-ਦੀਵਾਲੀ ਮੌਕੇ ਰਾਤ ਕੇਵਲ 8 ਤੋਂ 10 ਵਜੇ ਤੱਕ ਚਲਾਏ ਜਾ ਸਕਣਗੇ ਗਰੀਨ ਪਟਾਕੇ

ਪਟਾਕੇ ਚਲਾਉਣ ਲਈ ਉਦਯੋਗ ਤੇ ਵਣਜ ਵਿਭਾਗ ਵੱਲੋਂ ਹਦਾਇਤਾਂ ਜਾਰੀ-ਜ਼ਿਲ੍ਹਾ ਮੈਜਿਸਟ੍ਰੇਟ
ਪਟਿਆਲਾ, 4 ਨਵੰਬਰ : ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸੰਦੀਪ ਹੰਸ ਨੇ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਐਕਸਪਲੋਸਿਵਜ ਰੂਲਜ਼-2008 ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਹਿਤ ਆਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਜ਼ਿਲ੍ਹੇ ਅੰਦਰ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਵਾਲੇ ਦਿਨ ਗਰੀਨ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਫੌਜਦਾਰੀ ਜਾਬਤਾ, ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਦੇ ਮੌਕੇ 'ਤੇ ਗਰੀਨ ਪਟਾਕੇ ਚਲਾਉਣਾ ਦਾ ਸਮਾਂ ਨਿਰਧਾਰਤ ਕਰਦਿਆ ਦੱਸਿਆ ਕਿ 4 ਨਵੰਬਰ ਨੂੰ ਦੀਵਾਲੀ ਵਾਲੇ ਦਿਨ ਗਰੀਨ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ। 19 ਨਵੰਬਰ ਨੂੰ ਗੁਰਪੁਰਬ ਵਾਲੇ ਦਿਨ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ। ਕ੍ਰਿਸਮਿਸ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਇਸੇ ਤਰ੍ਹਾਂ ਨਵੇਂ ਸਾਲ ਦੀ ਪੂਰਵ ਸੰਧਿਆ 'ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਗਰੀਨ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਗਰੀਨ ਪਟਾਕਿਆਂ ਤੋਂ ਇਲਾਵਾ ਕਿਸੇ ਵੀ ਪ੍ਰਕਾਰ ਦੇ ਪਟਾਕੇ ਚਲਾਉਣ 'ਤੇ ਪਾਬੰਦੀ ਹੋਵੇਗੀ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪਟਾਕੇ ਕੇਵਲ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਚਲਾਉਣ। ਉਨ੍ਹਾਂ ਕਿਹਾ ਕਿ ਪਟਾਕਿਆਂ ਦੇ ਜਿੱਥੇ ਵਾਤਾਵਰਣ 'ਤੇ ਮਾੜੇ ਪ੍ਰਭਾਵ ਪੈਂਦੇ ਹਨ, ਉਥੇ ਹੀ ਇਨ੍ਹਾਂ ਦੀ ਆਵਾਜ ਤੇ ਪ੍ਰਦੂਸਨ ਦਾ ਮਨੁੱਖਾਂ ਦੇ ਨਾਲ-ਨਾਲ ਪਸ਼ੂ-ਪੰਛੀਆਂ 'ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ, ਜਿਸ ਲਈ ਜਿੰਨ੍ਹਾ ਸੰਭਵ ਹੋ ਸਕੇ ਆਮ ਲੋਕ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨ।