ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਖਟਕੜ ਕਲਾਂ ਵਿਖੇ ਸ਼ਰਧਾ ਸੁਮਨ ਕੀਤੇ ਅਰਪਿਤ

ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇ ਕੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਭਾਗੀਦਾਰ ਬਣਨ ਦਾ ਦਿੱਤਾ ਸੱਦਾ
ਬੰਗਾ, 8 ਅਕਤੂਬਰ :-  ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਪ੍ਰਤਿਮਾ ਅਤੇ ਉਨਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ 'ਤੇ ਪੁਸ਼ਪ ਅਰਪਣ ਕੀਤੇ। ਇਸ ਮੌਕੇ ਉਨਾਂ ਕਿਹਾ ਕਿ ਉਹ ਅੱਜ ਇਥੇ ਦੇਸ਼-ਕੌਮ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਆਏ ਹਨ। ਉਨਾਂ ਕਿਹਾ ਕਿ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇ ਕੇ ਸਾਨੂੰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਭਾਗੀਦਾਰ ਬਣਨ ਬਣਨਾ ਚਾਹੀਦਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਕਾਲੇ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਉਨਾਂ ਕਿਹਾ ਕਿ ਉਹ ਖੇਤੀਬਾੜੀ ਮੰਤਰੀ ਦੇ ਤੌਰ 'ਤੇ ਕਿਸਾਨ ਅਤੇ ਕਿਸਾਨੀ ਦੀ ਭਲਾਈ ਲਈ ਆਪਣੀ ਪੂਰੀ ਵਾਹ ਲਾਉਣਗੇ। ਇਸ ਮੌਕੇ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਸਾਬਕਾ ਵਿਧਾਇਕ ਤਰਲੋਚਨ ਸਿੰਘ ਸੂੰਢ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਐਸ. ਪੀ ਮਨਵਿੰਦਰ ਬੀਰ ਸਿੰਘ ਤੋਂ ਇਲਾਵਾ ਹੋਰ ਆਗੂ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।