73ਵੇਂ ਗਣਤੰਤਰ ਦਿਵਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਪਟਿਆਲਾ ਵਿਖੇ ਲਹਿਰਾਇਆ ਤਿਰੰਗਾ

-ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੇ ਵੋਟ ਪਾਉਣ ਦੇ ਅਧਿਕਾਰ ਦੀ ਖੁਲ੍ਹਕੇ ਵਰਤੋਂ ਕਰਨ ਪੰਜਾਬ ਵਾਸੀ-ਮਨਪ੍ਰੀਤ ਸਿੰਘ ਬਾਦਲ

ਪਟਿਆਲਾ, 26 ਜਨਵਰੀ : ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਵਿੱਤ, ਕਰ, ਪ੍ਰਸ਼ਾਸਕੀ ਸੁਧਾਰ, ਯੋਜਨਾਬੰਦੀ ਤੇ ਪ੍ਰੋਗਰਾਮ ਲਾਗੂ ਕਰਨ ਬਾਰੇ ਵਿਭਾਗਾਂ ਦੇ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਪਟਿਆਲਾ ਦੇਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਇਆ। ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਏ ਗਏ ਗਣਤੰਤਰ ਦਿਵਸ ਦੇ ਇਸ ਸਮਾਗਮ ਮੌਕੇ ਸ. ਬਾਦਲ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਅਤੇ ਐਸ.ਐਸ.ਪੀ. ਡਾ. ਸੰਦੀਪ ਗਰਗ ਵੀ ਮੌਜੂਦ ਸਨ।
ਆਪਣੇ ਸੰਬੋਧਨ ਦੌਰਾਨ ਸ. ਮਨਪ੍ਰੀਤ ਸਿੰਘ ਬਾਦਲ ਨੇ ਦੇਸ਼ ਦੀ ਆਜ਼ਾਦੀ ਲਈ ਮਹਾਨ ਕੁਰਬਾਨੀਆਂ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਭਾਰਤ, ਦੁਨੀਆਂ ਦਾ ਸਭ ਤੋਂ ਵੱਡਾ ਗਣਰਾਜ ਹੈ, ਜਿੱਥੇ ਮਹਾਨ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਸਦਕਾ, ਦੇਸ਼ ਵਾਸੀਆਂ ਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ।
ਸ. ਬਾਦਲ ਨੇ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ, ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਸੂਬਾ ਨਿਵਾਸੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਖੁੱਲ੍ਹਕੇ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਇਹ ਅਧਿਕਾਰ, ਉਨ੍ਹਾਂ ਲੱਖਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲਿਆ ਹੈ, ਜਿਨ੍ਹਾਂ ਨੇ ਆਪਣੀ ਧਰਤੀ ਮਾਂ ਦਾ ਕਰਜ ਚੁਕਾਉਣ ਲਈ ਆਪਣੀ ਜਾਨ ਦੀ ਆਹੂਤੀ ਦਿੱਤੀ।
ਵਿੱਤ ਮੰਤਰੀ ਨੇ ਮਹਾਨ ਸ਼ਹੀਦਾਂ, ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਨੇਤਾ ਜੀ ਸੁਭਾਸ਼ ਚੰਦਰ ਬੋਸ ਅਤੇ ਹੋਰਨਾਂ ਦਾ ਜਿਕਰ ਕਰਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਗੱਲ ਦਾ ਹਲਫ਼ ਲੈਣ, ਕਿ ਉਹ ਦੇਸ਼ ਵਿੱਚੋਂ ਗਰੀਬੀ, ਬੇਰੁਜ਼ਗਾਰੀ, ਅਨਪੜ੍ਹਤਾ, ਨਸ਼ਾਖੋਰੀ ਅਤੇ ਵਤਨ ਦੇ ਦੁਸ਼ਮਣਾਂ ਦਾ ਖਾਤਮਾ ਕਰਨਗੇ ਅਤੇ ਦੇਸ਼ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ।
