ਬਜ਼ੁਰਗਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੋਣਗੀਆਂ ਹੱਲ-ਜਸਬੀਰ ਸਿੰਘ

*ਜ਼ਿਲੇ ਵਿਚ ਜਲਦ ਹੋਵੇਗਾ ਓਲਡ ਏਜ ਹੋਮ ਦਾ ਨਿਰਮਾਣ
*ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ  
ਨਵਾਂਸ਼ਹਿਰ, 16 ਨਵੰਬਰ  : ਜ਼ਿਲੇ ਵਿਚ ਬਜ਼ੁਰਗਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ ਅਤੇ ਉਨਾਂ ਨੂੰ ਬੈਂਕਾਂ, ਹਸਪਤਾਲਾਂ ਅਤੇ ਸਰਕਾਰੀ ਦਫ਼ਤਰਾਂ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਮਾਪਿਆਂ ਅਤੇ ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਸਬੰਧੀ ਗਠਿਤ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਕੀਤਾ। ਉਨਾਂ ਕਿਹਾ ਕਿ ਬਜ਼ੁਰਗਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕਰਨੇ ਯਕੀਨੀ ਬਣਾਏ ਜਾਣਗੇ। ਉਨਾਂ ਦੱਸਿਆ ਕਿ ਜ਼ਿਲੇ ਵਿਚ ਜਲਦ ਹੀ ਓਲਡ ਏਜ ਹੋਮ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਲਈ ਭੱਦੀ ਰੋਡ ਵਿਖੇ ਜਗਾ ਦੀ ਸ਼ਨਾਖ਼ਤ ਕਰ ਲਈ ਗਈ ਹੈ ਅਤੇ ਬੱਜਟ ਤਜਵੀਜ਼ ਸਮਾਜਿਕ ਸੁਰੱਖਿਆ ਵਿਭਾਗ ਨੂੰ ਭੇਜ ਦਿੱਤੀ ਗਈ ਹੈ। ਉਨਾਂ ਕਿਹਾ ਕਿ ਬਜ਼ੁਰਗਾਂ ਦੀ ਸਹੂਲਤ ਲਈ ਤਿੰਨ ਮਹੀਨੇ ਵਿਚ ਇਕ ਵਾਰ ਪੁਰਾਣੇ ਸਿਵਲ ਹਸਪਤਾਲ ਵਿਖੇ ਸਿਹਤ ਜਾਂਚ ਕੈਂਪ ਲਗਾਇਆ ਜਾਵੇਗਾ। 
  ਉਨਾਂ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਮੂਹ ਐਸ. ਡੀ. ਐਮਜ਼ ਕੋਲੋਂ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਸਬੰਧੀ ਬਕਾਇਦਾ ਤੌਰ 'ਤੇ ਰਿਪੋਰਟਾਂ ਹਾਸਲ ਕੀਤੀਆਂ ਜਾਣ, ਤਾਂ ਜੋ ਉਨਾਂ ਦਾ ਫੌਰਨ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਉਨਾਂ ਸਿਹਤ ਵਿਭਾਗ ਨੂੰ ਵੀ ਹਸਪਤਾਲਾਂ ਵਿਚ ਜਾਂਚ ਕਰਵਾਉਣ ਲਈ ਆਉਂਦੇ ਬਜ਼ੁਰਗਾਂ ਨੂੰ ਪਹਿਲ ਦੇ ਆਧਾਰ 'ਤੇ ਸੇਵਾਵਾਂ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਬਜ਼ੁਰਗਾਂ ਨੂੰ ਆਨਲਾਈਨ ਧੋਖਾਧੜੀ ਪ੍ਰਤੀ ਸੁਚੇਤ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਣ, ਜਿਨਾਂ ਵਿਚ ਉਨਾਂ ਨੂੰ ਪੈਸੇ ਦੇ ਸੁਰੱਖਿਅਤ ਆਨਲਾਈਨ ਲੈਣ-ਦੇਣ ਸਬੰਧੀ ਜਾਗਰੂਕ ਕੀਤਾ ਜਾਵੇ। ਇਸ ਦੌਰਾਨ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨੇ ਆਪਣੀਆਂ ਮੀਟਿੰਗਾਂ ਲਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਕੋਈ ਪੱਕਾ ਜਗਾ ਅਲਾਟ ਕਰਨ ਦੀ ਮੰਗ ਕੀਤੀ, ਜਿਸ 'ਤੇ ਵਧੀਕ ਡਿਪਟੀ ਕਮਿਸ਼ਨਰ ਨੇ ਇਸ 'ਤੇ ਵਿਚਾਰ ਕਰਨ ਦਾ ਭਰੋਸਾ ਦਿਵਾਇਆ। 
ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਇਸ ਮੌਕੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਹਾਇਤਾ ਲਈ ਹੈਲਪ ਏਜ ਇੰਡੀਆ ਤਹਿਤ ਹੈਲਪ ਲਾਈਨ ਨੰਬਰ 14567 ਜਾਰੀ ਕੀਤਾ ਗਿਆ ਹੈ, ਜਿਸ ਉੱਤੇ ਕੋਈ ਵੀ ਬਜ਼ੁਰਗ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨਾਂ ਦੱਸਿਆ ਕਿ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਲਾਗੂ ਕੀਤੇ ਗਏ 'ਦੀ ਮੇਂਟੀਨੈਂਸ ਐਂਡ ਵੈਲਫੇਅਰ ਪੈਰੇਂਟਸ ਅਤੇ ਸੀਨੀਅਰ ਸਿਟੀਜ਼ਿਨ ਐਕਟ, 2007' ਤਹਿਤ ਬਜ਼ੁਰਗ ਨਾਗਰਿਕਾਂ ਨੂੰ ਉਨਾਂ ਦੀ ਭਲਾਈ ਲਈ ਵਿਸ਼ੇਸ਼ ਅਧਿਕਾਰ ਦਿੱਤੇ ਗਏ ਹਨ। 
ਇਸ ਮੌਕੇ ਸਹਾਇਕ ਜ਼ਿਲਾ ਅਟਾਰਨੀ ਬਲਵਿੰਦਰ ਕੌਰ, ਜ਼ਿਲਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਜੇ. ਡੀ. ਵਰਮਾ, ਜਨਰਲ ਸਕੱਤਰ ਐਸ. ਕੇ ਬਰੁੱਟਾ, ਸਕੱਤਰ ਐਸ. ਕੇ ਪੁਰੀ, ਡਾ. ਰਾਕੇਸ਼ ਅਰੋੜਾ ਅਤੇ ਹੋਰ ਹਾਜ਼ਰ ਸਨ।