ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਕੋਵਿਡ-19 ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਲਈ 12000 ਰੋਜ਼ਾਨਾ ਦੇ ਟੀਚੇ ਤੈਅ


ਤਿੰਨੋਂ ਵਧੀਕ ਡਿਪਟੀ ਕਮਿਸ਼ਨਰ ਕਰਨਗੇ ਟੀਚਿਆਂ ਦੀ ਰੋਜ਼ਾਨਾ ਪ੍ਰਾਪਤੀ ਦੀ ਨਿਗਰਾਨੀ

ਨਵਾਂਸ਼ਹਿਰ, 27 ਜਨਵਰੀ : -ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੀਰਵਾਰ ਨੂੰ ਜ਼ਿਲ੍ਹੇ ਦੇ ਹਰੇਕ ਯੋਗ ਲਾਭਪਾਤਰੀ ਦੇ ਮੁਕੰਮਲ ਟੀਕਾਕਰਨ ਲਈ ਜ਼ਿਲ੍ਹੇ ਦੇ ਤਿੰਨਾਂ ਵਧੀਕ ਡਿਪਟੀ ਕਮਿਸ਼ਨਰਾਂ (ਏ.ਡੀ.ਸੀਜ਼.) ਨੂੰ ਤਾਇਨਾਤ ਕੀਤਾ ਹੈ।

ਟੀਕਾਕਰਨ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਬੰਗਾ, ਸੁੱਜੋਂ ਅਤੇ ਮੁਕੰਦਪੁਰ ਸਿਹਤ ਕੇਂਦਰਾਂ ਅਧੀਨ ਪੈਂਦੇ ਇਲਾਕਿਆਂ ਵਿਚ ਟੀਕਾਕਰਨ ਮੁਹਿੰਮ ਦੀ ਨਿਗਰਾਨੀ ਕਰਨਗੇ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਿਤ ਸਰੀਨ ਨਵਾਂਸ਼ਹਿਰ, ਮੁਜ਼ੱਫਰਪੁਰ ਅਤੇ ਰਾਹੋਂ ਸਿਹਤ ਕੇਂਦਰਾਂ ਚ ਪੈਂਦੇ ਖੇਤਰਾਂ ਚ  ਵਿਖੇ ਟੀਕਾਕਰਨ ਮੁਹਿੰਮ 'ਤੇ ਨਜ਼ਰ ਰੱਖਣਗੇ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ ਬਲਾਚੌਰ ਅਤੇ ਸੜੋਆ ਸਿਹਤ ਕੇਂਦਰਾਂ ਤਹਿਤ ਪੈਂਦੇ ਇਲਾਕਿਆਂ ਵਿਖੇ ਟੀਕਾਕਰਨ ਮੁਹਿੰਮ ਦੀ ਨਿਗਰਾਨੀ ਕਰਨਗੇ।

   ਸ਼੍ਰੀ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਰੋਜ਼ਾਨਾ 12000 ਖੁਰਾਕਾਂ ਦੇਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਉਹ ਰੋਜ਼ਾਨਾ ਇਨ੍ਹਾਂ ਟੀਚਿਆਂ ਦੀ ਪ੍ਰਾਪਤੀ ਦਾ ਜਾਇਜ਼ਾ ਲੈਣਗੇ।

ਉਨ੍ਹਾਂ ਕਿਹਾ ਕਿ ਟੀਚੇ ਨੂੰ ਪੂਰਾ ਕਰਨ ਲਈ ਸਿਵਲ ਸਰਜਨ ਡਾ: ਦਵਿੰਦਰ ਢਾਂਡਾ ਅਤੇ ਸਿਹਤ ਟੀਮਾਂ ਨੂੰ ਢੁੱਕਵਾਂ ਸਹਿਯੋਗ ਯਕੀਨੀ ਬਣਾਉਣ ਲਈ ਤਿੰਨੋਂ ਏ.ਡੀ.ਸੀਜ਼ ਆਪਣੇ-ਆਪਣੇ ਖੇਤਰਾਂ ਵਿੱਚ ਸੈਸ਼ਨ ਸਾਈਟਾਂ ਦਾ ਦੌਰਾ ਵੀ ਕਰਨਗੇ।

ਕੋਵਿਡ-19 ਦਾ ਮੁਕਾਬਲਾ ਕਰਨ ਲਈ ਟੀਕਾਕਰਨ ਦੀ ਮਹੱਤਤਾ ਦੱਸਦਿਆਂ, ਉਨ੍ਹਾਂ ਕਿਹਾ ਕਿ ਇਹ ਸਾਡੀ ਸਭਨਾਂ ਦੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਨੇ ਲੋਕਾਂ ਨੂੰ ਅੱਗੇ ਆਉਣ ਅਤੇ ਟੀਕਾ ਲਗਵਾਉਣ ਦੀ ਅਪੀਲ ਕੀਤੀ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਯੋਗ ਵਿਅਕਤੀਆਂ ਦੀ ਟੀਕਾਕਰਨ ਮੁਹਿੰਮ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾ ਕੇ, ਇਸ ਮੁਹਿੰਮ ਨੂੰ ਕੋਵਿਡ ਮਹਾਂਮਾਰੀ ਵਿਰੁੱਧ ਜਨਤਕ ਲਹਿਰ ਬਣਾਉਣ ਦੀ ਲੋੜ ਹੈ।

ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਸਾਨੂੰ ਕੋਰੋਨਾ ਵਾਇਰਸ ਵਿਰੁੱਧ ਜੰਗ ਵਿੱਚ, ਦੇਸ਼ ਪ੍ਰਤੀ ਆਪਣਾ ਫਰਜ਼ ਸਮਝਦੇ ਹੋਏ ਟੀਕਾਕਰਨ ਕਰਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ।

ਸ਼੍ਰੀ ਸਾਰੰਗਲ ਨੇ ਲੋਕਾਂ ਨੂੰ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾ ਕੇ ਰੱਖਣ, ਵਾਰ-ਵਾਰ ਹੱਥ ਧੋ ਕੇ ਕੋਵਿਡ ਸੁਰੱਖਿਆ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਅਪੀਲ ਵੀ ਕੀਤੀ।