ਡੀ ਸੀ ਨੇ ਕਣਕ ਦੀ ਖਰੀਦ ਸਬੰਧੀ ਤਿਆਰੀਆਂ ਦੇ ਜਾਇਜ਼ੇ ਲਈ ਮੀਟਿੰਗ ਕੀਤੀ

ਜ਼ਿਲ੍ਹੇ 'ਚ ਖਰੀਦ ਸੀਜ਼ਨ ਦੌਰਾਨ 2.82 ਲੱਖ ਮੀਟਰਕ ਟਨ ਕਣਕ ਦੀ ਆਮਦ ਦੀ ਸੰਭਾਵਨਾ
ਨਵਾਂਸ਼ਹਿਰ, 3 ਮਾਰਚ:  ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਵੀਰਵਾਰ ਨੂੰ ਖਰੀਦ ਪ੍ਰਬੰਧਾਂ ਨਾਲ ਜੁੜੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ, ਅਗਲੇ ਮਹੀਨੇ ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਤਾਂ ਜੋ ਇੱਕ-ਇੱਕ ਦਾਣੇ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ।  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਖਰੀਦ ਕਰਨਾ ਪ੍ਰਸ਼ਾਸਨ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਆਗਾਮੀ ਸੀਜ਼ਨ ਦੌਰਾਨ ਮੰਡੀਆਂ ਵਿੱਚ 2.82 ਲੱਖ ਮੀਟਰਕ ਟਨ ਕਣਕ ਦੀ ਆਮਦ ਦੀ ਉਮੀਦ ਹੈ ਅਤੇ ਪਿਛਲੇ ਸਾਲ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ 2.75 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ। ਸ਼੍ਰੀ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 71008 ਹੈਕਟੇਅਰ ਰਕਬਾ ਕਣਕ ਦੀ ਕਾਸ਼ਤ ਹੇਠ ਹੈ ਅਤੇ ਖਰੀਦ ਲਈ 30 ਅਨਾਜ ਮੰਡੀਆਂ ਹਨ।   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੀ ਸਹੂਲਤ ਦੇ ਮੱਦੇਨਜ਼ਰ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਟਰਾਂਸਪੋਰਟਰਾਂ ਨੂੰ ਟੈਂਡਰ ਅਲਾਟ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਪੂਰੀ ਕਰ ਲਈ ਜਾਵੇਗੀ।
 ਉਨ੍ਹਾਂ ਸਮੂਹ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਇਹ ਵੀ ਕਿਹਾ ਕਿ ਸੀਜ਼ਨ ਦੌਰਾਨ ਕਣਕ ਦੇ ਖਰੀਦ ਕਾਰਜਾਂ ਦੀ ਖੁਦ ਨਿਗਰਾਨੀ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੀਜ਼ਨ ਦੌਰਾਨ ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਸਮੇਂ ਸਿਰ ਖਰੀਦ ਅਤੇ ਅਦਾਇਗੀ ਯਕੀਨੀ ਬਣਾਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਸਹਾਇਕ ਕਮਿਸ਼ਨਰ (ਜ) ਦੀਪਾਂਕਰ ਗਰਗ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਧੂ, ਜ਼ਿਲ੍ਹਾ ਮੰਡੀ ਅਫ਼ਸਰ ਸਵਰਣ ਸਿੰਘ, ਪਨਗ੍ਰੇਨ ਤੋਂ ਚਰਨਜੀਤ ਸਿੰਘ ਆਦਿ ਹਾਜ਼ਰ ਸਨ।