ਡੀ ਸੀ ਨੇ ਈ ਵੀ ਐਮਜ਼ ਦੇ ਗੋਦਾਮ ਦਾ ਨਿਰੀਖਣ ਕੀਤਾ

ਗਿਣਤੀ ਤੋਂ ਬਾਅਦ ਸਖ਼ਤ ਸੁਰੱਖਿਆ ਹੇਠ  ਈ ਵੀ ਐਮਜ਼ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੀ ਚੌਥੀ ਮੰਜ਼ਿਲ 'ਤੇ ਰੱਖਿਆ ਜਾਵੇਗਾ
ਨਵਾਂਸ਼ਹਿਰ, 3 ਮਾਰਚ :- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੀਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ  ਪੁਲਿਸ ਬਲਾਕ ਦੀ ਚੌਥੀ ਮੰਜ਼ਿਲ 'ਤੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ ਵੀ ਐਮ) ਦੇ ਸਟੋਰ ਦਾ ਨਿਰੀਖਣ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 10 ਮਾਰਚ ਨੂੰ ਵੋਟਾਂ ਦੀ ਗਿਣਤੀ ਖਤਮ ਹੋਣ ਤੋਂ ਤੁਰੰਤ ਬਾਅਦ ਸਾਰੀਆਂ ਈ.ਵੀ.ਐਮਜ਼ ਇੱਥੇ ਰੱਖ ਦਿੱਤੀਆਂ ਜਾਣਗੀਆਂ। ਅਧਿਕਾਰੀਆਂ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਨੂੰ 24 ਘੰਟੇ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਈ.ਵੀ.ਐਮਜ਼ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਸੁਰੱਖਿਆ ਘੇਰਾ 24 ਘੰਟੇ ਤਾਇਨਾਤ ਰਹੇਗਾ। ਸ੍ਰੀ ਸਾਰੰਗਲ ਨੇ ਕਿਹਾ ਕਿ ਤਿੰਨ ਵਿਧਾਨ ਸਭਾ ਹਲਕਿਆਂ ਦੀਆਂ ਈ.ਵੀ.ਐਮਜ਼ ਨੂੰ ਵੱਖਰੇ ਤੌਰ 'ਤੇ ਰੱਖਣ ਨੂੰ ਯਕੀਨੀ ਬਣਾਉਣ ਲਈ ਸਹੀ ਮਾਰਕਿੰਗ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਪੂਰੀ ਹੋਣ ਤੋਂ ਬਾਅਦ ਵਿਧਾਨ ਸਭਾ ਦੇ ਤਿੰਨ ਹਲਕਿਆਂ ਨਾਲ ਸਬੰਧਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ ਵੀ ਐਮਜ਼) ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (ਵੀ ਵੀ ਪੀ ਏ ਟੀ) ਮਸ਼ੀਨਾਂ ਲਿਆ ਕੇ ਇੱਥੇ ਰੱਖੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਿਣਤੀ ਕੇਂਦਰਾਂ 'ਤੇ ਈ.ਵੀ.ਐਮਜ਼ ਲਗਾਤਾਰ ਸੀ.ਸੀ.ਟੀ.ਵੀ. ਨਿਗਰਾਨੀ ਹੇਠ ਹਨ ਅਤੇ ਸਟਰਾਂਗ ਰੂਮਾਂ ਦੇ ਬਾਹਰ ਸੂਬਾ ਪੁਲਿਸ, ਪੰਜਾਬ ਆਰਮਡ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਇਸ ਨੂੰ ਤਿੰਨ ਪੱਧਰੀ ਸੁਰੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।