ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਣਿਆ ਵਿਦੇਸ਼ ਯਾਤਰਾ ਸਬੰਧੀ ਸ਼ਿਕਾਇਤਾਂ ਲਈ ਨੋਡਲ ਪੁਆਇੰਟ

ਨਵਾਂਸ਼ਹਿਰ, 6 ਅਕਤੂਬਰ : - ਪੰਜਾਬ ਸਰਕਾਰ ਦੇ 'ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ' ਤਹਿਤ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਦੇਸ਼ ਜਾ ਕੇ ਪੜਨ ਦੇ ਚਾਹਵਾਨ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਸਹੂਲਤ ਲਈ ਵਿਦੇਸ਼ੀ ਸਿੱਖਿਆ ਅਤੇ ਕਾਊਂਸਲਿੰਗ ਲਈ ਪਲੇਸਮੈਂਟ ਸੈੱਲ ਸਥਾਪਿਤ ਕੀਤਾ ਗਿਆ ਹੈ, ਤਾਂ ਜੋ ਨੌਜਵਾਨਾਂ ਨੂੰ ਸਹੀ ਸੇਧ ਮਿਲ ਸਕੇ ਅਤੇ ਉਨਾਂ ਦੀ ਲੁੱਟ-ਖਸੁੱਟ ਨਾ ਹੋਵੇ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਰੋਜ਼ਗਾਰ ਉੱਤਪਤੀ, ਸਿਖਲਾਈ ਅਤੇ ਹੁਨਰ ਵਿਕਾਸ ਅਫ਼ਸਰ ਸੰਜੀਵ ਕੁਮਾਰ ਨੇ ਦੱਸਿਆ ਕਿ ਵਿਦੇਸ਼ ਯਾਤਰਾ, ਵਿਦੇਸ਼ ਵਿਚ ਪੜਾਈ ਅਤੇ ਰੋਜ਼ਗਾਰ ਸਬੰਧੀ ਹੁੰਦੀ ਧੋਖਾਧੜੀ ਸਬੰਧੀ ਸ਼ਿਕਾਇਤਾਂ ਦਰਜ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 'ਪੰਜਾਬ ਪ੍ਰੀਵੈਨਸ਼ਨ ਆਫ਼ ਹਿਊਮਨ ਸਮਗਲਿੰਗ ਐਕਟ 2012, ਪੰਜਾਬ ਟ੍ਰੈਵਲ ਪ੍ਰੋਫੈਸ਼ਨਲ ਰੇਗੂਲੇਸ਼ਨ ਐਕਟ 2014 ਰਾਹੀਂ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਨੂੰ ਨੋਡਲ ਪੁਆਇੰਟ ਬਣਾਇਆ ਗਿਆ ਹੈ। ਉਨਾਂ ਦੱਸਿਆ ਕਿ ਬਿਊਰੋ ਵਿਖੇ ਰਜਿਸਟਰਡ ਅਤੇ ਅਣ-ਰਜਿਸਟਰਡ ਟ੍ਰੈਵਲ ਏਜੰਟਾਂ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਉਨਾਂ ਦੱਸਿਆ ਕਿ ਵਿਦੇਸ਼ ਯਾਤਰਾ ਨੂੰ ਲੈ ਕੇ ਧੋਖੇ ਦਾ ਸ਼ਿਕਾਰ ਹੋਇਆ ਕੋਈ ਵੀ ਵਿਅਕਤੀ ਆਪਣੀ ਲਿਖਤੀ ਸ਼ਿਕਾਇਤ ਚੰਡੀਗੜ ਰੋਡ 'ਤੇ ਸਥਿਤ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੀ ਤੀਸਰੀ ਮੰਜ਼ਿਲ 'ਤੇ ਸਥਿਤ ਨੋਡਲ ਪੁਆਇੰਟ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼ਹੀਦ ਭਗਤ ਸਿੰਘ ਨਗਰ ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਯੋਗ ਪਹਿਚਾਣ ਪੱਤਰ ਅਤੇ ਦਸਵਾਵੇਜ਼ਾਂ ਰਾਹੀਂ ਦਰਜ ਕਰਵਾ ਸਕਦਾ ਹੈ। ਉਨਾਂ ਕਿਹਾ ਕਿ ਜੇਕਰ ਕੋਈ ਵੀ ਬਿਨਾਂ ਲਾਇਸੰਸ, ਮਿਆਦ ਪੁਗਾ ਚੁੱਕਾ ਜਾਂ ਅਣ-ਰਜਿਸਟਰਡ ਟ੍ਰੈਵਲ ਏਜੰਟ, ਨੋਡਲ ਪੁਆਇੰਟ ਦੇ ਧਿਆਨ ਵਿਚ ਆਉਂਦਾ ਹੈ ਤਾਂ ਉਸ ਖਿਲਾਫ਼ ਡਿਪਟੀ ਕਮਿਸ਼ਨਰ ਅਤੇ ਪੁਲਿਸ ਵਿਭਾਗ ਵੱਲੋਂ ਤੁਰੰਤ ਕਾਰਵਾਈ ਤਹਿਤ ਐਫ. ਆਈ. ਆਰ ਦਰਜ ਹੋ ਸਕਦੀ ਹੈ। ਉਨਾਂ ਕਿਹਾ ਕਿ ਐਫ. ਆਈ. ਆਰ ਦਰਜ ਹੋਣ ਤੋਂ ਬਾਅਦ ਟ੍ਰੈਵਲ ਏਜੰਟ ਦੀ ਸੂਚਨਾ ਤੁਰੰਤ ਜ਼ਿਲਾ ਪ੍ਰਸ਼ਾਸਨ ਦੀ ਵੈੱਬਸਾਈਟ 'ਤੇ ਪਾ ਦਿੱਤੀ ਜਾਵੇਗੀ ਤਾਂ ਜੋ ਇਸ ਸਬੰਧੀ ਹੋਰਨਾਂ ਨੂੰ ਜਾਗਰੂਕ ਕੀਤਾ ਜਾ ਸਕੇ।