ਜਨਤਕ ਸੇਵਾਵਾਂ ਦੇਣ ’ਚ ਸ਼ਹੀਦ ਭਗਤ ਸਿੰਘ ਨਗਰ ਨੇ ਫਿਰ ਮਾਅਰਕਾ ਮਾਰਿਆ, ਲਗਾਤਾਰ ਦੂਜੀ ਵਾਰ ਸਭ ਤੋਂ ਘੱਟ ਬਕਾਇਆ ਅਰਜ਼ੀਆਂ ਦੇ ਨਾਲ ਪਹਿਲਾ ਸਥਾਨ ਹਾਸਲ ਕੀਤਾ

ਡੀ ਸੀ ਵਿਸੇਸ਼ ਸਾਰੰਗਲ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਡਿਊਟੀ ਪ੍ਰਤੀ ਮਿਹਨਤ ਅਤੇ ਲਗਨ ਦੀ ਕੀਤੀ ਪ੍ਰਸ਼ੰਸਾ
ਨਵਾਂਸ਼ਹਿਰ, 18 ਦਸੰਬਰ:- ਸ਼ਹੀਦ ਭਗਤ ਸਿੰਘ ਨਗਰ ਨੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਵਿੱਚ, ਲਗਾਤਾਰ ਦੂਜੀ ਵਾਰ, ਸਭ ਤੋਂ ਘੱਟ ਬਕਾਇਆ ਅਰਜ਼ੀਆਂ ਦੇ ਨਾਲ ਪੰਜਾਬ ਵਿੱਚ ਪਹਿਲਾ ਸਥਾਨ ਬਰਕਰਾਰ ਰੱਖਿਆ ਹੈ।
      ਪੰਜਾਬ ਸਰਕਾਰ ਦੀ ਤਾਜ਼ਾ ਰਿਪੋਰਟ ਅਨੁਸਾਰ, ਜ਼ਿਲ੍ਹੇ ਵਿੱਚ 18 ਦਸੰਬਰ, 2020 ਤੋਂ 17 ਦਸੰਬਰ, 2021 ਤੱਕ ਸੇਵਾ ਕੇਂਦਰਾਂ ਵਿੱਚ 0.09 ਪ੍ਰਤੀਸ਼ਤ ਅਰਜ਼ੀਆਂ ਪੈਂਡਿੰਗ ਹਨ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਹੇਠ ਜ਼ਿਲ੍ਹੇ ਨੇ ਪਿਛਲੇ ਮਹੀਨੇ ਵੀ 0.04 ਫੀਸਦੀ ਪੈਂਡਿੰਗ ਦੇ ਨਾਲ ਪਹਿਲਾ ਸਥਾਨ ਹਾਸਲ ਕੀਤਾ ਸੀ।
       ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 18 ਦਸੰਬਰ, 2020 ਤੋਂ 17 ਦਸੰਬਰ, 2021 ਤੱਕ ਸੇਵਾ ਕੇਂਦਰਾਂ ਵਿੱਚ 1,37,704 ਅਰਜ਼ੀਆਂ ਪ੍ਰਾਪਤ ਹੋਈਆਂ ਹਨ ਅਤੇ ਇਸ ਸਮੇਂ ਰਾਜ ਸਰਕਾਰ ਵੱਲੋਂ ਨਿਰਧਾਰਤ ਸਮਾਂ ਸੀਮਾ ਤੋਂ ਵੱਧ ਕੇਵਲ 120 ਅਰਜ਼ੀਆਂ ਹੀ ਬਕਾਇਆ ਪਈਆਂ ਹਨ।  ਉਨ੍ਹਾਂ ਦੱਸਿਆ ਕਿ 711 ਅਰਜ਼ੀਆਂ ਰੱਦ ਕੀਤੀਆਂ ਗਈਆਂ ਅਤੇ 152 ਨੂੰ ਅਣਉਚਿਤ ਜਾਣਕਾਰੀ ਜਾਂ ਦਸਤਾਵੇਜ਼ਾਂ ਦੀ ਘਾਟ ਕਾਰਨ ਵਾਪਸ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ 2928 ਦਰਖਾਸਤਾਂ ਨਿਪਟਾਰਾ ਪ੍ਰਕਿਰਿਆ ਅਧੀਨ ਸਨ ਅਤੇ ਬਾਕੀ ਅਰਜ਼ੀਆਂ ਦਾ ਨਿਪਟਾਰਾ ਸਮੇਂ ਸਿਰ ਕਰ ਦਿੱਤਾ ਗਿਆ।
      ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ 'ਜ਼ੀਰੋ ਪੈਂਡੈਂਸੀ' ਪਹੁੰਚ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲੋਕਾਂ ਦੀਆਂ ਦਰਖਾਸਤਾਂ ਦਾ ਨਿਪਟਾਰਾ ਤੈਅ ਸਮਾਂ ਸੀਮਾ ਅੰਦਰ ਕਰਕੇ, ਉਨ੍ਹਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਤੁਰੰਤ ਸੇਵਾਵਾਂ ਪ੍ਰਦਾਨ ਕਰਨ ਲਈ ਕੀਤੀ ਗਈ ਮਿਹਨਤ ਅਤੇ ਦਿਖਾਈ ਗਈ ਵਚਨਬੱਧਤਾ ਦੀ ਸ਼ਲਾਘਾ ਕੀਤੀ।
    ਉਨ੍ਹਾਂ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਲੋਕਾਂ ਨੂੰ ਸੇਵਾਵਾਂ ਸਮੇਂ ਸਿਰ ਪਹੁੰਚਾਉਣ ਦੀ ਸਖ਼ਤੀ ਨਾਲ ਪਾਲਣਾ ਕਰਨ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਨਾਂ ਕਿਸੇ ਦਿੱਕਤ ਦੇ ਸੇਵਾਵਾਂ ਪ੍ਰਦਾਨ ਕਰਨ ਨੂੰ ਸਭ ਤੋਂ ਵੱਧ ਤਰਜੀਹ ਦੇਣ ਲਈ ਵਚਨਬੱਧ ਹੈ।
    ਸ਼੍ਰੀ ਸਾਰੰਗਲ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਨਾਗਰਿਕ ਸੇਵਾਵਾਂ ਪ੍ਰਤੀ ਅਜਿਹੇ ਜੋਸ਼ ਅਤੇ ਜਨੂੰਨ ਦਾ ਪ੍ਰਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਤ ਕਰਦਿਆਂ ਇਸੇ ਗਤੀ ਨਾਲ ਕੰਮ ਕਰਦੇ ਰਹਿਣ ਦੀ ਅਪੀਲ ਕੀਤੀ।