ਗਣਤੰਤਰ ਦਿਵਸ ਮੌਕੇ ਉਪ ਮੁੱਖ ਮੰਤਰੀ ਪੰਜਾਬ ਸ: ਸੁਖਜਿੰਦਰ ਸਿੰਘ ਰੰਧਾਵਾ ਝੰਡਾ ਲਹਿਰਾਉਣ ਦੀ ਰਸਮ ਕਰਨਗੇ ਅਦਾ

ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ : ਡਿਪਟੀ ਕਮਿਸ਼ਨਰ
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਆਂ ਦੇ ਘਰ ਜਾ ਕੇ ਕੀਤਾ ਜਾਵੇਗਾ ਸਨਮਾਨ
ਅੰਮ੍ਰਿਤਸਰ, 22 ਜਵਨਰੀ :-  ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਸ: ਖਹਿਰਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 26 ਜਨਵਰੀ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ ਕਿਸੇ ਕਿਸਮ ਦੀ ਕੋਈ ਕਮੀ ਪੇਸ਼ੀ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਊਣਤਾਈ ਸਹਿਣਯੋਗ ਨਹੀਂ ਹੋਵੇਗੀ।  ਉਨਾਂ ਦੱਸਿਆ ਕਿ ਸਮਾਗਮ ਦੀ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨਾਂ ਦੱਸਿਆ  ਕਿ ਇਸ ਵਾਰ ਗਣਤੰਤਰ ਦਿਵਸ ਦੇ ਮੁੱਖ ਮਹਿਮਾਨ ਪੰਜਾਬ ਦੇ ਉਪ ਮੁੱਖ ਮੰਤਰੀ ਪੰਜਾਬ ਸ: ਸੁਖਜਿੰਦਰ ਸਿੰਘ ਰੰਧਾਵਾ ਹੋਣਗੇ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਘਰ ਜਾ ਕੇ ਕੀਤਾ ਜਾਵੇਗਾ। ਉਨ੍ਹਾਂ ਗਣਤੰਤਰ ਦਿਵਸ 'ਤੇ ਜਿਥੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਉਚਿਤ ਬੰਦੋਬਸਤ ਕਰਨ ਲਈ ਕਿਹਾ, ਉਥੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ। 
  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਣਤੰਤਰ ਦਿਵਸ 'ਤੇ ਡਿਊਟੀ ਨਿਭਾਉਣ ਵਾਲੇ ਸਟਾਫ਼ ਦਾ ਕੋਵਿਡ ਟੀਕਾਕਰਨ ਮੁਕੰਮਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਸਥਾਨ 'ਤੇ ਸਾਫ-ਸਫਾਈ, ਪੀਣ ਵਾਲੇ ਪਾਣੀ, ਆਰਜ਼ੀ ਟੁਆਇਲਟ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੈਡੀਕਲ ਟੀਮ ਤਾਇਨਾਤ ਕਰਨ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਪੁਲਿਸ ਟੁਕੜੀਆਂ  ਦਾ ਉਚੇਚਾ ਅਭਿਆਸ ਕਰਵਾਉਣ ਲਈ ਵੀ ਆਖਿਆ। ਸ: ਖਹਿਰਾ ਨੇ ਦੱਸਿਆ ਕਿ ਕੋਵਿਡ ਨਿਯਮਾਂ ਨੂੰ ਧਿਆਨ ਵਿੱਚ ਰਖਦੇ ਹੋਏ ਕੋਈ ਵੀ ਸੱਭਿਆਚਾਰ ਪ੍ਰੋਗਰਾਮ ਅਤੇ ਝਾਂਕੀਆਂ ਨਹੀਂ ਕੱਢੀਆਂ ਜਾਣਗੀਆਂ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ , ਜਿਲ੍ਹਾ ਮਾਲ ਅਫ਼ਸਰ ਸ: ਰਵਿੰਦਰ ਸਿੰਘ, ਸਹਾਇਕ ਸਿਵਲ ਸਰਜਨ ਡਾ. ਅਮਰਜੀਤ ਸਿੰਘ , ਕਾਰਜਕਾਰੀ ਸਕੱਤਰ ਰੈਡ ਕਰਾਸ ਸ: ਤਜਿੰਦਰ ਸਿੰਘ ਰਾਜਾ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।