ਰੇਤ ਦੀ ਨਿਰਧਾਰਤ ਕੀਮਤ ਤੋਂ ਵੱਧ ਵਸੂਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡੀ. ਸੀ

*ਮਾਈਨਿੰਗ ਦੀ ਨਵੀਂ ਪਾਲਿਸੀ ਸਬੰਧੀ ਅਧਿਕਾਰੀਆਂ ਅਤੇ ਰੇਤ ਵਿਕਰੇਤਾਵਾਂ ਨਾਲ ਕੀਤੀ ਮੀਟਿੰਗ
ਨਵਾਂਸ਼ਹਿਰ, 15 ਨਵੰਬਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ 2021 ਤਹਿਤ ਰੇਤ ਦਾ ਭਾਅ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਨਿਰਧਾਰਤ ਕੀਤਾ ਹੈ, ਜਿਸ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਰੇਤਾ ਅਤੇ ਗਰੈਵਲ ਦੀਆਂ ਕੀਮਤਾਂ ਬਾਰੇ ਮਾਈਨਿੰਗ ਦੀ ਨਵੀਂ ਪਾਲਿਸੀ ਸਬੰਧੀ ਅਧਿਕਾਰੀਆਂ ਅਤੇ ਜ਼ਿਲੇ ਦੇ ਰੇਤ ਵਿਕਰੇਤਾਵਾਂ ਨਾਲ ਮੀਟਿੰਗ ਦੌਰਾਨ ਕੀਤਾ। ਐਸ. ਐਸ. ਪੀ ਕੰਵਰਦੀਪ ਕੌਰ ਦੀ ਮੌਜੂਦਗੀ ਵਿਚ ਹੋਈ ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਇਸ ਸਬੰਧੀ ਕਿਸੇ ਵੀ ਤਰਾਂ ਦੀ ਵੱਧ ਵਸੂਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਕਰੇਗਾ ਤਾਂ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨਾਂ ਰੇਤ ਵਿਕਰੇਤਾਵਾਂ ਨੂੰ ਕਿਹਾ ਕਿ ਉਹ ਰੇਤ ਖੱਡਾਂ ਤੋਂ ਨਿਰਧਾਰਤ ਰੇਟ 'ਤੇ ਹੀ ਰੇਤ ਖ਼ਰੀਦਣ ਅਤੇ ਇਸ ਤੋਂ ਇਲਾਵਾ ਕੋਈ ਵੀ ਵਾਧੂ ਪਰਚੀ ਨਾ ਕਟਵਾਉਣ। ਉਨਾਂ ਕਿਹਾ ਕਿ ਜੇਕਰ ਕੋਈ ਅਜਿਹੀ ਪਰਚੀ ਕਟਵਾਉਣ ਲਈ ਕਹਿੰਦਾ ਹੈ ਤਾਂ ਉਸ ਦੀ ਸ਼ਿਕਾਇਤ ਤੁਰੰਤ ਜ਼ਿਲਾ
ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਜਾਂ ਮਾਈਨਿੰਗ ਵਿਭਾਗ ਨੂੰ ਕੀਤੀ ਜਾਵੇ। ਉਨਾਂ ਰੇਤ ਵਿਕਰੇਤਾਵਾਂ ਨੂੰ ਕਿਹਾ ਕਿ ਉਹ ਆਪਣੇ ਟਰਾਂਸਪੋਰਟ ਆਦਿ ਦੇ ਵਾਜਿਬ ਖ਼ਰਚੇ ਕੱਢ ਕੇ ਲੋਕਾਂ ਨੂੰ ਰਿਆਇਤੀ ਦਰਾਂ 'ਤੇ ਰੇਤ ਮੁਹੱਈਆ ਕਰਵਾਉਣੀ ਯਕੀਨੀ ਬਣਾਉਣ। 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਜ਼ਿਲੇ ਵਿਚ ਰੇਤ ਦੀਆਂ ਸਾਰੀਆਂ ਖੱਡਾਂ 'ਤੇ ਨਿਰਧਾਰਤ ਕੀਤੇ ਰੇਟਾਂ ਦੇ ਬੋਰਡ ਲਗਾ ਦਿੱਤੇ ਗਏ ਹਨ ਅਤੇ ਕਿਸੇ ਵੀ ਤਰਾਂ ਦੀ ਵੱਧ ਵਸੂਲੀ ਨਹੀਂ ਹੋਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਸ ਸਬੰਧੀ ਲਗਾਤਾਰ ਚੈਕਿੰਗ ਕੀਤੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐਸ. ਐਸ. ਪੀ ਕੰਵਰਦੀਪ ਕੌਰ ਨੇ ਇਸ ਮੌਕੇ ਕਿਹਾ ਕਿ ਨਵੀਂ ਮਾਈਨਿੰਗ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੁਲਿਸ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਵੱਧ ਵਸੂਲੀ ਦਾ ਕੋਈ ਵੀ ਮਾਮਲਾ ਸਾਹਮਣੇ ਆਉਣ 'ਤੇ ਫੌਰਨ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਜ਼ਿਲਾ ਮਾਲ ਅਫ਼ਸਰ ਅਜੀਤ ਪਾਲ ਸਿੰਘ, ਐਕਸੀਅਨ ਮਾਈਨਿੰਗ ਗੁਰਤੇਜ ਸਿੰਘ ਗਰਚਾ, ਮਾਈਨਿੰਗ ਅਫ਼ਸਰ ਰਵਿੰਦਰ ਤੇ ਹਰਜੋਤ ਕੌਰ, ਸੁਪਰਡੈਂਟ ਜਸਵਿੰਦਰ ਸਿੰਘ ਤੋਂ ਇਲਾਵਾ ਜ਼ਿਲੇ ਦੇ ਵੱਖ-ਵੱਖ ਰੇਤ ਵਿਕਰੇਤਾ ਹਾਜ਼ਰ ਸਨ।