ਗੁਆਂਢੀ ਦੇਸ਼ਾਂ ਤੋਂ ਪੋਲੀਓ ਵਾਇਰਸ ਦੇ ਫੈਲਾਅ ਦਾ ਖ਼ਤਰਾ ਬਰਕਰਾਰ, ਹਰ ਵਾਰ ਬੂੰਦਾਂ ਜ਼ਰੂਰੀ : ਸਿਵਲ ਸਰਜਨ ਡਾ. ਦਵਿੰਦਰ ਢਾਂਡਾ


 ਪੋਲੀਓ ਬੂੰਦਾਂ ਪਿਲਾਉਣ ਦੇ ਟੀਚੇ ਨੂੰ 100 ਫੀਸਦੀ ਕੀਤਾ ਹਾਸਿਲ
- ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਆਖ਼ਰੀ ਦਿਨ 9857 ਬੱਚਿਆਂ ਨੂੰ ਪਿਲਾਈਆਂ ਗਈਆਂ 'ਜ਼ਿੰਦਗੀ ਦੀਆਂ ਦੋ ਬੂੰਦਾਂ'

ਨਵਾਂਸ਼ਹਿਰ, 1 ਮਾਰਚ 2022 :- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਆਖਰੀ ਦਿਨ ਅੱਜ ਜ਼ੀਰੋ ਤੋਂ ਪੰਜ ਸਾਲ ਤੱਕ ਦੇ 9857 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾਈਆਂ ਗਈਆਂ, ਜਿਸ ਨਾਲ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲ਼ਾਉਣ ਲਈ ਕੁੱਲ ਨਿਰਧਾਰਤ ਕੀਤੇ ਟੀਚੇ ਨੂੰ 100 ਫੀਸਦੀ ਤੋਂ ਵੱਧ ਪ੍ਰਾਪਤ ਕਰ ਲਿਆ ਗਿਆ ਹੈ।  
 
ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਨੇ ਦੱਸਿਆ ਕਿ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਆਖਰੀ ਦਿਨ ਜਿਲ੍ਹੇ ਅੰਦਰ ਕੁੱਲ 9857 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਪਹਿਲੇ ਦਿਨ 29476 ਬੱਚਿਆਂ ਅਤੇ ਦੂਜੇ ਦਿਨ 14591 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 53,044 ਬੱਚਿਆਂ ਨੂੰ ਬੂੰਦਾਂ ਪਿਲਾਉਣ ਦਾ ਟੀਚਾ ਰੱਖਿਆ ਗਿਆ ਸੀ, ਜਿਸ ਨੂੰ ਪਿਛਲੇ ਤਿੰਨ ਦਿਨਾਂ ਦੌਰਾਨ 53924 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲ਼ਾ ਕੇ ਤਕਰੀਬਨ 101.65 ਫੀਸਦੀ ਹਾਸਿਲ ਕਰ ਲਿਆ ਗਿਆ ਹੈ।

ਡਾ ਢਾਂਡਾ ਨੇ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿੱਚ ਕੁੱਲ 6127, ਬੰਗਾ ਵਿੱਚ 2762, ਰਾਹੋਂ ਵਿੱਚ 1484, ਬਲਾਚੌਰ ਅਰਬਨ ਵਿੱਚ 3281, ਮੁਜੱੱਫਰਪੁਰ ਵਿੱਚ 10768, ਮੁਕੰਦਪੁਰ ਵਿੱਚ 6821, ਸੁੱਜੋਂ ਵਿੱਚ 9721, ਸੜੋਆ ਵਿੱਚ 5294, ਬਲਾਚੌਰ ਰੂਰਲ ਵਿੱਚ 7666 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। 

ਉਨ੍ਹਾਂ ਦੱਸਿਆ ਕਿ ਸਾਲ 2011 ਤੋਂ ਬਾਅਦ ਭਾਰਤ ਵਿੱਚ ਪੋਲੀਓ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਫਿਰ ਵੀ ਸਾਡੇ ਗੁਆਂਢੀ ਦੇਸ਼ ਪਾਕਿਸਤਾਨ ਅਤੇ ਅਫਗਾਨਿਸਤਾਨ ਤੋਂ ਪੋਲਿਓ ਵਾਇਰਸ ਦੇ ਫੈਲਾਅ ਦਾ ਖਤਰਾ ਬਰਕਰਾਰ ਹੈ। ਇਸ ਲਈ ਮਾਪਿਆਂ ਨੂੰ ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਹਰ ਵਾਰ ਪੋਲੀਓ ਰੋਕੂ ਬੂੰਦਾਂ ਪਿਲਾਉਣੀਆਂ ਚਾਹੀਦੀਆਂ ਹਨ।