ਕੋਵਿਡ-19 ਟੀਕਾਕਰਨ ਪੂਰਾ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ : ਸਿਵਲ ਸਰਜਨ ਡਾ. ਦਵਿੰਦਰ ਢਾਂਡਾ


ਸਿਵਲ ਸਰਜਨ ਨੇ 12-14 ਉਮਰ ਵਰਗ ਦੇ ਸਾਰੇ ਬੱਚਿਆਂ ਲਈ ਕੋਵਿਡ ਟੀਕਾਕਰਨ ਮੁਹਿੰਮ ਦੀ ਕੀਤੀ ਸ਼ੁਰੂਆਤ 

ਡਾ. ਦਵਿੰਦਰ ਢਾਂਡਾ ਨੇ ਯੋਗ ਲਾਭਪਾਤਰੀਆਂ ਨੂੰ ਸੰਕ੍ਰਮਣ ਤੋਂ ਬਚਾਅ ਲਈ ਟੀਕਾਕਰਨ ਕਰਵਾਉਣ ਲਈ ਕਿਹਾ

ਨਵਾਂਸ਼ਹਿਰ, 17 ਮਾਰਚ 2022:- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਨੇ ਰਾਸ਼ਟਰੀ ਟੀਕਾਕਰਨ ਦਿਵਸ ਮੌਕੇ ਜ਼ਿਲ੍ਹੇ ਵਿੱਚ ਕੋਵਿਡ ਤੋਂ ਬਚਾਅ ਲਈ 12 ਤੋਂ 14 ਸਾਲ ਉਮਰ ਵਰਗ ਦੇ ਸਾਰੇ ਬੱਚਿਆਂ ਦੇ ਕੋਵਿਡ-19 ਟੀਕਾਕਰਨ ਦੀ ਸ਼ੁਰੂਆਤ ਕਰ ਦਿੱਤੀ ਹੈ। ਜ਼ਿਲ੍ਹੇ ਵਿੱਚ 12 ਤੋਂ 14 ਸਾਲ ਉਮਰ ਵਰਗ ਦੇ ਕੁੱਲ 19091 ਬੱਚਿਆਂ ਦੇ ਟੀਕਾਕਰਨ ਦਾ ਟੀਚਾ ਰੱਖਿਆ ਗਿਆ ਹੈ।

ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਵੀਰਵਾਰ ਨੂੰ ਸਥਾਨਕ ਕਮਿਊਨਿਟੀ ਹੈਲਥ ਸੈਂਟਰ ਰਾਹੋਂ ਵਿਖੇ 12-14 ਸਾਲ ਦੀ ਉਮਰ ਦੇ ਬੱਚਿਆਂ ਨੂੰ ਕੋਵਿਡ ਦੀ ਇਸ ਘਾਤਕ ਬਿਮਾਰੀ ਤੋਂ ਬਚਾਉਣ ਲਈ ਟੀਕਾਕਰਨ ਮੁਹਿੰਮ ਦਾ ਉਦਘਾਟਨ ਕੀਤਾ।

ਇਸ ਮੌਕੇ ਜ਼ਿਲ੍ਹੇ ਵਿੱਚ ਇਸ ਮੁਹਿੰਮ ਨੂੰ ਜੰਗੀ ਪੱਧਰ 'ਤੇ ਚਲਾਉਣ 'ਤੇ ਜ਼ੋਰ ਦਿੰਦਿਆਂ ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਕਿਹਾ ਕਿ 12-14 ਸਾਲ ਦੀ ਉਮਰ ਦੇ ਬੱਚਿਆਂ ਨੂੰ 'ਕੋਰਬੀਵੈਕਸ' ਵੈਕਸੀਨ ਲਗਾਈ ਜਾ ਰਹੀ ਹੈ ਜੋ ਕਿ ਬੱਚਿਆਂ ਵਿੱਚ ਕੋਰੋਨਾ ਵਾਇਰਸ ਦੇ ਗੰਭੀਰ ਸੰਕ੍ਰਮਣ ਦੇ ਖ਼ਤਰੇ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ। ਬੱਚਿਆਂ ਨੂੰ 28 ਦਿਨਾਂ ਦੇ ਵਕਫੇ ਬਾਅਦ ਕੋਰਬੀਵੈਕਸ ਦੀ ਦੂਜੀ ਖੁਰਾਕ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ 15 ਮਾਰਚ 2010 ਜਾਂ ਇਸ ਤੋਂ ਪਹਿਲਾਂ ਪੈਦਾ ਹੋਏ ਕੁੱਲ 19091 ਬੱਚੇ ਵੈਕਸੀਨ ਲਗਵਾਉਣ ਦੇ ਯੋਗ ਹਨ। ਉਨ੍ਹਾਂ ਮਾਪਿਆਂ, ਚੁਣੇ ਹੋਏ ਨੁਮਾਇੰਦਿਆਂ, ਵਲੰਟੀਅਰਾਂ ਅਤੇ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਇਹ ਟੀਕਾ ਲਗਵਾਉਣਾ ਯਕੀਨੀ ਬਣਾਉਣ।

