ਪਟਿਆਲਾ, 4 ਜਨਵਰੀ: ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ, ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਪੰਜਾਬ ਵੱਲੋਂ ਹਦਾਇਤਾਂ ਜਾਰੀ ਹੋਈਆਂ ਹਨ ਕਿ ਰਾਜ ਭਾਸ਼ਾ ਐਕਟ 1967 ਅਤੇ ਰਾਜ ਭਾਸ਼ਾ ਐਕਟ (ਤਰਮੀਮ) 2008 ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ ਇਸੇ ਐਕਟ ਤਹਿਤ ਹੁਕਮ ਜਾਰੀ ਹੋਏ ਹਨ ਕਿ ਪੰਜਾਬ ਦੇ ਸਮੂਹ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਲਿਖਣ ਸਮੇਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ ਜੇਕਰ ਕਿਸੇ ਹੋਰ ਭਾਸ਼ਾ ਵਿਚ ਨਾਮ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ) ਤੋਂ ਬਾਅਦ ਲਿਖਿਆ ਜਾਵੇ।
ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਵਿਭਾਗ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹੈ ਅਤੇ ਇਸ ਮਾਮਲੇ ਵਿੱਚ ਕੋਈ ਵੀ ਅਣਗਹਿਲੀ ਨਹੀਂ ਵਰਤੀ ਜਾ ਸਕਦੀ। ਪੰਜਾਬੀ ਮਾਤ ਭਾਸ਼ਾ ਪੰਜਾਬ ਰਾਜ ਦੀ ਜਿੰਦ- ਜਾਨ ਹੈ ਅਤੇ ਪੰਜਾਬੀਅਤ ਦਾ ਮਾਣ ਹੈ ਇਸ ਸੰਬੰਧੀ ਹੁਕਮ ਅਧੀਨ ਆਉਂਦੇ ਸਾਰੇ ਅਧਿਕਾਰੀਆਂ ਨੂੰ ਅਪੀਲ ਹੈ ਕਿ ਆਪਣੇ-ਆਪਣੇ ਅਧਿਕਾਰ ਖੇਤਰ ਵਿਚ ਆਉਂਦੇ ਸਥਾਨਾਂ ਦੀ ਪੜਤਾਲ ਕਰ ਲਈ ਜਾਵੇ। ਇਹ ਵੀ ਵਿਸ਼ੇਸ਼ ਤੌਰ 'ਤੇ ਧਿਆਨ ਦਿੱਤਾ ਜਾਵੇ ਕਿ ਸ਼ਬਦ-ਜੋੜ ਵੀ ਠੀਕ ਹੋਣ। ਜੇਕਰ ਇਸ ਤਰ੍ਹਾਂ ਦੀ ਕੋਈ ਕਮੀ ਪਾਈ ਜਾਂਦੀ ਹੈ ਤਾਂ ਸੰਬੰਧਿਤ ਅਧਿਕਾਰੀਆਂ ਵੱਲੋਂ ਜਲਦੀ ਤੋਂ ਜਲਦੀ ਠੀਕ ਕਰਵਾਈ ਜਾਵੇ।
ਜ਼ਿਲ੍ਹਾ ਭਾਸ਼ਾ ਅਫ਼ਸਰ ਚੰਦਨਦੀਪ ਕੌਰ ਨੇ ਪਟਿਆਲਾ ਦੇ ਸਮੂਹ ਅਧਿਕਾਰੀਆਂ ਤੇ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਜ਼ਿੰਮੇਵਾਰੀ ਵਾਲੇ ਕਾਰਜ ਵਿਚ ਸਾਡਾ ਸਾਥ ਦਿਉ। ਭਾਸ਼ਾ ਵਿਭਾਗ ਦਾ ਮੂਲ ਮਨੋਰਥ ਸਾਰੇ ਪੰਜਾਬ ਵਾਸੀਆਂ ਨੂੰ ਨਾਲ ਲੈ ਕੇ ਪੰਜਾਬੀ ਭਾਸ਼ਾ ਨੂੰ ਪੰਜਾਬ ਵਿੱਚ ਬਣਦਾ ਮਾਣ ਸਤਿਕਾਰ ਦਿਵਾਉਣਾ ਹੈ।