ਨਵਾਂਸ਼ਹਿਰ, 8 ਅਕਤੂਬਰ :-ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਰਣਦੀਪ ਸਿੰਘ ਨਾਭਾ ਵੱਲੋਂ ਕਿਸਾਨੀ ਸੰਘਰਸ਼ ਦੌਰਾਨ ਵਿਛੋੜਾ ਦੇ ਗਏ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਨਾਲ ਸਬੰਧਤ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਇਥੇ ਨੌਕਰੀ ਦੇ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ। ਇਸ ਮੌਕੇ ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ਼ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਵਿਛੜ ਗਏ ਕਿਸਾਨਾਂ ਦੇ ਪਰਿਵਾਰਾਂ ਦੀ ਬਾਂਹ ਫੜਦਿਆਂ ਜਿਥੇ ਪੰਜਾਬ ਸਰਕਾਰ ਵੱਲੋਂ ਪੰਜ-ਪੰਜ ਲੱਖ ਰੁਪਏ ਦੀ ਮਾਲੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ, ਉਥੇ ਹੁਣ ਉਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਇਸ ਸੰਘਰਸ਼ ਦੌਰਾਨ ਵਿਛੋੜਾ ਦੇ ਗਏ ਸੂਬੇ ਦੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਦੇਸ਼ਾਂ 'ਤੇ ਨਿਯੁਕਤੀ ਪੱਤਰ ਜਾਰੀ ਕੀਤੇ ਗਏ ਹਨ। ਉਨਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਆਪਣਾ ਵਾਅਦਾ ਪੂਰਾ ਕਰਦਿਆਂ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਬਾਂਹ ਫੜੀ ਹੈ। ਉਨਾਂ ਕਿਹਾ ਕਿ ਇਨਾਂ ਕਿਸਾਨਾਂ ਨੇ ਆਪਣੀਆਂ ਜਾਨਾਂ ਵਾਰ ਕੇ ਪੰਜਾਬ ਦਾ ਨਾਂਅ ਰੋਸ਼ਨ ਕੀਤਾ ਹੈ। ਉਨਾਂ ਕਿਹਾ ਕਿ ਇਨਾਂ ਪਰਿਵਾਰਾਂ ਦੀ ਕਮੀ ਨੂੰ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ, ਪਰੰਤੂ ਇਹ ਉਨਾਂ ਦੇ ਦੁੱਖ ਵਿਚ ਸ਼ਰੀਕ ਹੋ ਕੇ ਉਨਾਂ ਨੂੰ ਸਹਾਰਾ ਦੇਣ ਦੀ ਇਕ ਕੋਸ਼ਿਸ਼ ਹੈ। ਉਨਾਂ ਕਿਹਾ ਕਿ ਪੰਜਾਬ ਦੇਸ਼ ਦੇ ਕੁੱਲ ਰਕਬੇ ਦਾ ਕੇਵਲ 2 ਫੀਸਦੀ ਹੋਣ ਦੇ ਬਾਵਜੂਦ 70 ਫੀਸਦੀ ਅੰਨ ਦੇਸ਼ ਲਈ ਪੈਦਾ ਕਰ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਖੇਤ ਕਮਿਆਂ ਅਤੇ ਉਨਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੀਆਂ ਤਕਲੀਫਾਂ ਨੂੰ ਦੁਰ ਕਰਨ ਵਾਸਤੇ ਅਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਖਿਲਾਫ਼ ਜ਼ੋਰਦਾਰ ਢੰਗ ਨਾਲ ਪੈਰਵੀ ਕੀਤੀ ਗਈ ਹੈ।
ਇਸ ਮੌਕੇ ਉਨਾਂ ਕਿਸਾਨ ਸੰਘਰਸ਼ ਦੌਰਾਨ ਵਿਛੋੜਾ ਦੇ ਗਏ ਸੁਰਿੰਦਰ ਸਿੰਘ ਵਾਸੀ ਹਸਨਪੁਰ ਖੁਰਦ, ਬਲਾਚੌਰ ਦੇ ਲੜਕੇ ਮਨਪ੍ਰੀਤ ਸਿੰਘ, ਰਾਜ ਕੁਮਾਰ ਵਾਸੀ ਕਾਹਮਾ, ਨਵਾਂਸ਼ਹਿਰ ਦੀ ਪਤਨੀ ਅੰਜੂ, ਗੁਰਨੇਕ ਸਿੰਘ ਵਾਸੀ ਮਾਹਿਲ ਖੁਰਦ, ਨਵਾਂਸ਼ਹਿਰ ਦੇ ਲੜਕੇ ਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਵਾਸੀ ਮੱਕੋਵਾਲ, ਬਲਾਚੌਰ ਦੀ ਭੈਣ ਗੁਰਵਿੰਦਰ ਕੌਰ ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਤੋਂ ਪਹਿਲਾਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਪਹੁੰਚਣ 'ਤੇ ਪੁਲਿਸ ਦੀ ਟੁਕੜੀ ਵੱਲੋਂ ਉਨਾਂ ਨੂੰ ਸ਼ਾਨਦਾਰ 'ਗਾਰਡ ਆਫ ਆਨਰ' ਦਿੱਤਾ ਗਿਆ। ਇਸ ਮੌੀਫ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਸਾਬਕਾ ਵਿਧਾਇਕਾ ਗੁਰਇਕਬਾਲ ਕੌਰ, ਸਾਬਕਾ ਵਿਧਾਇਕ ਚੌਧਰੀ ਤਰਲੋਚਨ ਸਿੰਘ ਸੂੰਢ, ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਚਮਨ ਸਿੰਘ ਭਾਨ ਮਜਾਰਾ, ਜ਼ਿਲਾ ਯੂਥ ਪ੍ਰਧਾਨ ਹੀਰਾ ਲਾਲ ਖੇਪੜ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਤੋਂ ਇਲਾਵਾ ਵਿਛੋੜਾ ਦੇ ਗਏ ਕਿਸਾਨਾਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
ਕੈਪਸ਼ਨ :- ਵਿਛੋੜਾ ਦੇ ਗਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ। ਨਾਲ ਹਨ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਹੋਰ।