ਨੈਸ਼ਨਲ ਗ੍ਰੀਨ ਟਿ੍ਰਬਿਊਨਲ ਦੀ ਨਿਗਰਾਨ ਕਮੇਟੀ ਨੇ ਅਧਿਕਾਰੀਆਂ ਨੂੰ ਠੋਸ ਕੂੜਾ ਪ੍ਰਬੰਧਨ ਅਤੇ ਨਿਕਾਸੀ ਪਾਣੀ ਪ੍ਰਬੰਧਨ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ

ਨਵਾਂਸ਼ਹਿਰ, 28 ਮਾਰਚ :- ਨੈਸ਼ਨਲ ਗ੍ਰੀਨ ਟਿ੍ਰਬਿਊਨਲ (ਐਨ ਜੀ ਟੀ) ਦੀ ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ (ਸੇਵਾਮੁਕਤ) ਜਸਬੀਰ ਸਿੰਘ ਦੀ ਅਗਵਾਈ ਵਿੱਚ ਸੋਮਵਾਰ ਨੂੰ ਜ਼ਿਲ੍ਹੇ ਵਿੱਚ ਪੁੱਜੀ ਕਮੇਟੀ, ਜਿਸ ਵਿੱਚ ਸਾਬਕਾ ਮੁੱਖ ਸਕੱਤਰ ਐਸ.ਸੀ. ਅਗਰਵਾਲ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਬਾਬੂ ਰਾਮ ਵੀ ਸ਼ਾਮਿਲ ਸਨ, ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਠੋਸ ਰਹਿੰਦ-ਖੂੰਹਦ ਪ੍ਰਬੰਧਨ ਪ੍ਰੋਜੈਕਟਾਂ, ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਵਾਤਾਵਰਣ ਸੁਰੱਖਿਅਣ ਨਾਲ ਜੁੜੇ ਹੋਰ ਕੰਮਾਂ ਨੂੰ ਤੈਅ ਸਮੇਂ ਵਿੱਚ ਪੂਰਾ ਕਰਨਾ ਯਕੀਨੀ ਬਣਾਉਣ ਲਈ ਕਿਹਾ।
             ਇਸ ਮੌਕੇ ਬਾਬਾ ਸੀਚੇਵਾਲ ਨੇ ਅਧਿਕਾਰੀਆਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਨੂੰ ਹੋਰ ਪਲੀਤ ਹੋੋਣ ਤੋਂ ਬਚਾਉਣ ਲਈ ਐਨ ਜੀ ਟੀ ਵੱਲੋਂ ਦਿੱਤੇ ਜਾ ਰਹੇ ਦਿਸ਼ਾ-ਨਿਰਦੇਸ਼ਾਂ ਨੂੰ ਪੂਰੀ ਭਾਵਨਾ ਨਾਲ ਲਾਗੂ ਕਰਨ ਅਤੇ ਮੰਨਣ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਧਰਤੀ, ਹਵਾ ਅਤੇ ਪਾਣੀ ਦੇ ਸੋਮਿਆਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਅ ਲਿਆ ਤਾਂ ਸਾਡੀਆਂ ਅਗਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਹੋ ਜਾਵੇਗਾ ਨਹੀਂ ਤਾਂ ਅਸੀਂ ਉਨ੍ਹਾਂ ਆਉਣ ਵਾਲੀਆਂ ਪੀੜ੍ਹੀਆਂ ਦੇ ਗੁਨਾਹਗਾਰ ਵਜੋਂ ਜਾਣੇ ਜਾਵਾਂਗੇ।
