ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ‘ਵਰਚੁਅਲ’ ਤੌਰ ’ਤੇ ਮਨਾਇਆ ਜਾਵੇਗਾ-ਡੀ ਸੀ ਵਿਸ਼ੇਸ਼ ਸਾਰੰਗਲ

ਨਵਾਂਸ਼ਹਿਰ, 21 ਜਨਵਰੀ :- ਕੋਵਿਡ-19 ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 25 ਜਨਵਰੀ ਨੂੰ 12ਵਾਂ ਰਾਸ਼ਟਰੀ ਵੋਟਰ ਦਿਵਸ 'ਵਰਚੁਅਲ' ਤੌਰ 'ਤੇ ਮਨਾਇਆ ਜਾਵੇਗਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੇ ਸਥਾਪਨਾ ਦਿਵਸ ਨੂੰ ਸਮਰਪਿਤ ਰਾਸ਼ਟਰੀ ਵੋਟਰ ਦਿਵਸ ਚੋਣਾਂ ਵਿੱਚ ਨਵੇਂ ਵੋਟਰਾਂ ਨੂੰ ਖਾਸ ਤੌਰ 'ਤੇ ਨੌਜੁਆਨਾਂ ਨੂੰ ਉਤਸ਼ਾਹਿਤ ਕਰਨ, ਮਤਦਾਨ ਲਈ ਪ੍ਰੇਰਿਤ ਕਰਨ ਅਤੇ ਚੋਣ ਪ੍ਰਕਿਰਿਆ ਦੌਰਾਨ ਮਤਦਾਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਮਨਾਇਆ ਜਾਂਦਾ ਹੈ।
 ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਸਾਲ ਪ੍ਰਸ਼ਾਸਨ ਵੱਲੋਂ ਇਹ ਦਿਹਾੜਾ 'ਆਨਲਾਈਨ ਮੋਡ' ਰਾਹੀਂ ਮਨਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ ਅਤੇ ਇਸ ਸਬੰਧੀ ਸਾਰੇ ਰਿਟਰਨਿੰਗ ਅਫ਼ਸਰਾਂ, ਬੂਥ ਲੈਵਲ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
 ਉਨ੍ਹਾਂ ਦੱਸਿਆ ਕਿ ਸਮਾਰਟ ਸਕੂਲਾਂ ਵਿੱਚ ਪਿ੍ਰੰਸੀਪਲਾਂ ਦੀ ਅਗਵਾਈ ਹੇਠ ਬੂਥ ਪੱਧਰੀ ਸਮਾਗਮ ਕਰਵਾਏ ਜਾਣਗੇ ਜਿੱਥੋਂ ਉਹ 25 ਜਨਵਰੀ ਨੂੰ ਮੁੱਖ ਚੋਣ ਅਫ਼ਸਰ ਦੀ ਪ੍ਰਧਾਨਗੀ ਹੇਠ ਹੋਣ ਵਾਲੇ ਰਾਜ ਪੱਧਰੀ ਸਮਾਗਮ ਨਾਲ ਜੁੜ ਜਾਣਗੇ।
 ਸ੍ਰੀ ਸਾਰੰਗਲ ਨੇ ਦੱਸਿਆ ਕਿ ਪੰਜ ਨਵੇਂ ਵੋਟਰਾਂ ਨੂੰ ਐਪਿਕ ਕਾਰਡਾਂ ਦੇ ਨਾਲ-ਨਾਲ ਸਰਵੋਤਮ ਰਿਟਰਨਿੰਗ ਅਫ਼ਸਰ, ਬੂਥ ਲੈਵਲ ਅਫ਼ਸਰ, ਸਰਵੋਤਮ ਨੋਡਲ ਅਫ਼ਸਰ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਮਾਗਮ ਦੌਰਾਨ ਸਾਰੇ ਭਾਗੀਦਾਰਾਂ ਨੂੰ ਲੋਕਤੰਤਰੀ ਪ੍ਰਣਾਲੀ ਪ੍ਰਤੀ ਵਚਨਬੱਧਤਾ ਦੀ ਸਹੁੰ ਵੀ ਚੁਕਾਈ ਜਾਵੇਗੀ।
 ਉਨ੍ਹਾਂ ਅੱਗੇ ਕਿਹਾ ਕਿ ਇਸ ਸਾਲ ਦੇ ਰਾਸ਼ਟਰੀ ਵੋਟਰ ਦਿਵਸ ਦਾ ਥੀਮ 'ਚੋਣਾਂ ਦੌਰਾਨ ਚੋਣਾਂ ਨੂੰ ਸਮਾਵੇਸ਼ੀ, ਪਹੁੰਚਯੋਗ ਅਤੇ ਭਾਗੀਦਾਰ ਬਣਾਉਣਾ' ਹੈ, ਤਾਂ ਜੋ ਮਤਦਾਨ ਪ੍ਰਤੀ ਹਰ ਵਰਗ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕੀਤਾ ਜਾ ਸਕੇ। 
 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਤੰਤਰੀ ਪ੍ਰਕਿਰਿਆ ਵਿੱਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਇੱਕ ਚੰਗੀ ਸਰਕਾਰ ਦੇ ਗਠਨ ਦੀ ਕੁੰਜੀ ਹੈ ਅਤੇ ਲੋਕਾਂ ਖਾਸ ਕਰਕੇ ਨੌਜਵਾਨਾਂ ਨੂੰ ਚੋਣਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।