ਨਵਾਂਸ਼ਹਿਰ, 6 ਜਨਵਰੀ : - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ 12 ਮਾਰਚ, 2022 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਬੈਂਕ ਰਿਕਵਰੀ, ਕਿਰਤ ਵਿਵਾਦ, ਬਿਜਲੀ ਅਤੇ ਪਾਣੀ ਦੇ ਬਿੱਲਾਂ (ਚੋਰੀ ਦੇ ਕੇਸਾਂ ਨੂੰ ਛੱਡ ਕੇ) ਅਪਰਾਧਿਕ ਰਾਜ਼ੀਨਾਮਾ ਹੋਣਯੋਗ ਕੇਸ, ਮੋਟਰ ਐਕਸੀਡੈਂਟ ਕਲੇਮ (ਐਮ.ਏ.ਸੀ.ਟੀ.), ਵਿਆਹੁਤਾ ਝਗੜੇ, ਜ਼ਮੀਨ ਐਕਵਾਇਰ, ਸੇਵਾ ਮਾਮਲਿਆਂ ਨਾਲ ਸਬੰਧਤ ਤਨਖ਼ਾਹ ਭੱਤੇ ਅਤੇ ਸੇਵਾਮੁਕਤੀ ਦੇ ਲਾਭਾਂ, ਮਾਲ ਕੇਸਾਂ, ਕਿਰਾਇਆ, ਜ਼ਮੀਨੀ ਰਸਤੇ ਦੇ ਝਗੜੇ, ਮਨਾਹੀ ਅਤੇ ਹੋਰ ਸਬੰਧਤ ਮਾਮਲੇ ਨਿਪਟਾਰੇ ਲਈ ਲਏ ਜਾਣਗੇ। ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ.) ਸ. ਕੰਵਲਜੀਤ ਸਿੰਘ ਬਾਜਵਾ ਨੇ ਕਿਹਾ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਲਿਆ ਗਿਆ ਫੈਸਲਾ ਅੰਤਿਮ ਹੁੰਦਾ ਹੈ, ਜਿਸ ਨੂੰ ਕਿਸੇ ਹੋਰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਝਗੜਿਆਂ ਦੇ ਸਸਤੇ ਅਤੇ ਜਲਦੀ ਨਿਪਟਾਰਾ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ ਅਤੇ ਲੋਕ ਅਦਾਲਤ ਰਾਹੀਂ ਵਿਵਾਦਾਂ ਦਾ ਨਿਪਟਾਰਾ ਆਪਸੀ ਪ੍ਰਵਾਨਿਤ ਸ਼ਰਤਾਂ ਦੇ ਆਧਾਰ 'ਤੇ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬੱਚਤ ਕਰਦੀਆਂ ਹਨ ਅਤੇ ਸਮਾਜ ਵਿੱਚ ਸ਼ਾਂਤੀ ਬਣਾਈ ਰੱਖਣ ਵਿੱਚ ਸਹਾਈ ਹੁੰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਨਿਪਟਾਰਾ ਕਰਵਾ ਕੇ ਨੈਸ਼ਨਲ ਲੋਕ ਅਦਾਲਤ ਦਾ ਲਾਭ ਉਠਾਉਣ।