ਪੰਜਾਬ ਵਿੱਚ ਨਿਰਵਿਘਨ ਖਰੀਦ ਯਕੀਨੀ ਬਣਾਉਣ ਲਈ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੇ ਦੂਜਾ ਸਥਾਨ ਪ੍ਰਾਪਤ ਕੀਤਾ

ਮੁੱਖ ਮੰਤਰੀ ਅਤੇ ਖੁਰਾਕ ਸਪਲਾਈ ਮੰਤਰੀ ਨੇ ਡੀ ਐਫ ਐਸ ਸੀ ਮਧੂ ਨੂੰ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਆ
ਡੀ. ਸੀ. ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਨੂੰ ਮਿਲੇ ਇਸ ਮਾਣ ਲਈ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਗੀਦਾਰਾਂ ਨੂੰ ਸਿਹਰਾ ਦਿੱਤਾ

ਨਵਾਂਸ਼ਹਿਰ, 25 ਨਵੰਬਰ:- ਪੰਜਾਬ ਵਿੱਚ ਹਾਲ ਹੀ ਵਿੱਚ ਸਮਾਪਤ ਹੋਏ 2021-22 ਦੇ ਝੋਨੇ ਦੇ ਖਰੀਦ ਸੀਜ਼ਨ ਦੌਰਾਨ ਸਮੇਂ ਸਿਰ ਖਰੀਦ, ਤੁਰੰਤ ਲਿਫਟਿੰਗ ਅਤੇ ਕਿਸਾਨਾਂ ਨੂੰ ਸਮਾਂਬਧ ਅਦਾਇਗੀਆਂ ਦੇ ਚਲਦਿਆਂ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨੂੰ ਰਾਜ ਵਿੱਚ ਦੂਜਾ ਸਥਾਨ ਮਿਲਿਆ ਹੈ।
      ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 31 ਅਨਾਜ ਮੰਡੀਆਂ ਵਿੱਚ ਖਰੀਦ ਸੀਜ਼ਨ ਦੌਰਾਨ ਏਜੰਸੀਆਂ ਵੱਲੋਂ ਕੁੱਲ 3.80 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਅਤੇ ਕਿਸਾਨਾਂ ਨੂੰ 745 ਕਰੋੜ ਰੁਪਏ ਦੀ ਅਦਾਇਗੀ ਮਿੱਥੇ ਸਮੇਂ ਵਿੱਚ ਕੀਤੀ ਗਈ, ਜਿਸ ਨੇ ਨਿਰਵਿਘਨ ਖਰੀਦ ਵਿੱਚ ਜ਼ਿਲ੍ਹੇ ਨੂੰ ਦੂਜੇ ਸਥਾਨ 'ਤੇ ਲਿਆਂਦਾ।
        ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੇ ਇੱਕ- ਇੱਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ, ਇਸ ਟੀਚੇ ਦੀ ਪ੍ਰਾਪਤੀ ਲਈ ਸਾਰੇ ਸਬੰਧਤ ਵਿਭਾਗਾਂ ਨੇ ਰਲ ਮਿਲ ਕੇ ਕੰਮ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਸਾਰੇ ਖਰੀਦ ਕੇਂਦਰਾਂ 'ਤੇ ਪੁਖਤਾ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
       ਸ਼੍ਰੀ ਸਾਰੰਗਲ ਨੇ ਖੁਰਾਕ, ਸਿਵਲ ਸਪਲਾਈ ਅਧਿਕਾਰੀਆਂ, ਖਰੀਦ ਏਜੰਸੀਆਂ ਦੇ ਮੁਖੀਆਂ ਅਤੇ ਉਡਣ ਦਸਤੇ ਦੇ ਮੈਂਬਰਾਂ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰਨ ਦੀ ਸ਼ਲਾਘਾ ਕੀਤੀ।  ਉਨ੍ਹਾਂ ਨੇ ਸਮੇਂ ਸਿਰ ਝੋਨਾ ਚੁੱਕਣ ਲਈ ਹੋਰ ਭਾਗੀਦਾਰਾਂ ਜਿਵੇਂ ਕਿ ਆੜਤੀਆ, ਰਾਈਸ ਮਿੱਲਰਾਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।
      ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਮਧੂ, ਜਿਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਤੋਂ ਜ਼ਿਲ੍ਹੇ ਲਈ ਇਹ ਸਨਮਾਨ (ਪ੍ਰਸ਼ੰਸਾ ਪੱਤਰ) ਪ੍ਰਾਪਤ ਕੀਤਾ, ਨੇ ਦੱਸਿਆ ਕਿ ਬੀਤੇ ਦਿਨਾਂ 'ਚ ਸਮੇਂ ਸਿਰ ਖਰੀਦ, ਲਿਫਟਿੰਗ ਅਤੇ ਭੁਗਤਾਨ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਸੀ, ਜਿਸ ਨੇ ਖਰੀਦ ਸੀਜ਼ਨ ਵਿੱਚ ਸ਼ਹੀਦ ਭਗਤ ਸਿੰਘ ਨਗਰ ਨੂੰ ਰਾਜ ਵਿਚੋਂ ਦੂਜਾ ਸਥਾਨ ਦਿਵਾ ਕੇ ਸ਼ਾਨਦਾਰ ਨਤੀਜੇ ਦਿੱਤੇ ਹਨ।
       ਉਨ੍ਹਾਂ ਕਿਹਾ ਕਿ ਫਸਲਾਂ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਦਾਣਾ ਮੰਡੀਆਂ ਵਿੱਚ ਬਾਰਦਾਨੇ ਦੀ ਲੋੜੀਂਦੀ ਮਾਤਰਾ ਉਪਲਬਧ ਕਰਵਾਈ ਗਈ ਅਤੇ ਪ੍ਰਸ਼ਾਸਨ ਵੱਲੋਂ ਇਸ ਖਰੀਦ ਨੂੰ ਨਿਰਵਿਘਨ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਗਈ।

Virus-free. www.avast.com