ਜ਼ਿਲਾ ਪੱਧਰੀ ਮੁਫ਼ਤ ਕਾਨੂੰਨੀ ਸੇਵਾਵਾਂ ਕੈਂਪ ਦਾ ਵੱਡੀ ਗਿਣਤੀ ਵਿਚ ਲੋਕਾਂ ਨੇ ਲਿਆ ਲਾਹਾ

ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਹੱਕਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਕੀਤਾ ਗਿਆ ਜਾਗਰੂਕ
*ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਲਾਈ ਸਕੀਮਾਂ ਬਾਰੇ ਲਗਾਏ ਗਏ 20 ਸਟਾਲ
ਬੰਗਾ, 9 ਨਵੰਬਰ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ ਐਸ ਨਗਰ ਅਤੇ ਜ਼ਿਲਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ 'ਤੇ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਇਕ ਵਿਸ਼ਾਲ ਜ਼ਿਲਾ ਪੱਧਰੀ ਕਾਨੂੰਨੀ ਸੇਵਾਵਾਂ ਕੈਂਪ ਲਗਾਇਆ ਗਿਆ। ਸੀ. ਜੇ. ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਲਗਾਏ ਗਏ ਇਸ ਜ਼ਿਲਾ ਪੱਧਰੀ ਕੈਂਪ ਦਾ ਵੱਡੀ ਗਿਣਤੀ ਵਿਚ ਜ਼ਿਲਾ ਵਾਸੀਆਂ ਵੱਲੋਂ ਲਾਹਾ ਲਿਆ ਗਿਆ। ਇਸ ਦੌਰਾਨ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਲਾਈ ਸਕੀਮਾਂ ਦੇ ਵੱਖ-ਵੱਖ 20 ਸਟਾਲ ਲਗਾਏ ਗਏ, ਜਿਸ ਦੌਰਾਨ ਮੌਕੇ 'ਤੇ ਹੀ ਲੋਕਾਂ ਨੂੰ ਭਲਾਈ ਸਕੀਮਾਂ ਦੇ ਲਾਭ ਮੁਹੱਈਆ ਕਰਵਾਏ ਗਏ। ਇਸ ਤੋਂ ਇਲਾਵਾ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਵੀ ਕਰਵਾਇਆ ਗਿਆ, ਜਿਸ ਦੌਰਾਨ ਜ਼ਿਲਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵੱਲੋਂ ਵਿਦਿਆਰਥੀਆਂ ਨੂੰ ਉਨਾਂ ਦੇ ਹੱਕਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਉਨਾਂ ਕਿਹਾ ਕਿ ਜੇਕਰ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਹੋਵੇ ਤਾਂ ਉਹ ਟੋਲ ਫਰੀ ਨੰਬਰ 1968 ਉੱਤੇ ਸੰਪਰਕ ਕਰ ਸਕਦਾ ਹੈ ਜਾਂ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਆ ਕੇ ਮੁਫ਼ਤ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਇਸ ਦੌਰਾਨ ਲੋਕ ਅਦਾਲਤਾਂ ਦੇ ਮਹੱਤਵ ਅਤੇ ਉਨਾਂ ਦੇ ਫਾਇਦਿਆਂ ਤੋਂ ਵੀ ਜਾਣੂ ਕਰਵਾਇਆ ਗਿਆ। ਇਸ ਮੌਕੇ ਡੀ. ਐਸ. ਪੀ ਬੰਗਾ ਗੁਰਦੀਪ ਸਿੰਘ ਤੋਂ ਇਲਾਵਾ ਜੁਡੀਸ਼ੀਅਲ ਅਧਿਕਾਰੀ, ਪੈਰਾ ਲੀਗਲ ਵਲੰਟੀਅਰ, ਕਾਲਜ ਸਟਾਫ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।