ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਸਮਾਗਮ

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਸ਼ਿਰਕਤ ਕਰਕੇ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ
ਪਿਛਲੇ ਵਰ੍ਹੇ ਦੀ ਤਰ੍ਹਾਂ ਇਸ ਸਾਲ ਵੀ ਆਪਣੀ ਜਿੰਮੇਵਾਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵੇ ਹਰ ਮੁਲਾਜਮ-ਸੰਦੀਪ ਹੰਸ

ਪਟਿਆਲਾ, 3 ਜਨਵਰੀ:- ਨਵੇਂ ਵਰ੍ਹੇ 2022 ਦੇ ਪਹਿਲੇ ਕੰਮ ਵਾਲੇ ਦਿਨ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਇੱਥੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਅਤੇ ਸ਼ਬਦ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਕੁਲਵੰਤ ਸਿੰਘ ਕਿਲਾ ਮੁਬਾਰਕ ਦੇ ਰਾਗੀ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਇਸ ਦੌਰਾਨ ਵਾਤਾਵਰਣ ਦੀ ਸ਼ੁੱਧਤਾ ਲਈ ਸਮੂਹ ਸੰਗਤ ਨੂੰ ਬੂਟੇ ਵੀ ਵੰਡੇ ਗਏ। ਇਸ ਸਮਾਗਮ ਮੌਕੇ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁੱਭਕਾਮਨਾਵਾਂ ਦਿਤੀਆਂ। ਸ੍ਰੀ ਹੰਸ ਨੇ ਉਮੀਦ ਜਤਾਈ ਕਿ ਸਮੂਹ ਅਧਿਕਾਰੀ ਤੇ ਕਰਮਚਾਰੀ ਜਿਸ ਤਰ੍ਹਾਂ ਪਿਛਲੇ ਵਰ੍ਹੇ 'ਚ ਆਪਣੀ ਡਿਊਟੀ ਇਮਾਨਦਾਰੀ, ਤਨਦੇਹੀ ਤੇ ਪੂਰੀ ਲਗਨ ਨਾਲ ਨਿਭਾਉਂਦੇ ਰਹੇ ਹਨ, ਉਸੇ ਤਰ੍ਹਾਂ ਹੀ ਇਸ ਸਾਲ 'ਚ ਵੀ ਸਾਰੇ ਜਣੇ ਆਪਣੇ ਫ਼ਰਜ਼ ਤੇ ਡਿਊਟੀ ਸਮਰਪਣ ਭਾਵਨਾਂ ਨਾਲ ਨਿਭਾਉਣਗੇ। ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਆਸ ਹੈ ਕਿ ਹਰੇਕ ਸਰਕਾਰੀ ਅਧਿਕਾਰੀ ਤੇ ਕਰਮਚਾਰੀ, 2022 'ਚ ਲੋਕ ਸੇਵਾ ਨੂੰ ਸਮਰਪਿਤ ਰਹੇਗਾ ਅਤੇ ਪੰਜਾਬ ਸਰਕਾਰ ਵੱਲੋਂ ਉਲੀਕੀਆਂ ਯੋਜਨਾਵਾਂ ਤੇ ਪ੍ਰੋਗਰਾਮਾਂ ਦਾ ਲਾਭ, ਹੇਠਲੇ ਪੱਧਰ ਤੱਕ ਲਾਭਪਾਤਰੀਆਂ ਨੂੰ ਪੁੱਜਦਾ ਕਰਨ ਲਈ ਆਪਣਾ ਯੋਗਦਾਨ ਪਾਵੇਗਾ। ਇਸ ਤੋਂ ਇਲਾਵਾ ਚੋਣ ਜਾਬਤਾ ਲੱਗਣ 'ਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ, ਵਿਧਾਨ ਸਭਾ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਨਿਰਵਿਘਨ ਮੁਕੰਮਲ ਕਰਨ 'ਚ ਆਪਣੀ ਬਣਦੀ ਭੂਮਿਕਾ ਨਿਭਾਏਗਾ। ਇਸ ਮੌਕੇ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ, ਜ਼ਿਲ੍ਹਾ ਮਾਲ ਅਫ਼ਸਰ ਮੁਕੇਸ਼ ਕੁਮਾਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਹਰਦੇਵ ਸਿੰਘ ਆਸੀ, ਸੁਪਰਡੈਂਟ ਹਰਜੀਤ ਸਿੰਘ, ਇਸ ਸਮਾਗਮ ਨੂੰ ਕਰਵਾਉਣ ਵਾਲੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀ ਸ. ਲਾਲ ਸਿੰਘ ਸਮੇਤ ਵੱਡੀ ਗਿਣਤੀ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੂੰ ਬੂਟੇ ਦੇ ਕੇ ਸਨਮਾਨਤ ਕੀਤਾ ਗਿਆ ਜਦਕਿ ਡਿਪਟੀ ਕਮਿਸ਼ਨਰ ਨੇ ਆਏ ਮੁਲਾਜਮਾਂ ਨੂੰ ਬੂਟੇ ਵੰਡੇ। ਗੁਰਦੁਆਰਾ ਅਨੰਦ ਨਗਰ-ਏ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਰੂਪ ਸਿੰਘ ਭੰਗੂ ਨੇ ਸ੍ਰੀ ਸੰਦੀਪ ਹੰਸ ਤੇ ਹੋਰਨਾਂ ਨੂੰ ਸਿਰੋਪਾਉ ਬਖ਼ਸ਼ਿਸ਼ ਕਰਕੇ ਸਨਮਾਨਤ ਕੀਤਾ।