ਸਿਵਲ ਸਰਜਨ ਨੇ ਸੀਨੀਅਰ ਮੈਡੀਕਲ ਅਫ਼ਸਰ ਡਾ ਪ੍ਰਤਿਭਾ ਵਰਮਾ ਨੂੰ ਹਦਾਇਤ ਦਿੰਦੇ ਹੋਏ ਕਿਹਾ ਕਿ ਉਹ ਇਸ ਉਮਰ ਵਰਗ ਦੇ ਬੱਚਿਆਂ ਦੇ ਟੀਕਾਕਰਨ ਲਈ ਟੀਕਾਕਰਨ ਕੇਂਦਰਾਂ ਵਿੱਚ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਤਾਂ ਜੋ ਲਾਭਪਾਤਰੀਆਂ ਨੂੰ ਟੀਕਾ ਲਗਵਾਉਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। 
ਡਾ. ਢਾਂਡਾ ਨੇ ਜ਼ਿਲ੍ਹੇ ਦੇ ਹੋਰ ਯੋਗ ਲੋਕਾਂ ਨੂੰ ਵੀ ਕੋਵਿਡ ਵੈਕਸੀਨ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ, ਕਿਉਂਕਿ ਇਹ ਬਹੁਤ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ। ਉਨ੍ਹਾਂ ਕਿਹਾ ਕਿ ਇਹ ਟੀਕਾ ਇਸ ਲਾਗ ਦੀ ਬਿਮਾਰੀ ਦੀ ਗੰਭੀਰਤਾ ਨੂੰ ਘਟਾਉਂਦਾ ਹੈ, ਇਸ ਲਈ ਅਦਿੱਖ ਦੁਸ਼ਮਣ ਵਿਰੁੱਧ ਜੰਗ ਜਿੱਤਣ ਲਈ ਲੋਕਾਂ ਨੂੰ ਇਸ ਨੂੰ ਦਿਲੋਂ ਸਵੀਕਾਰ ਕਰਨਾ ਚਾਹੀਦਾ ਹੈ। ਜੇਕਰ ਕੋਈ ਵੀ ਮੁਕੰਮਲ ਟੀਕਾਕਰਨ ਵਾਲੇ ਵਿਅਕਤੀ ਕਰੋਨਾ ਵਾਇਰਸ ਦੇ ਸੰਪਰਕ ਵਿੱਚ ਆ ਜਾਂਦਾ ਹੈ ਤਾਂ ਇਹ ਬਿਮਾਰੀ ਉਸ ਵਿਅਕਤੀ ਲਈ ਜਾਨਲੇਵਾ ਨਹੀਂ ਬਣਦੀ।

ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ, ਸੀਨੀਅਰ ਮੈਡੀਕਲ ਅਫ਼ਸਰ ਡਾ ਪ੍ਰਤਿਭਾ ਵਰਮਾ, ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਜਗਤ ਰਾਮ, ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ, ਸੁਸ਼ੀਲ ਕੁਮਾਰ, ਅੰਮ੍ਰਿਤਪਾਲ ਸਿੰਘ, ਏ.ਐੱਨ.ਐੱਮ ਹਰਜਿੰਦਰ ਕੌਰ, ਮਨਦੀਪ ਸਿੰਘ, ਗੁਲਸ਼ਨ ਕੁਮਾਰ ਸਮੇਤ ਵਿਭਾਗ ਦੇ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।