ਕੈਬਨਿਟ ਮੰਤਰੀਆਂ ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ

ਕੌਮ ਸ਼ਹੀਦਾਂ ਦੀ ਸਦਾ ਰਿਣੀ ਰਹੇਗੀ- ਕਟਾਰੂਚੱਕ ਤੇ ਭੁੱਲਰ
ਖਟਕੜ ਕਲਾਂ, (ਸ.ਬ. ਨਗਰ), 23 ਮਾਰਚ :-  ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ।  ਲੋਕਾਂ ਨੂੰ ਸ਼ਹੀਦਾਂ ਦੇ ਨਕਸ਼ੇ-ਕਦਮਾਂ 'ਤੇ ਚੱਲਣ ਦਾ ਸੱਦਾ ਦਿੰਦਿਆਂ ਕੈਬਨਿਟ ਮੰਤਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦੇ ਰਾਜ ਨੂੰ ਸ਼ਾਂਤਮਈ, ਬਰਾਬਰੀ ਵਾਲਾ ਅਤੇ ਭ੍ਰਿਸ਼ਟਾਚਾਰ ਮੁਕਤ ਸਮਾਜ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।  ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਸ਼ਹੀਦਾਂ ਦੀ ਕੁਰਬਾਨੀ ਅਤੇ ਸ਼ਹਾਦਤ ਦੇ ਰਿਣੀ ਹਾਂ ਜਿਨ੍ਹਾਂ ਨੇ ਸਾਡੇ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ।  ਉਨ੍ਹਾਂ ਕਿਹਾ ਕਿ ਸ਼ਹੀਦਾਂ ਦਾ ਜੀਵਨ ਅਤੇ ਫਲਸਫਾ ਲੋਕਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ।  ਉਨ੍ਹਾਂ ਲੋਕਾਂ ਨੂੰ ਭਾਰਤੀ ਸੰਵਿਧਾਨ ਦੇ ਆਦਰਸ਼ਾਂ ਅਤੇ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਸ਼ਹੀਦਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਵੀ ਕਿਹਾ।  ਪਿੰਡ ਦੀ ਪੰਚਾਇਤ ਵੱਲੋਂ ਰੱਖੀ ਗਈ ਮੰਗ ਨੂੰ ਪ੍ਰਵਾਨ ਕਰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਐਲਾਨ ਕੀਤਾ ਕਿ ਖਟਕੜ ਕਲਾਂ ਬੱਸ ਅੱਡੇ 'ਤੇ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਰੋਕਣ ਲਈ ਲੋੜੀਂਦੇ ਆਦੇਸ਼ ਜਾਰੀ ਕੀਤੇ ਜਾਣਗੇ।

Virus-free. www.avast.com