​ ਵਿਧਾਇਕ ਅੰਗਦ ਸਿੰਘ ਨੇ 1.02 ਕਰੋੜ ਰੁਪਏ ਦੀ ਲਾਗਤ ਵਾਲੇ ਤਿੰਨ ਵੱਡੇ ਸੜਕੀ ਕੰਮਾਂ ਦਾ ਨੀਂਹ ਪੱਥਰ ਰੱਖਿਆ

ਨਵਾਂਸ਼ਹਿਰ, 8 ਦਸੰਬਰ  :  ਵਿਧਾਇਕ ਅੰਗਦ ਸਿੰਘ ਨੇ ਵੀਰਵਾਰ ਨੂੰ ਜ਼ਿਲ੍ਹੇ ਦੇ ਤਿੰਨ ਪਿੰਡਾਂ ਵਿੱਚ 1.02 ਕਰੋੜ ਰੁਪਏ ਦੇ ਤਿੰਨ ਵੱਡੇ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਪ੍ਰਾਜੈਕਟ ਵਿੱਚ ਪਿੰਡ ਚਰਾਣ ਵਿੱਚ 33.70 ਲੱਖ ਰੁਪਏ, ਪਿੰਡ ਧੈਂਗੜਪੁਰ ਵਿੱਚ 13.20 ਲੱਖ ਰੁਪਏ ਅਤੇ ਮਹਦੀਪੁਰ ਵਿੱਚ 56 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ।  ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵਾਂਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਦੇ ਬਰਾਬਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ |   ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਪਿੰਡ ਵਾਸੀਆਂ ਦੀ ਸਹੂਲਤ ਲਈ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਵਚਨਬੱਧ ਹੈ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਨ੍ਹਾਂ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਮਿਆਰੀ ਸਮੱਗਰੀ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਕੰਮਾਂ 'ਤੇ ਲਗਾਤਾਰ ਨਜ਼ਰ ਰੱਖਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮੇਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਅਤੇ ਅਧਿਕਾਰੀਆਂ ਦੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਵਿਧਾਇਕ ਅੰਗਦ ਸਿੰਘ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਮਸਲੇ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।