ਗੁਲੂਕੋਮਾ ਸਥਾਈ ਨੇਤਰਹੀਣਤਾ ਦੇ ਮੁੱਖ ਕਾਰਨਾਂ ਵਿੱਚੋਂ ਇਕ : ਸਿਵਲ ਸਰਜਨ ਡਾ. ਦਵਿੰਦਰ ਢਾਂਡਾ

 ਜ਼ਿਲ੍ਹੇ ਵਿੱਚ ਵਿਸ਼ਵ ਗਲੋਕੋਮਾ ਦਿਵਸ ਦੇ ਸੰਦਰਭ ਵਿੱਚ ਲਗਾਏ ਜਾਣਗੇ ਅੱਖਾਂ ਦੇ ਮੁਫਤ ਵਿਸ਼ੇਸ਼ ਜਾਂਚ ਕੈਂਪ

ਨਵਾਂਸ਼ਹਿਰ, 6 ਮਾਰਚ 2022:- ਸਿਵਲ ਸਰਜਨ ਡਾ. ਦਵਿੰਦਰ ਢਾਂਡਾ ਜੀ ਦੀ ਯੋਗ ਅਗਵਾਈ ਹੇਠ ਸਿਹਤ ਸਿਹਤ ਵੱਲੋਂ ਜ਼ਿਲ੍ਹੇ ਵਿੱਚ 6 ਤੋਂ 12 ਮਾਰਚ ਤੱਕ ਵਿਸ਼ਵ ਗੁਲੂਕੋਮਾ ਹਫ਼ਤਾ ਮਨਾਇਆ ਜਾ ਰਿਹਾ ਹੈ।

ਇਸ ਸਬੰਧੀ ਸਿਵਲ ਸਰਜਨ ਡਾ ਦਵਿੰਦਰ ਢਾਂਡਾ ਨੇ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਕਾਲਾ ਮੋਤੀਆ ਦੀ ਜਾਂਚ ਲਈ 6 ਵਿਸ਼ੇਸ਼ ਸਕਰੀਨਿੰਗ ਕੈਂਪ ਲਗਾਉਣ ਦੀ ਯੋਜਨਾ ਉਲੀਕੀ ਗਈ ਹੈ। 7 ਮਾਰਚ ਨੂੰ ਕਮਿਊਨਿਟੀ ਹੈਲਥ ਸੈਂਟਰ, ਬੰਗਾ, 8 ਮਾਰਚ ਨੂੰ ਕਮਿਊਨਿਟੀ ਹੈਲਥ ਸੈਂਟਰ, ਮੁਕੰਦਪੁਰ, 9 ਮਾਰਚ ਨੂੰ ਕਮਿਊਨਿਟੀ ਹੈਲਥ ਸੈਂਟਰ, ਰਾਹੋਂ, 10 ਮਾਰਚ ਨੂੰ ਕਮਿਊਨਿਟੀ ਹੈਲਥ ਸੈਂਟਰ, ਸੜੋਆ, 11 ਮਾਰਚ ਨੂੰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਅਤੇ 12 ਮਾਰਚ ਨੂੰ ਸਬ ਡਿਵੀਜ਼ਨ ਹਸਪਤਾਲ ਬਲਾਚੌਰ ਵਿਖੇ ਵਿਸ਼ੇਸ਼ ਕੈਂਪ ਲਗਾਏ ਜਾਣਗੇ, ਜਿਸ ਵਿਚ ਅੱਖਾਂ ਦੇ ਮਾਹਿਰ ਡਾਕਟਰ ਆਮ ਲੋਕਾਂ ਖ਼ਾਸ ਕਰਕੇ 40 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਅੱਖਾਂ ਦੀ ਜਾਂਚ ਕਰਨਗੇ।

ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਕਾਲਾ ਮੋਤੀਆ ਸਥਾਈ ਨੇਤਰਹੀਨਤਾ ਦੇ ਮੁੱਖ ਕਾਰਨਾਂ ਵਿੱਚੋਂ ਇੱਕ ਅਹਿਮ ਕਾਰਨ ਹੈ। ਕਾਲੇ ਮੋਤੀਏ ਦੇ ਲੱਛਣਾਂ ਵਿੱਚ ਅਸਾਧਾਰਨ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਨ ਲਈ ਚਸ਼ਮੇ ਦਾ ਵਾਰ-ਵਾਰ ਬਦਲਨਾ, ਪ੍ਰਕਾਸ਼ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਲਾਲੀ ਨਾਲ ਦ੍ਰਿਸ਼ਟੀ ਦੀ ਅਚਾਨਕ ਹਾਨੀ, ਦ੍ਰਿਸ਼ਟੀ ਦਾ ਸੀਮਿਤ ਹੋਣਾ ਆਦਿ ਸ਼ਾਮਿਲ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਜੇਕਰ ਸਮੇਂ ਸਿਰ ਕਾਲੇ ਮੋਤੀਏ ਦਾ ਪਤਾ ਲੱਗ ਜਾਵੇ ਤਾਂ ਇਸ ਦਾ ਇਲਾਜ ਸੰਭਵ ਹੈ। ਉਨ੍ਹਾਂ ਕਿਹਾ ਕਿ 40 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਸਾਲ ਵਿੱਚ ਇੱਕ ਵਾਰ ਆਪਣੀਆਂ ਅੱਖਾਂ ਦਾ ਪ੍ਰੈਸ਼ਰ ਚੈੱਕ ਕਰਵਾਉਣਾ ਚਾਹੀਦਾ ਹੈ ਤਾਂ ਕਿ ਸਮੇ ਸਿਰ ਕਾਲੇ ਮੋਤੀਏ ਦੀ ਪਛਾਣ ਕਰਕੇ ਇਸ ਦਾ ਇਲਾਜ ਕੀਤਾ ਜਾ ਸਕੇ।

ਉਨ੍ਹਾਂ ਇਹ ਵੀ ਦੱਸਿਆ ਕਿ ਪੂਰੇ ਹਫਤੇ ਦੌਰਾਨ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਗੁਲੂਕੋਮਾ ਦੀ ਬਿਮਾਰੀ ਤੋਂ ਬਚਾਅ ਬਾਰੇ ਜਾਗਰੂਕ ਵੀ ਕੀਤਾ ਜਾਵੇਗਾ। ਇਸ ਹਫ਼ਤੇ ਦੌਰਾਨ ਸਿਹਤ ਸੰਸਥਾਵਾਂ ਵਿੱਚ ਲਗਾਏ ਜਾਣ ਵਾਲੇ ਗੁਲੂਕੋਮਾ ਸਕਰੀਨਿੰਗ ਕੈਂਪਾਂ ਬਾਰੇ ਵੱਖ-ਵੱਖ ਮਾਧਿਆਮਾਂ ਰਾਹੀਂ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇਗੀੇ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਕੈਂਪਾਂ ਵਿੱਚ ਭਾਗ ਲੈ ਕੇ ਆਪਣੀ ਜਾਂਚ ਕਰਵਾ ਸਕਣ ।

ਵਿਸ਼ਵ ਗਲੋਕੋਮਾ ਹਫ਼ਤੇ ਸਬੰਧੀ ਜਾਗਰੂਕਤਾ ਲਈ ਇੱਕ ਆਡੀਓ ਸੰਦੇਸ਼ ਵੀ ਤਿਆਰ ਕੀਤਾ ਗਿਆ ਹੈ, ਜਿਸ ਨੂੰ ਸ਼ੋਸ਼ਲ ਮੀਡੀਆ ਰਾਹੀਂ ਵੱਧ ਤੋਂ ਵੱਧ ਸ਼ੇਅਰ ਕੀਤਾ ਜਾਵੇਗਾ ਅਤੇ ਇਸ ਨੂੰ ਧਾਰਮਿਕ ਸਥਾਨਾਂ ਰਾਹੀਂ ਵੀ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਜਿਨ੍ਹਾਂ ਮਰੀਜ਼ਾਂ ਨੂੰ ਜਾਂਚ ਤੋਂ ਬਾਅਦ ਅਪਰੇਸ਼ਨ ਦੀ ਜ਼ਰੂਰਤ ਹੋਵੇਗੀ, ਉਨ੍ਹਾਂ ਦਾ ਅਪਰੇਸ਼ਨ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫ਼ਤ ਕੀਤਾ ਜਾਵੇਗਾ।

ਸਿਵਲ ਸਰਜਨ ਨੇ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ ਹੈ ਤਾਂ ਜੋ ਕੁਦਰਤ ਦੇ ਅਣਮੋਲ ਤੋਹਫੇ ਅੱਖਾਂ ਦੀ ਰੌਸ਼ਨੀ ਨੂੰ ਤਾਉਮਰ ਬਰਕਰਾਰ ਰੱਖਿਆ ਜਾ ਸਕੇ।