10 ਮਾਰਚ ਨੂੰ ਗਿਣਤੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ 300 ਕਰਮਚਾਰੀਆਂ ਦਾ ਕਾਊਂਟਿੰਗ ਸਟਾਫ

ਨਵਾਂਸ਼ਹਿਰ, 4 ਮਾਰਚ :- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁੱਕਰਵਾਰ ਨੂੰ ਤਿੰਨਾਂ ਵਿਧਾਨ ਸਭਾ ਹਲਕਿਆਂ ਬੰਗਾ, ਨਵਾਂਸ਼ਹਿਰ ਅਤੇ ਬਲਾਚੌਰ ਵਿੱਚ ਵੋਟਾਂ ਦੀ ਗਿਣਤੀ ਲਈ 10 ਮਾਰਚ ਨੂੰ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਲਈ ਟ੍ਰੇਨਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਐਸ.ਡੀ.ਐਮਜ਼ ਨਵਨੀਤ ਕੌਰ ਬੱਲ, ਡਾ: ਬਲਜਿੰਦਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਮਾਸਟਰ ਟ੍ਰੇਨਰ, ਪਿ੍ਰੰਸੀਪਲ ਸੁਰਿੰਦਰ ਪਾਲ ਅਗਨੀਹੋਤਰੀ ਨੇ ਚੋਣ ਅਮਲੇ ਨੂੰ ਵੋਟਾਂ ਦੀ ਗਿਣਤੀ ਦੌਰਾਨ ਅਪਣਾਏ ਜਾਣ ਵਾਲੇ ਅਹਿਮ ਨੁਕਤਿਆਂ ਬਾਰੇ ਜਾਣੂ ਕਰਵਾਇਆ। ਦੋਵੇਂ ਐਸ.ਡੀ.ਐਮਜ਼ ਅਤੇ ਮਾਸਟਰ ਟ੍ਰੇਨਰ ਨੇ ਉਨ੍ਹਾਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਤੋਂ ਵੋਟਾਂ ਦੀ ਗਿਣਤੀ ਕਰਨ ਦੇ ਢੰਗ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਅੱਗੇ ਦੱਸਿਆ ਕਿ ਬਲਾਚੌਰ ਹਲਕੇ ਦੀਆਂ ਵੋਟਾਂ ਦੀ ਗਿਣਤੀ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਂਟ ਕਾਲਜ, ਬੰਗਾ ਵਿਧਾਨ ਸਭਾ ਲਈ ਗੁਰੂ ਨਾਨਕ ਕਾਲਜ ਫ਼ਾਰ ਵੂਮੈਨ ਵਿੱਚ ਹੋਵੇਗੀ ਅਤੇ ਇਸੇ ਤਰ੍ਹਾਂ ਨਵਾਂਸ਼ਹਿਰ ਦੀਆਂ ਵੋਟਾਂ ਦੀ ਗਿਣਤੀ ਰਾਹੋਂ ਦੇ ਦੋਆਬਾ ਕਾਲਜ ਵਿੱਚ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਹੋਵੇਗੀ।   ਸ੍ਰੀ ਸਾਰੰਗਲ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ 300 ਦੇ ਕਰੀਬ ਗਿਣਤੀ ਅਮਲੇ ਨੂੰ ਗਿਣਤੀ ਕੇਂਦਰਾਂ ਵਿੱਚ ਸੁਚਾਰੂ ਢੰਗ ਨਾਲ ਚਲਾਉਣ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਿਣਤੀ ਦੌਰਾਨ ਸਟਾਫ਼ ਨੂੰ ਟੀਮਾਂ ਵਿੱਚ ਵੰਡਿਆ ਜਾਵੇਗਾ ਅਤੇ ਹਰੇਕ ਮੇਜ਼ 'ਤੇ ਚਾਰ ਮੈਂਬਰ ਹੋਣਗੇ ਅਤੇ ਹਰੇਕ ਥਾਂ 'ਤੇ ਦੋ-ਦੋ ਹਾਲਾਂ ਵਿੱਚ 7-7 ਟੇਬਲ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਵੋਟਾਂ ਦੀ ਗਿਣਤੀ ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਿਣਤੀ ਅਮਲੇ ਲਈ ਰਿਹਰਸਲ ਅਤੇ ਸਿਖਲਾਈ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਉਸ ਦਿਨ ਆਪਣੀ ਡਿਊਟੀ ਨੂੰ ਸੁਚੱਜੇ ਢੰਗ ਨਾਲ ਨਿਭਾ ਸਕਣ ਅਤੇ ਉਨ੍ਹਾਂ ਦੇ ਮਨਾਂ ਵਿੱਚ ਆਪਣੀ ਡਿਊਟੀ ਪ੍ਰਤੀ ਕਿਸੇ ਕਿਸਮ ਦਾ ਕੋਈ ਸ਼ੱਕ ਨਾ ਹੋਵੇ।
ਉਨ੍ਹਾਂ ਕਿਹਾ ਕਿ ਗਿਣਤੀ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ, ਸੀ.ਏ.ਪੀ.ਐਫ. ਦੇ ਜਵਾਨਾਂ ਦੀ ਭਾਰੀ ਤਾਇਨਾਤੀ, ਵੀਡੀਓਗ੍ਰਾਫੀ ਸਮੇਤ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਕਾਊਂਟਿੰਗ ਸਟਾਫ਼ ਦੀ ਅਗਲੀ ਟਰੇਨਿੰਗ 8 ਮਾਰਚ ਨੂੰ ਸਬੰਧਤ ਐਸ ਡੀ ਐਮ ਕਮ ਰਿਟਰਨਿੰਗ ਅਫ਼ਸਰਾਂ ਦੇ ਪੱਧਰ 'ਤੇ ਹੋਵੇਗੀ।