ਇਸ ਮੌਕੇ ਵਿਧਾਇਕ ਸਮਾਣਾ ਰਾਜਿੰਦਰ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ, ਪੰਜਾਬ ਸਮਾਜ ਭਲਾਈ ਬੋਰਡ ਦੇ ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਚੇਅਰਮੈਨ ਪੀ.ਆਰ.ਟੀ.ਸੀ. ਸਤਵਿੰਦਰ ਸਿੰਘ ਚੈੜੀਆਂ, ਮੇਅਰ ਨਗਰ ਨਿਗਮ ਸੰਜੀਵ ਸ਼ਰਮਾ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ, ਆਈ.ਜੀ. ਰਾਕੇਸ਼ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨਜ ਜੱਜ ਰਾਜਿੰਦਰ ਅਗਰਵਾਲ ਤੇ ਹੋਰ ਜੁਡੀਸ਼ੀਅਲ ਅਧਿਕਾਰੀ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਐਸ.ਐਸ.ਪੀ. ਡਾ. ਸੰਦੀਪ ਗਰਗ, ਭਾਰਤੀ ਫੌਜ ਦੀ ਪਹਿਲੀ ਆਰਮਰਡ ਡਵੀਜਨ ਤੋਂ ਲੈਫਟੀਨੈਟ ਕਰਨਲ ਅਜੇ ਕੁਮਾਰ, ਏ.ਈ.ਟੀ.ਸੀ. ਆਬਕਾਰੀ ਸਾਗਰ ਸੇਤੀਆ, ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ, ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਸਹਾਇਕ ਕਮਿਸ਼ਨਰ ਚੰਦਰ ਜੋਤੀ ਸਿੰਘ, ਐਸ.ਪੀ ਮਹਿਤਾਬ ਸਿੰਘ, ਐਸ.ਪੀ. ਹਰਕੰਵਲ ਕੌਰ, ਐਸ.ਡੀ.ਐਮ. ਚਰਨਜੀਤ ਸਿੰਘ, ਸੰਯੁਕਤ ਕਮਿਸ਼ਨਰ ਨਗਰ ਨਿਗਮ ਨਮਨ ਮੜਕਨ ਤੇ ਜਸਲੀਨ ਕੌਰ ਭੁੱਲਰ, ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਸ. ਮਨਪ੍ਰੀਤ ਸਿੰਘ ਬਾਦਲ ਨੂੰ ਸਨਮਾਨਤ ਕੀਤਾ ਗਿਆ। ਜਦਕਿ ਪਟਿਆਲਾ ਵਾਸੀ ਅਤੇ ਚੜ੍ਹਦੀਕਲਾ ਟਾਈਮ ਟੀ.ਵੀ. ਦੇ ਚੇਅਰਮੈਨ ਤੇ ਮੁੱਖ ਸੰਪਾਦਕ ਸ. ਜਗਜੀਤ ਸਿੰਘ ਦਰਦੀ, ਜਿਨ੍ਹਾਂ ਦੀ ਇਸ ਗਣਤੰਤਰ ਦਿਵਸ ਮੌਕੇ ਪਦਮ ਸ੍ਰੀ ਅਵਾਰਡ ਲਈ ਚੋਣ ਕੀਤੀ ਗਈ ਹੈ, ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਪਰੇਡ ਕਮਾਂਡਰ ਡੀ.ਐਸ.ਪੀ. ਮੋਹਿਤ ਅਗਰਵਾਲ, ਪਹਿਲੇ ਸਥਾਨ 'ਤੇ ਆਉਣ ਵਾਲੀ ਪਰੇਡ ਟੁਕੜੀ ਦੇ ਪਲਟੂਨ ਕਮਾਂਡਰ ਆਕਾਸ਼ ਸ਼ਰਮਾ, ਬੈਂਡ ਮਾਸਟਰ ਐਸ.ਆਈ. ਵਿਕਾਸ ਕੁਮਾਰ ਨੂੰ ਵੀ ਸਨਮਾਨਤ ਕੀਤਾ ਗਿਆ।
ਗਣਤੰਤਰ ਦਿਵਸ ਦੀ ਪਰੇਡ ਵਿੱਚ ਪਰੇਡ ਕਮਾਂਡਰ ਡੀ.ਐਸ.ਪੀ. ਸਿਟੀ-2 ਮੋਹਿਤ ਅਗਰਵਾਲ ਦੀ ਅਗਵਾਈ ਹੇਠ 8 ਟੁਕੜੀਆਂ ਨੇ ਹਿੱਸਾ ਲਿਆ, ਜਿਨ੍ਹਾਂ 'ਚ ਦੋ ਟੁਕੜੀਆਂ ਜ਼ਿਲ੍ਹਾ ਪਟਿਆਲਾ ਪੁਲਿਸ ਦੇ ਪੁਰਸ਼ਾਂ ਤੇ ਇੱਕ ਟੁਕੜੀ ਮਹਿਲਾ ਵਿੰਗ ਸਮੇਤ ਹੋਮ ਗਾਰਡਜ਼ ਦੀ ਇੱਕ ਟੁਕੜੀ, ਐਨ.ਸੀ.ਸੀ. ਏਅਰ ਵਿੰਗ, ਐਨ.ਸੀ.ਸੀ. ਆਰਮੀ ਵਿੰਗ, ਐਨ.ਸੀ.ਸੀ. ਗਰਲਜ਼ ਬਟਾਲੀਅਨ ਅਤੇ ਫਸਟ ਆਈ.ਆਰ.ਬੀ. ਪਟਿਆਲਾਦਾ ਪਾਈਪ ਬੈਂਡਸ਼ਾਮਲ ਸੀ। ਇਸ ਮੌਕੇ ਪਟਿਆਲਾ ਦੇ ਮਾਣਮੱਤੇ ਇਤਿਹਾਸ, ਕਲਾ, ਸਾਹਿਤ, ਖੇਡਾਂ ਅਤੇ ਟੈਕਨਾਲੋਜੀ ਨਾਲ ਸਬੰਧਤ ਮਹਾਨ ਹਸਤੀਆਂ, ਜਿਨ੍ਹਾਂ ਦਾ ਸਬੰਧ ਪਟਿਆਲਾ ਨਾਲ ਹੈ, ਨੂੰ ਦਰਸਾਉਂਦੀ ਸਵੀਪ ਦੇ ਨੋਡਲ ਅਫ਼ਸਰ ਪ੍ਰੋ. ਗੁਰਬਖ਼ਸੀਸ ਸਿੰਘ ਅੰਟਾਲ ਵੱਲੋਂ ਤਿਆਰ ਕਰਵਾਈ ਗਈ ਵਿਸ਼ੇਸ਼ ਡਾਕੂਮੈਂਟਰੀ ਵੀ ਦਿਖਾਈ ਗਈ।