ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ 157878 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ
ਨਵਾਂਸ਼ਹਿਰ, 16 ਅਕਤੂਬਰ :- ਜ਼ਿਲੇ ਵਿਚ ਝੋਨੇ ਦੀ ਖ਼ਰੀਦ ਦਾ ਅੰਕੜਾ ਡੇਢ ਲੱਖ ਮੀਟਿ੍ਰਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਪੁੱਜੇ ਸਾਰੇ 157878 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਤੇਜ਼ੀ ਨਾਲ ਹੋ ਰਹੀ ਹੈ ਅਤੇ ਹੁਣ ਤੱਕ ਪਨਗ੍ਰੇਨ ਵੱਲੋਂ 59441 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 40121 ਮੀਟਿ੍ਰਕ ਟਨ, ਪਨਸਪ ਵੱਲੋਂ 42716 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 11406 ਮੀਟਿ੍ਰਕ ਟਨ, ਐਫ. ਸੀ. ਆਈ ਵੱਲੋਂ 3742 ਮੀਟਿ੍ਰਕ ਟਨ ਅਤੇ ਵਪਾਰੀਆਂ ਵੱਲੋਂ 452 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 274.22 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਦੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ ਅਤੇ ਸੁਚੱਜੀ ਖ਼ਰੀਦ ਲਈ ਸਬੰਧਤ ਅਧਿਕਾਰੀਆਂ ਅਤੇ ਖ਼ਰੀਦ ਏਜੰਸੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ। ਉਨਾਂ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਖੇਤ ਵਿਚ ਹੀ ਵਾਹ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਉਨਾਂ ਕਿਹਾ ਕਿ ਇਸ ਨਾਲ ਜਿਥੇ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇਗੀ ਉਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹੇਗੀ।