ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਗਵਾਈ ਵਿੱਚ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਸਾਈਕਲ ਰੈਲੀ

ਨਵਾਂਸ਼ਹਿਰ, 22 ਮਾਰਚ:-  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ. ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜੁਡੀਸ਼ੀਅਲ ਅਧਿਕਾਰੀਆ ਵੱਲੋਂ ਅੱਜ  ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ। ਇਹ ਜਾਗਰੂਕਤਾ ਸਾਈਕਲ ਰੈਲੀ  ਸ਼ੈਸਨ ਹਾੳੂਸ ਤੋਂ ਸ਼ੁਰੂ ਹੋ ਕੇ ਕੋਰਟ ਕੰਪਲੈਕਸ ਤੱਕ ਸੰਪੂਰਨ ਹੋਈ।
ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ. ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਜਾਗਰੂਕਤਾ ਸਾਈਕਲ ਰੈਲੀ ਦਾ ਮੁੱਖ ਮੰਤਵ ਆਮ ਲੋਕਾਂ ਨੂੰ  'ਬੇਟੀ ਬਚਾਓ ਬੇਟੀ ਪੜ੍ਹਾਓ, ਰੁੱਖ ਲਗਾਓ, ਨਸ਼ਿਆਂ ਨੂੰ ਰੋਕਣ' ਦੀ ਮੁਹਿੰਮ ਨੂੰ ਅੱਗੇ ਵਧਾਣਾ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਬਾਰੇ ਜਾਗਰੂਕ ਕਰਨਾ ਹੈ ਅਤੇ ਉਨ੍ਹਾਂ ਕਿਹਾ ਕਿ ਅਸੀਂ ਸਾਰਿਆ ਨੇ ਇਹ ਫੈਸਲਾ ਕੀਤਾ ਹੈ ਕਿ ਅਸੀ ਸਾਰੇ ਹਫ਼ਤੇ ਵਿੱਚ ਇੱਕ ਵਾਰੀ 'ਨੋ ਕਾਰ ਡੇਅ' ਰੱਖਾਂਗੇ ਜਿਸ ਤਹਿਤ ਕਾਰਾਂ ਨੂੰ ਛੱਡ ਕੇ ਪੈਦਲ ਜਾਂ ਸਾਈਕਲ ਰਾਹੀ ਦਫ਼ਤਰ ਆਇਆ ਜਾਵੇਗਾ ਤਾਂ ਜੋ ਇਸ ਨਾਲ ਦੇਸ਼ ਦੀ ਉਨਤੀ ਵਿੱਚ ਕੁੱਝ ਨਾ ਕੁੱਝ ਯੋਗਦਾਨ ਪਾਇਆ ਜਾ ਸਕੇ। ਇਸ ਤੋਂ ਇਲਾਵਾ ਆਮ ਲੋਕਾਂ  ਨੂੰ 'ਬੇਟੀਆ ਵੀ ਅਣਮੁੱਲਾ ਧਨ ਹਨ' ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਅੱਗੇ ਲੈ ਕੇ ਜਾਣ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਬੇਟੀਆ ਨੂੰ ਵੱਧ ਤੋ ਵੱਧ ਪੜ੍ਹਾ ਕੇ ਹੀ ਚੰਗੇ ਸਮਾਜ ਦੀ ਸਿਰਜਨਾ ਕੀਤੀ ਜਾ ਸਕਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਾਨੂੰ ਵੱਧ ਤੋ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ  ਵਾਤਾਵਰਣ ਨੂੰ ਬਚਾਇਆ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਨੂੰ ਇਸ ਸਮਾਜ ਵਿੱਚੋਂ ਖਤਮ ਕਰਨਾ ਤੇ ਨੌਜੁਆਨ ਪੀੜ੍ਹੀ ਨੂੰ ਬਚਾਉਣਾ ਵੀ ਇਸ ਰੈਲੀ ਦਾ ਤੀਸਰਾ ਪ੍ਰਮੁੱਖ ਉਦੇਸ਼ ਹੈ। ਇਸ ਤੋਂ ਇਲਾਵਾ ਕਿਹਾ ਕਿ ਹਵਾ ਪ੍ਰਦੂਸ਼ਣ ਨੂੰ ਘਟਾਉਣਾ ਅਤੇ ਇੱਕ ਸੁਰੱਖਿਅਤ ਵਾਤਾਵਰਣ ਵਿੱਚ ਪੈਦਲ ਚੱਲਣ ਅਤੇ ਸਾਈਕਲ ਚਲਾਉਣ ਨੂੰ ਉਤਸ਼ਾਹਿਤ ਕਰਨਾ ਵੀ ਸ਼ਾਮਲ ਹੈ ਅਤੇ ਉਥੇ ਹੀ ਸਿਹਤ ਦੀ ਤੰਦਰੁਸਤੀ ਸਬੰਧੀ  ਵੀ ਲੋਕਾਂ ਨੂੰ ਸੁਚੇਤ ਕਰਨਾ ਵੀ ਇਸ ਰੈਲੀ ਦਾ ਉਦੇਸ਼ ਹੈ। ਉਨਾਂ ਨੇ ਕਿਹਾ ਕਿ ਚੰਗੀ ਸਿਹਤ ਨਾਲ ਹੀ ਜੀਵਨ ਦੀਆਂ ਸਾਰੀਆਂ ਸਹੂਲਤਾਂ ਦਾ ਆਨੰਦ ਮਾਣਿਆ ਜਾ ਸਕਦਾ ਹੈ।