          ਨਿਗਰਾਨ ਕਮੇਟੀ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਠੋਸ ਰਹਿੰਦ-ਖੂੰਹਦ ਪ੍ਰਬੰਧਨ ਵਾਲੀਆਂ ਥਾਵਾਂ, ਪਸ਼ੂਆਂ ਦੀਆਂ ਮਿ੍ਰਤਕ ਦੇਹਾਂ ਦੀ ਸੰਭਾਲ ਵਾਲੀਆਂ ਥਾਂਵਾਂ ਦੇ ਆਲੇ-ਦੁਆਲੇ ਹਰੀ ਪੱਟੀ ਅਤੇ ਚਾਰਦੀਵਾਰੀ ਬਣਾਉਣ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਇਸ ਤੋਂ ਇਲਾਵਾ ਸੀ.ਸੀ.ਟੀ.ਵੀ. ਕੈਮਰੇ ਅਤੇ ਪੀਜ਼ੋਮੀਟਰ ਡੰਪਿੰਗ ਸਾਈਟਾਂ 'ਤੇ ਵੀ ਸਥਾਪਿਤ ਕੀਤਾ ਜਾਣਾ ਚਾਹੀਦਾ ਹੈ।
        ਨਿਗਰਾਨ ਕਮੇਟੀ ਦੇ ਮੈਂਬਰਾਂ ਨੇ ਅਧਿਕਾਰੀਆਂ ਨੂੰ ਈ-ਕੂੜਾ ਇਕੱਠਾ ਕਰਨ ਵਾਲੇ ਕੇਂਦਰਾਂ ਦੀ ਨਿਸ਼ਾਨਦੇਹੀ ਕਰਨ ਲਈ ਵੀ ਕਿਹਾ ਤਾਂ ਜੋ ਲੋਕ ਉੱਥੇ ਈ-ਕੂੜਾ ਡੰਪ ਕਰ ਸਕਣ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਹਵਾ ਪ੍ਰਦੂਸ਼ਣ ਦੀ ਨਿਗਰਾਨੀ ਲਈ ਸਟੇਸ਼ਨ ਸਥਾਪਤ ਕਰਨ ਲਈ ਵੀ ਕਿਹਾ।
ਕਮੇਟੀ ਨੇ ਕਿਹਾ ਕਿ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਣਾ ਚਾਹੀਦਾ ਹੈ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਾਤਾਵਰਣ ਦੇ ਸੁਰੱਖਿਅਣ ਨੂੰ 'ਸਭ ਤੋਂ ਵੱਧ ਤਰਜੀਹ' ਦੇਣ ਤਾਂ ਜੋ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਅਤ ਭਵਿੱਖ ਦੇ ਸਕੀਏ।
         ਇਸ ਤੋਂ ਇਲਾਵਾ, ਕਮੇਟੀ ਨੇ ਪੁਲਿਸ ਵਿਭਾਗ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਹਰੇਕ ਐਸ ਐਚ ਓ ਕੋਲ ਆਪਣੇ ਖੇਤਰਾਂ ਵਿੱਚ ਸ਼ੋਰ ਪੱਧਰ ਦੀ ਨਿਗਰਾਨੀ ਕਰਨ ਲਈ ਬਾਰੰਬਾਰਤਾ ਮੀਟਰ ਉਪਲਬਧ ਹੋਣੇ ਯਕੀਨੀ ਬਣਾਏ ਜਾਣ। ਉਨ੍ਹਾਂ ਖ਼ਾਮੋਸ਼ ਜ਼ੋਨ ਵਾਲੇ ਖੇਤਰਾਂ ਵਿੱਚ ਸਾਈਨ ਬੋਰਡ ਲਗਾਉਣ ਲਈ ਵੀ ਕਿਹਾ।
