ਜ਼ਿਲ੍ਹਾ ਕਾੰਨੂਨੀ ਸੇਵਾਵਾਂ ਅਥਾਰਟੀ ਵੱਲੋ ਸੰਵਿਧਾਨ ਦਿਵਸ ਮਨਾਇਆ ਗਿਆ

ਨਵਾਂਸ਼ਹਿਰ, 27 ਨਵੰਬਰ :-  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੌਮੀ ਸੰਵਿਧਾਨ ਦਿਵਸ ਕਲ੍ਹ ਰੂਮ, ਜ਼ਿਲ੍ਹਾ ਕੋਰਟ ਕੰਪਲੈਕਸ,  ਸ਼ਹੀਦ ਭਗਤ ਸਿੰਘ ਨਗਰ ਵਿਖੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ 'ਚ ਮਨਾਇਆ ਗਿਆ।
ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ. ਕੰਵਲਜੀਤ ਸਿੰਘ ਬਾਜਵਾ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸਾਡਾ ਸੰਵਿਧਾਨ ਵਿਸ਼ੇਸਤਾਵਾਂ ਭਰਪੂਰ ਹੈ। ਜਿਸ 'ਚ ਨਿਯਮਾਂ 'ਚ ਰਹਿ ਕੇ ਕੰਮ ਕਰਨ ਦੀ ਆਜ਼ਾਦੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਹ ਸੰਵਿਧਾਨ ਡਾ. ਬੀ.ਆਰ. ਅੰਬੇਦਕਰ ਜੀ ਦੀ ਅਗਵਾਈ ਹੇਠਲੀ ਡਰਾਫ਼ਟ ਕਮੇਟੀ ਨੇ 389 ਮੈਬਰਾਂ ਦੀ ਮੱਦਦ ਨਾਲ ਤਿਆਰ ਕੀਤਾ। ਇਸ ਸੰਵਿਧਾਨ ਨੂੰ ਤਿਆਰ ਕਰਨ  'ਚ 2 ਸਾਲ 11 ਮਹੀਨੇ ਤੇ 18 ਦਿਨ ਲੱਗੇ ਅਤੇ ਇਸ ਨੂੰ ਦੁਨੀਆ ਦੇ ਸਭ ਤੋ ਲੰਬੇ ਲਿਖਿਤ ਸੰਵਿਧਾਨ ਵਜੋਂ ਮਾਨਤਾ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਭਾਰਤੀ ਸੰਵਿਧਾਨ ਹਰੇਕ ਨਾਗਰਿਕ ਨੂੰ ਸਮਾਨਤਾ ਦਾ ਅਧਿਕਾਰ ਦਿੰਦਾ ਹੈ ਜੋ ਸਾਡੇ ਲੋਕਤੰਤਰ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੇ ਸਕੱਤਰ ਹਰਪ੍ਰੀਤ ਕੌਰ ਨੇ ਇਸ ਮੌਕੇ ਕਿਹਾ ਕਿ ਸਾਨੂੰ ਆਪਣੇ ਦੇਸ਼ ਨੂੰ ਸੰਪੂਰਨ ਪ੍ਰਭੂਤਾ ਸੰਪੰਨ ਸਮਾਜਵਾਦੀ, ਧਰਮ ਨਿਰੱਪਖ, ਲੋਕਤੰਤਰੀ ਗਣਰਾਜ ਬਣਾਉਣ ਲਈ ਅਤੇ ਦੇਸ਼ ਦੇ ਸਮੂਹ ਨਾਗਰਿਕਾਂ ਨੂੰ ਸਮਾਜਿਕ, ਆਰਥਿਕ ਅਤੇ ਰਾਜਨੀਤਕ ਨਿਆਂ, ਵਿਚਾਰ ਪ੍ਰਗਟਾਵੇ, ਵਿਸ਼ਵਾਸ, ਧਰਮ ਅਤੇ ਪੂਜਾ ਕਰਨ ਦੀ ਸੁਤੰਤਰਤਾ, ਮਾਣ ਅਤੇ ਅਵਸਰ ਦੀ ਸਮਾਨਤਾ ਪ੍ਰਾਪਤ ਕਰਨ ਲਈ ਅਤੇ ਉਨ੍ਹਾਂ ਸਭਨਾਂ ਂਚੋਂ ਵਿਅਕਤੀਗਤ ਸਨਮਾਨ, ਰਾਸ਼ਟਰ ਦੀ ਏਕਤਾ ਤੇ ਅਖੰਡਤਾ ਨੂੰ ਸ਼ੁਨਿਸ਼ਚਿਤ  ਕਰਨ ਲਈ ਭਾਈਚਾਰਾ ਵਧਾਉਣ ਲਈ ਦ੍ਰਿੜ ਸੰਕਲਪ ਹੋ ਕੇ ਸੰਵਿਧਾਨ ਪ੍ਰਤੀ ਸਮਰਪਿਤ ਹੋਣਾ  ਚਾਹੀਦਾ ਹੈ।ਇਸ ਮੌਕੇ ਸਮੂਹ ਨਿਆਇਕ ਅਫ਼ਸਰ, ਦਫ਼ਤਰੀ ਸਟਾਫ਼, ਸਮੂਹ ਬਾਰ ਮੈਂਬਰ, ਪੈਨਲ ਵਕੀਲ ਅਤੇ ਪੈਰਾ- ਲੀਗਲ ਵਲੰਟੀਅਰਜ਼ ਵੀ ਹਾਜ਼ਰ ਸਨ।