ਸੇਵਾਵਾਂ ਦੀ ਸਮੇਂ ਸਿਰ ਉਪਲਬਧਤਾ ਕਰਵਾਕੇ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਦੇਣਾ ਯਕੀਨੀ ਬਣਾਇਆ ਜਾ ਰਿਹਾ ਹੈ- ਡੀ.ਸੀ. ਵਿਸ਼ੇਸ਼ ਸਾਰੰਗਲ
ਨਵਾਂਸ਼ਹਿਰ, 25 ਦਸੰਬਰ:- ਅੱਜ ਜਦੋਂ ਸਮੁੱਚੇ ਦੇਸ਼ ਵਿੱਚ ਸੁਸ਼ਾਸਨ (ਚੰਗਾ ਪ੍ਰਸ਼ਾਸਨ) ਦਿਵਸ ਮਨਾਇਆ ਜਾ ਰਿਹਾ ਸੀ, ਤਾਂ ਸ਼ਹੀਦ ਭਗਤ ਸਿੰਘ ਨਗਰ ਨੂੰ ਸੂਬਾ ਸਰਕਾਰ ਨੇ ਸਭ ਤੋਂ ਘੱਟ ਬਕਾਇਆ ਤੇ ਵਧ ਨਿਪਟਾਰੇ ਅਤੇ ਜਨਤਕ ਸੇਵਾਵਾਂ ਨੂੰ ਤੁਰੰਤ ਅਤੇ ਕੁਸ਼ਲਤਾ ਨਾਲ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਤੀਜੀ ਵਾਰ ਫਿਰ ਪਹਿਲੇ ਨੰਬਰ 'ਤੇ ਐਲਾਨਿਆ ਹੈ।
ਰਾਜ ਸਰਕਾਰ ਵਲੋਂ ਜਾਰੀ ਤਾਜ਼ਾ ਰਿਪੋਰਟ ਅਨੁਸਾਰ ਜ਼ਿਲ੍ਹੇ ਵਿੱਚ 24 ਦਸੰਬਰ, 2020 ਤੋਂ 23 ਦਸੰਬਰ, 2021 ਤੱਕ ਸੇਵਾ ਕੇਂਦਰਾਂ ਵਿੱਚ ਸਿਰਫ਼ 0.09 ਪ੍ਰਤੀਸ਼ਤ ਅਰਜ਼ੀਆਂ ਪੈਂਡਿੰਗ ਸਨ। ਇੱਥੇ ਜ਼ਿਕਰਯੋਗ ਹੈ ਕਿ ਜ਼ਿਲ੍ਹਾ 0.04 ਪ੍ਰਤੀਸ਼ਤ ਪੈਂਡੈਂਸੀ ਅਤੇ 0.09 ਪ੍ਰਤੀਸ਼ਤ ਦੇ ਨਾਲ ਇਸ ਤੋਂ ਪਹਿਲਾਂ ਵੀ ਪਿਛਲੇ ਦਿਨਾਂ ਚ ਦੋ ਵਾਰ ਪਹਿਲਾ ਦਰਜਾ ਪ੍ਰਾਪਤ ਕਰ ਚੁੱਕਾ ਹੈ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਲੋਕਾਂ ਦੀਆਂ ਦਰਖਾਸਤਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸੇਵਾਵਾਂ ਦੀ ਅਸਰਦਾਰ ਅਤੇ ਤੁਰੰਤ ਉਪਲਬਧਤਾ ਨਾਲ ਵਧੀਆ ਪ੍ਰਸ਼ਾਸਨ ਮੁਹਈਆ ਹੋਣਾ ਯਕੀਨੀ ਹੁੰਦਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੇਵਾ ਕੇਂਦਰ ਖੋਲ੍ਹੇ ਗਏ ਹਨ, ਜਿਸ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਨੂੰ ਤੇਜ਼ੀ ਅਤੇ ਸਮੇਂ ਸਿਰ ਕਰਵਾਉਣ ਵਿੱਚ ਮਦਦ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਕੇਂਦਰ ਵੱਖ-ਵੱਖ ਦਫ਼ਤਰਾਂ ਨਾਲ, ਘੱਟ ਤੋਂ ਘੱਟ ਲੋਕਾਂ ਦੇ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਂਦੇ ਹਨ ਅਤੇ ਸਮੁੱਚੀ ਸੇਵਾ ਪ੍ਰਦਾਤਾ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆ ਕੇ, ਪ੍ਰਸ਼ਾਸਨ ਦੀ ਕੁਸ਼ਲਤਾ ਵਿੱਚ ਵਾਧਾ ਕਰਦੇ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 18 ਦਸੰਬਰ, 2020 ਤੋਂ 17 ਦਸੰਬਰ, 2021 ਤੱਕ ਸੇਵਾ ਕੇਂਦਰਾਂ ਵਿੱਚ 137392 ਅਰਜ਼ੀਆਂ ਪ੍ਰਾਪਤ ਹੋਈਆਂ ਸਨ ਅਤੇ 119 ਅਰਜ਼ੀਆਂ ਸੂਬਾ ਸਰਕਾਰ ਵੱਲੋਂ ਨਿਰਧਾਰਤ ਸਮਾਂ ਸੀਮਾ ਤੋਂ ਵੱਧ ਬਕਾਇਆ ਪਈਆਂ ਸਨ।
ਉਨ੍ਹਾਂ ਦੱਸਿਆ ਕਿ 716 ਅਰਜ਼ੀਆਂ ਰੱਦ ਕੀਤੀਆਂ ਗਈਆਂ ਅਤੇ 148 ਨੂੰ ਅਣਉਚਿਤ ਜਾਣਕਾਰੀ ਜਾਂ ਦਸਤਾਵੇਜ਼ਾਂ ਕਾਰਨ ਵਾਪਸ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 3152 ਦਰਖਾਸਤਾਂ ਪ੍ਰਕਿਰਿਆ ਅਧੀਨ ਹਨ ਅਤੇ ਬਾਕੀ ਦਰਖਾਸਤਾਂ ਦਾ ਨਿਪਟਾਰਾ ਸਮੇਂ ਸਿਰ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਜ਼ੀਰੋ ਪੈਂਡੈਂਸੀ ਪਹੁੰਚ ਮਹੱਤਵਪੂਰਨ ਨਤੀਜੇ ਯਕੀਨੀ ਬਣਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਹ ਲੋਕਾਂ ਦੀਆਂ ਦਰਖਾਸਤਾਂ ਦਾ ਨਿਪਟਾਰਾ ਸਮਾਂ ਸੀਮਾ ਅੰਦਰ ਕਰਵਾ ਕੇ, ਉਨ੍ਹਾਂ ਨੂੰ ਸਹੂਲਤ ਦੇਣ 'ਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਸੇਵਾਵਾਂ ਤੁਰੰਤ ਪਹੁੰਚਾਉਣ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸਖ਼ਤ ਮਿਹਨਤ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ।
ਉਨ੍ਹਾਂ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਲੋਕਾਂ ਨੂੰ ਸੇਵਾਵਾਂ ਸਮੇਂ ਸਿਰ ਪਹੁੰਚਾਉਣ ਲਈ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸਾਸ਼ਨ ਨਾਗਰਿਕਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਸੇਵਾਵਾਂ ਪ੍ਰਦਾਨ ਕਰਨ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਵਚਨਬੱਧ ਹੈ।
ਸ਼੍ਰੀ ਸਾਰੰਗਲ ਨੇ ਅਧਿਕਾਰੀਆਂ/ਕਰਮਚਾਰੀਆਂ ਦੀ ਨਾਗਰਿਕ ਸੇਵਾਵਾਂ ਪ੍ਰਤੀ ਅਜਿਹੇ ਜੋਸ਼ ਅਤੇ ਜਨੂੰਨ ਦਾ ਪ੍ਰਦਰਸ਼ਨ ਕਰਦੇ ਰਹਿਣ ਲਈ ਸ਼ਲਾਘਾ ਵੀ ਕੀਤੀ।