        ਇਸੇ ਤਰ੍ਹਾਂ ਕਮੇਟੀ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲੇ ਦੇ ਕੂੜਾ ਡੰਪਿੰਗ ਪੁਆਇੰਟਾਂ ਨੂੰ ਖਤਮ ਕਰਨ ਵਿੱਚ ਪ੍ਰਸ਼ਾਸਨ ਦੀ ਮਦਦ ਕਰਨ ਲਈ ਘਰਾਂ ਵਿੱਚ ਹੀ ਰਹਿੰਦ-ਖੂੰਹਦ ਨੂੰ ਗਿੱਲੇ ਅਤੇ ਸੁੱਕੇ ਰੂਪ ਵਿੱਚ ਅਲੱਗ-ਅਲੱਗ ਕਰਨ ਤੋਂ ਬਾਅਦ ਸਫ਼ਾਈ ਸੇਵਕਾਂ ਨੂੰ ਸੌਂਪਣ।
 ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਐਨ.ਜੀ.ਟੀ. ਦੁਆਰਾ ਦਿਸ਼ਾ-ਨਿਰਦੇਸ਼ਾਂ ਦੀ ਨਿਰਧਾਰਿਤ ਸਮੇਂ ਵਿੱਚ ਪਾਲਣਾ ਯਕੀਨੀ ਬਣਾਏਗਾ ਅਤੇ ਇਨ੍ਹਾਂ ਹਦਾਇਤਾਂ ਨੂੰ ਸ਼ਹਿਰੀ ਅਤੇ ਪੇਂਡੂ ਖੇਤਰਾਂ 'ਚ ਲਾਗੂ ਕਰੇਗਾ।   
        ਜ਼ਿਲ੍ਹੇ ਦੇ ਉੱਚ ਅਧਿਕਾਰੀਆਂ, ਜਿਨ੍ਹਾਂ ਵਿੱਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਏ ਡੀ ਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਏ ਡੀ ਸੀ (ਸ਼ਹਿਰੀ ਵਿਕਾਸ) ਅਮਿਤ ਸਰੀਨ ਅਤੇ ਹੋਰ ਪ੍ਰਮੁੱਖ ਵਿਭਾਗਾਂ ਪੀ ਪੀ ਸੀ ਬੀ (ਪ੍ਰਦੂਸ਼ਣ ਰੋਕਥਾਮ), ਡਰੇਨੇਜ, ਸਥਾਨਕ ਸਰਕਾਰਾਂ, ਜਲ ਸਪਲਾਈ ਤੇ ਸੀਵਰੇਜ ਬੋਰਡ, ਸਿਹਤ ਵਿਭਾਗ, ਪੰਚਾਇਤ ਅਤੇ ਪੇਂਡੂ ਵਿਕਾਸ, ਉਦਯੋਗ ਅਤੇ ਹੋਰਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਚੇਅਰਮੈਨ ਜਸਟਿਸ (ਸੇਵਾਮੁਕਤ) ਜਸਬੀਰ ਸਿੰਘ ਨੇ ਕਿਹਾ ਕਿ ਅਧਿਕਾਰੀਆਂ ਨੂੰ ਜ਼ਿਲ੍ਹਾ ਪਲਾਨ, ਵੱਖ-ਵੱਖ ਪ੍ਰਾਜੈਕਟਾਂ ਨੂੰ ਲਾਗੂ ਕਰਨ 'ਚ ਡੀ.ਪੀ.ਆਰ. ਤਿਆਰ ਕਰਨ, ਲਾਗੂ ਹੋਣ ਦੀ ਮਿਤੀ ਅਤੇ ਮੁਕੰਮਲ ਹੋਣ ਸਮੇਤ ਪ੍ਰੋਜੈਕਟਾਂ ਦੇ ਹਰੇਕ ਹਿੱਸੇ ਦੀ ਸਮਾਂ ਸੀਮਾ ਤੈਅ ਕਰਨੀ ਹੋਵੇਗੀ ਅਤੇ ਕਮੇਟੀ ਵੱਲੋਂ ਬਕਾਇਦਾ ਵੱਖ-ਵੱਖ ਸਾਈਟਾਂ ਦੌਰਾ ਕਰਕੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਜਾਂਚ ਵੀ ਕੀਤੀ ਜਾਵੇਗੀ।