੋਂ ਬਚਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਜਵਾਨਾਂ ਨੂੰ ਯਾਦ ਕੀਤਾ ਗਿਆ। ਉਨਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੇ 28 ਬਹਾਦਰ ਪੁਲਿਸ ਤੇ ਹੋਮਗਾਰਡ ਜਵਾਨਾਂ ਨੇ ਪੰਜਾਬ ਦੇ ਮਾੜੇ ਦਿਨਾਂ ਦੌਰਾਨ ਦੇਸ਼ ਵਿਰੋਧੀ ਤਾਕਤਾਂ ਦੇ ਮਨਸੂਬਿਆਂ ਨੂੰ ਅਸਫ਼ਲ ਕਰਨ ਲਈ ਆਪਣੀ ਜਾਨ ਦੀ ਕੁਰਬਾਨੀ ਦਿੱਤੀ। ਉਨਾਂ ਦੱਸਿਆ ਕਿ ਇਨਾਂ ਸ਼ਹੀਦਾਂ ਵਿਚ ਨਵਾਂਸ਼ਹਿਰ ਸਬ ਡਵੀਜ਼ਨ ਦੇ 8, ਬੰਗਾ ਸਬ ਡਵੀਜ਼ਨ ਦੇ 6 ਅਤੇ ਬਲਾਚੌਰ ਸਬ ਡਵੀਜ਼ਨ ਦੇ 14 ਪੁਲਿਸ ਤੇ ਹੋਮਗਾਰਡ ਜਵਾਨ ਸ਼ਾਮਿਲ ਹਨ। ਉਨਾਂ ਦੱਸਿਆ ਕਿ ਸ਼ਹੀਦ ਦਿਵਸ ਹਫ਼ਤੇ ਤਹਿਤ 21 ਅਕਤੂਬਰ ਤੋਂ 31 ਅਕਤੂਬਰ ਤੱਕ ਜ਼ਿਲਾ ਪੁਲਿਸ ਵੱਲੋਂ ਪੁਲਿਸ ਸ਼ਹੀਦਾਂ ਦੀ ਯਾਦ ਵਿਚ ਰੋਜ਼ਾਨਾ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਉਨਾਂ ਦੀ ਲਾਸਾਨੀ ਸ਼ਹਾਦਤ ਬਾਰੇ ਲੋਕਾ ਨੂੰ ਜਾਣੂ ਕਰਵਾਇਆ ਜਾ ਸਕੇ।