ਡੀ ਸੀ ਨੇ ਵੋਟਰਾਂ ਨੂੰ ਐਤਵਾਰ ਨੂੰ ਮਤਦਾਨ ਦਾ ਨਵਾਂ ਰਿਕਾਰਡ ਬਣਾਉਣ ਦੀ ਅਪੀਲ ਕੀਤੀ
ਨਵਾਂਸ਼ਹਿਰ, 19 ਫਰਵਰੀ;- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵੋਟਰਾਂ ਨੂੰ ਪੰਜਾਬ ਵਿੱਚ ਸਭ ਤੋਂ ਵਧੇਰੇ ਮਤਦਾਨ ਕਰਨ ਲਈ ਪ੍ਰੇਰਿਤ ਕਰਨ ਲਈ ਨਵੀਂ ਪਹਿਲਕਦਮੀ ਕਰਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਨੇ ਕਲਾਕਾਰਾਂ ਦੀ ਇੱਕ ਟੀਮ, ਜਿਸ ਦੇ ਦੋ ਮੈਂਬਰਾਂ ਨੇ ਚਮਕੀਲਾ ਪੰਜਾਬੀ ਭੰਗੜਾ ਸੂਟ ਪਹਿਨੇ ਹੋਏ 'ਲਾਈਵ ਸ਼ੇਰਾ' ਦੀ ਪੁਸ਼ਾਕ ਪਹਿਨੀ ਹੋਈ ਸੀ, ਰਾਹੀਂ ਜਨਤਕ ਥਾਵਾਂ, ਬਾਜ਼ਾਰਾਂ ਵਿੱਚ ਵੱਡੀ ਗਿਣਤੀ ਵਿੱਚ ਮਤਦਾਨ ਬਾਰੇ ਜਾਗਰੂਕਤਾ ਪੈਦਾ ਕੀਤੀ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਇਹ ਮੁਹਿੰਮ ਪਹਿਲਾਂ ਤੋਂ ਹੀ ਚੱਲ ਰਹੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਦਾ ਹਿੱਸਾ ਹੈ। ਉਨ੍ਹਾਂ ਦੱਸਿਆ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਲ੍ਹਿੇ ਵਿੱਚ 77.40 ਵੋਟ ਪ੍ਰਤੀਸ਼ਤਤਾ ਦਰਜ ਕੀਤੀ ਗਈ ਸੀ ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ 66.72 ਵੋਟ ਪ੍ਰਤੀਸ਼ਤਤਾ ਦਰਜ ਕੀਤੀ ਗਈ ਸੀ।
ਸ੍ਰੀ ਸਾਰੰਗਲ ਨੇ ਵੋਟਰਾਂ ਨੂੰ ਵੋਟਿੰਗ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਕਿਉਂਕਿ ਉਨ੍ਹਾਂ ਦੀ ਸਰਗਰਮ ਸ਼ਮੂਲੀਅਤ ਨਾਲ ਲੋਕਤੰਤਰ ਮਜ਼ਬੂਤ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡਾ ਰਾਜ ਪੰਜ ਸਾਲਾਂ ਬਾਅਦ ਚੋਣਾਂ ਦਾ ਸਭ ਤੋਂ ਵੱਡਾ ਤਿਉਹਾਰ ਦੇਖ ਰਿਹਾ ਹੈ ਅਤੇ ਹਰ ਕਿਸੇ ਨੂੰ ਆਪਣੀ ਵੋਟ ਪਾਉਣ ਲਈ ਨਾ ਸਿਰਫ ਬਾਹਰ ਨਿਕਲਣਾ ਚਾਹੀਦਾ ਹੈ ਸਗੋਂ ਦੂਜਿਆਂ ਨੂੰ ਵੀ ਵੋਟ ਪਾਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਕ ਵੋਟ ਵੀ ਬਹੁਤ ਵੱਡਾ ਫਰਕ ਲਿਆ ਸਕਦੀ ਹੈ, ਇਸ ਲਈ ਹਰੇਕ ਵੋਟਰ ਨੂੰ ਬਿਨਾਂ ਕਿਸੇ ਦਬਾਅ ਦੇ ਆਪਣੀ ਵੋਟ ਸਹੀ ਢੰਗ ਨਾਲ ਪਾਉਣੀ ਚਾਹੀਦੀ ਹੈ।