ਸਵੱਛ ਸਰਵੇਖਣ ਗ੍ਰਾਮੀਣ-2021 ਜ਼ਿਲ੍ਹੇ ਵਿੱਚ 10 ਦਸੰਬਰ ਤੋਂ 10 ਜਨਵਰੀ ਤੱਕ ਹੋਵੇਗਾ- ਡੀ.ਸੀ.ਵਿਸ਼ੇਸ਼ ਸਾਰੰਗਲ

 ਨਵਾਂਸ਼ਹਿਰ, 3 ਦਸੰਬਰ, 2021: ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਜ਼ਿਲ੍ਹੇ ਵਿੱਚ ਸਵੱਛ ਸਰਵੇਖਣ ਗ੍ਰਾਮੀਣ-2021 ਮਿਤੀ 10 ਦਸੰਬਰ, 2021 ਤੋਂ 10 ਜਨਵਰੀ, 2022 ਤੱਕ ਕੀਤਾ ਜਾਵੇਗਾ।
 ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਜਲ ਅਤੇ ਸਵੱਛਤਾ ਮਿਸ਼ਨ ਨੂੰ ਲਾਗੂ ਕਰਨ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੱਛ ਸਰਵੇਖਣ ਗ੍ਰਾਮੀਣ 2021 ਭਾਰਤ ਭਰ ਦੇ ਸਾਰੇ ਜ਼ਿਲ੍ਹਿਆਂ ਅਤੇ ਰਾਜਾਂ ਦੀ ਸਫ਼ਾਈ ਤੇ ਹੋਰ ਮਾਪਦੰਡਾਂ ਦੇ ਅਧਾਰ 'ਤੇ ਦਰਜਾਬੰਦੀ ਕਰਨ ਲਈ ਇੱਕ ਸੁਤੰਤਰ ਸਰਵੇਖਣ ਏਜੰਸੀ ਦੁਆਰਾ ਕਰਵਾਇਆ ਜਾਵੇਗਾ।
 ਉਨ੍ਹਾਂ ਕਿਹਾ ਕਿ ਸਰਵੇਖਣ ਏਜੰਸੀ ਪਲਾਸਟਿਕ ਵੇਸਟ ਪ੍ਰਬੰਧਨ, ਤਰਲ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਆਦਿ ਸਫਾਈ ਅਤੇ ਸਵੱਛਤਾ ਮਾਪਦੰਡਾਂ ਦਾ ਮੁਲਾਂਕਣ ਕਰੇਗੀ। ਇਸ ਤੋਂ ਇਲਾਵਾ ਏਜੰਸੀ ਪੇਂਡੂ ਖੇਤਰਾਂ ਵਿੱਚ ਖੁੱਲੇ ਵਿੱਚ ਸ਼ੌਚ ਮੁਕਤ ਪਲੱਸ (ਓ ਡੀ ਪਲੱਸ) ਸਥਿਤੀ ਦੀ ਵੀ ਦੇਖਭਾਲ ਕਰੇਗੀ।
 ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਨਿੱਜੀ ਤੌਰ 'ਤੇ ਪ੍ਰੇਰਿਤ ਕਰਕੇ ਪਿੰਡਾਂ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਖੁੱਲ੍ਹੇ ਵਿੱਚ ਸ਼ੌਚ ਮੁਕਤ ਬਣਾਉਣ ਲਈ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ।  ਉਨ੍ਹਾਂ ਲੋਕਾਂ ਨੂੰ ਸਫ਼ਾਈ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਤਰੀਕਿਆਂ ਰਾਹੀਂ ਜਨਤਕ ਘੋਸ਼ਣਾ ਕਰਨ ਲਈ ਵੀ ਕਿਹਾ ਤਾਂ ਜੋ ਜ਼ਿਲ੍ਹੇ ਦੇ ਪਿੰਡਾਂ ਨੂੰ ਸਰਵੇਖਣ ਵਿੱਚ ਚੰਗੀ ਰੈਂਕਿੰਗ ਮਿਲ ਸਕੇ।
 ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸੁਫ਼ਨਾ ਹੈ ਕਿ ਸੂਬੇ ਨੂੰ ਸਾਫ਼ ਸੁਥਰਾ ਅਤੇ ਖੁੱਲ੍ਹੇ ਵਿੱਚ ਸ਼ੌਚ ਤੋਂ ਮੁਕਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਚੰਗੇ ਕਾਰਜ ਲਈ ਕੋਈ ਕਸਰ ਬਾਕੀ ਨਾ ਛੱਡਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਦੀਪ ਸਿੰਘ ਬੈਂਸ, ਦਿਹਾਤੀ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਐਸ.ਡੀ.ਓਜ਼ ਮਨਜੀਤ ਸਿੰਘ ਅਤੇ ਹਰਦੀਪ ਸਿੰਘ , ਪੇਂਡੂ ਵਿਕਾਸ ਤੇ ਪੰਚਾਇਤ, ਸਿਹਤ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।