ਸ਼ਹੀਦ ਭਗਤ ਸਿੰਘ ਨਗਰ ਵਿੱਚ 70.1 ਪ੍ਰਤੀਸ਼ਤ ਵੋਟਰਾਂ ਨੇ ਪਾਈਆਂ ਵੋਟਾਂ


ਬਲਾਚੌਰ ਵਿੱਚ ਸਭ ਤੋਂ ਵੱਧ 73.8 ਪ੍ਰਤੀਸ਼ਤ ਮਤਦਾਨ ਦਰਜ ਕੀਤਾ ਗਿਆ ਜਦਕਿ ਬੰਗਾ 69.4 ਨਾਲ ਦੂਜੇ ਸਥਾਨ 'ਤੇ ਅਤੇ ਨਵਾਂਸ਼ਹਿਰ 67.6 ਨਾਲ ਤੀਜੇ ਸਥਾਨ 'ਤੇ ਰਿਹਾ

ਨਵਾਂਸ਼ਹਿਰ, 20 ਫਰਵਰੀ- :-ਸ਼ਹੀਦ ਭਗਤ ਸਿੰਘ ਨਗਰ ਵਿੱਚ ਪੈਂਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਐਤਵਾਰ ਨੂੰ ਇਨ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਕੁੱਲ 70.1 ਫ਼ੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਵਿਧਾਨ ਸਭਾ ਹਲਕਿਆਂ ਵਿੱਚ ਵੋਟਿੰਗ ਦੀ ਸਮੁੱਚੀ ਪ੍ਰਕਿਰਿਆ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਬਿਨਾਂ ਕਿਸੇ ਰੁਕਾਵਟ ਦੇ ਮੁਕੰਮਲ ਹੋਈ। ਉਨ੍ਹਾਂ ਕਿਹਾ ਕਿ ਵੋਟਰਾਂ ਨੇ ਬਿਨਾਂ ਕਿਸੇ ਡਰ ਅਤੇ ਭੈਅ ਦੇ ਵੋਟਾਂ ਵਿੱਚ ਹਿੱਸਾ ਲੈ ਕੇ ਆਪਣੀ ਵੋਟ ਪਾਈ। 
ਉੁਨ੍ਹਾਂ ਦੱਸਿਆ ਕਿ ਬਲਾਚੌਰ ਵਿੱਚ ਸਭ ਤੋਂ ਵੱਧ 73.8 ਪ੍ਰਤੀਸ਼ਤ ਮਤਦਾਨ ਦਰਜ ਕੀਤਾ ਗਿਆ ਜਦਕਿ ਬੰਗਾ 69.4 ਨਾਲ ਦੂਜੇ ਸਥਾਨ 'ਤੇ ਅਤੇ ਨਵਾਂਸ਼ਹਿਰ 67.6 ਨਾਲ ਤੀਜੇ ਸਥਾਨ 'ਤੇ ਰਿਹਾ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸ਼ਾਮ ਨੂੰ ਮਤਦਾਨ ਪ੍ਰਕਿਰਿਆ ਮੁਕੰਮਲ ਹੋਣ ਬਾਅਦ ਪੋਲਿੰਗ ਪਾਰਟੀਆਂ ਵੱਲੋਂ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਵਿਖੇ ਸਥਾਪਿਤ 'ਈ ਵੀ ਐਮ ਰਿਸੀਵਿੰਗ ਸੈਂਟਰਾਂ' ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ ਵੀ ਐਮ) ਅਤੇ ਵੋਟਰ-ਵੈਰੀਫਾਈਡ ਪੇਪਰ ਆਡਿਟ ਟ੍ਰੇਲ (ਵੀ ਵੀ ਪੈਟ) ਮਸ਼ੀਨਾਂ ਇਕੱਠੀਆਂ ਕੀਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਇਹ ਮਸ਼ੀਨਾਂ ਸਟਰੌਂਗ ਰੂਮਜ਼ 'ਤੇ ਸਥਾਨਕ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਦੇ ਸਖ਼ਤ ਸੁਰੱਖਿਆ ਘੇਰੇ ਵਿੱਚ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀਂ 24 ਘੰਟੇ ਨਿਗਰਾਨੀ ਹੇਠ ਰੱਖੀਆਂ ਜਾਣਗੀਆਂ।
ਸ੍ਰੀ ਸਾਰੰਗਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 10 ਮਾਰਚ ਨੂੰ ਸਵੇਰੇ 8 ਵਜੇ ਹੋਵੇਗੀ, ਜਿਸ ਦੌਰਾਨ ਵੋਟਾਂ ਦੀ ਗਿਣਤੀ ਲਈ ਗਿਣਤੀ ਕੇਂਦਰਾਂ ਵਿੱਚ ਲੋੜੀਂਦਾ ਕਾਊਂਟਿੰਗ ਸਟਾਫ਼ ਤਾਇਨਾਤ ਕੀਤਾ ਜਾਵੇਗਾ।